ਸ੍ਰੀ ਆਨੰਦਪੁਰ ਸਾਹਿਬ (ਵੈੱਬ ਡੈਸਕ, ਸ਼ਮਸ਼ੇਰ ਸਿੰਘ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦੇਸ਼ ਦੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ ਮੌਕੇ ਕਿਸਾਨਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਗਏ ਸੂਬਾ ਪੱਧਰੀ ਮਸਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤ ਮਜ਼ਦੂਰ ਅਤੇ ਬੇਜ਼ਮੀਨੇ ਕਿਸਾਨਾਂ ਦਾ ਕਰੋੜਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।
ਦਰਅਸਲ ਆਨੰਦਪੁਰ ਸਾਹਿਬ ਦੇ ਸ੍ਰੀ ਦਸ਼ਮੇਸ਼ ਅਕੈਡਮੀ ਵਿਖੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰ ਦੀ ਕਰਜ਼ਾ ਰਾਹਤ ਯੋਜਨਾ ਸ਼ੁਰੂ ਕੀਤੀ ਗਈ। ਇਸ ਦੌਰਾਨ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਰੀਬ 526 ਕਰੋੜ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪ੍ਰਮਾਣ ਪੱਤਰ ਵੀ ਭੇਟ ਕੀਤੇ ਗਏ। ਇਸ ਦੇ ਨਾਲ ਹੀ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਕੈਪਟਨ ਨੇ ਕਿਹਾ ਕਿ 2017 ’ਚ ਵਨ ਟਾਈਮ ਸੈਟਲਮੈਂਟ ਪਾਲਿਸੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਛੋਟੇ ਕਿਸਾਨਾਂ ਵਾਸਤੇ ਉਨ੍ਹਾਂ ਦਾ 4700 ਕਰੋੜ ਤੱਕ ਦਾ ਕਰਜ਼ਾ ਮੁਆਫ਼ ਕੀਤਾ ਸੀ। ਫਿਰ ਹੁਣ ਬੇਜ਼ਮੀਨੇ ਕਿਸਾਨਾਂ ਦਾ 526 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਰਹੇ ਹਾਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 526 ਕਰੋੜ ਰੁਪਏ ਦੇ ਕਰਜ਼ੇ 31 ਜੁਲਾਈ 2017 ਨੂੰ ਉਨ੍ਹਾਂ ਦੇ ਸਹਿਕਾਰੀ ਕਰਜ਼ਿਆਂ ’ਤੇ ਬਣਦੀ ਅਸਲ ਰਕਮ ਅਤੇ 6 ਮਾਰਚ 2019 ਤੱਕ ਉਪਰੋਕਤ ਰਕਮ ’ਤੇ ਸਾਲਾਨਾ 7 ਫ਼ੀਸਦੀ ਆਮ ਵਿਆਜ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਧਿਆਨ ਦੇਣ ਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ 5.85 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 4700 ਕਰੋਡ਼ ਰੁਪਏ ਦੇ ਕਰਜ਼ੇ (2 ਲੱਖ ਰੁਪਏ ਪ੍ਰਤੀ ਤੱਕ ਦੇ ਫਸਲੀ ਕਰਜ਼ੇ) ਮੁਆਫ਼ ਕਰ ਦਿੱਤੇ ਸਨ।
ਇਹ ਵੀ ਪੜ੍ਹੋ: ਜਲੰਧਰ ਦੇ ਬਿਧੀਪੁਰ ਫਾਟਕ ਨੇੜੇ ਵਾਪਰਿਆ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ
ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ’ਤੇ ਬੈਠੇ ਕਿਸਾਨਾਂ ਵੱਲ ਕੇਂਦਰ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਦਿੱਲੀ ਦੀਆਂ ਸਰੱਹਦਾਂ ’ਤੇ ਬੈਠੇ ਕਿਸਾਨਾਂ ਦੇ ਨਾਲ ਸਾਰਾ ਪੰਜਾਬ ਉਨ੍ਹਾਂ ਦੇ ਨਾਲ ਖੜ੍ਹਾ ਹੈ ਪਰ ਕੇਂਦਰ ਸਰਕਾਰ ਨੂੰ ਉਨ੍ਹਾਂ ਕਿਸਾਨਾਂ ’ਤੇ ਕੋਈ ਵੀ ਰਹਿਮ ਨਹੀਂ ਹੈ।
ਕੇਂਦਰ ਸਰਕਾਰ ’ਤੇ ਵਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਕੋਈ ਅਜਿਹੀ ਚੀਜ਼ ਨਹੀਂ ਜਿਸ ਨੂੰ ਅਸੀਂ ਬਦਲ ਨਹੀਂ ਸਕਦੇ। ਉਨ੍ਹਾਂ ਕਿਹਾ ਕਿ 1950 ਤੋਂ ਲੈ ਕੇ ਹੁਣ ਤੱਕ 127 ਵਾਰ ਸੰਵਿਧਾਨ ਨੂੰ ਬਦਲਿਆ ਗਿਆ ਹੈ ਅਤੇ ਕੀ ਇਕ ਵਾਰ ਫਿਰ ਨਹੀਂ ਬਦਲਿਆ ਜਾ ਸਕਦਾ। ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨ ਸਾਡੇ ਲਈ ਨਹੀਂ ਸਗੋਂ ਆਪਣੀ ਆਉਣ ਵਾਲੀ ਪੀੜ੍ਹੀ ਲਈ ਲੜ ਰਹੇ ਹਨ। ਕੇਂਦਰ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਦੀ ਗੱਲਬਾਤ ਸੁਣ ਕੇ ਖੇਤੀ ਕਾਨੂੰਨਾਂ ਨੂੰ ਬਦਲਣਾ ਚਾਹੀਦਾ ਹੈ। ਭਾਰਤ ਸਰਕਾਰ ਖੇਤੀ ਕਾਨੂੰਨਾਂ ਨੂੰ ਇੱਜ਼ਤ ਦਾ ਸਵਾਲ ਬਣਾ ਕੇ ਕਿਉਂ ਅੜੀ ਹੋਈ ਹੈ? ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਪੱਸ਼ਟ ਰੂਪ ਵਿਚ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਹ ਕਾਨੂੰਨ ਰੱਦ ਕਰਨ ਲਈ ਬੇਨਤੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਦਰਦ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਸਾਫ਼ ਤੌਰ ’ਤੇ ਕਿਹਾ ਕਿ ਇਹ ਕਿਸਾਨ ਜ਼ਿਆਦਾਤਰ ਉਹ ਹਨ, ਜਿਨ੍ਹਾਂ ਕੋਲ 2.5 ਏਕੜ ਜ਼ਮੀਨ ਹੈ। ਲੰਮਾ ਸਮਾਂ ਪਹਿਲਾਂ ਆਪਣੀ ਪੋਲੈਂਡ ਫੇਰੀ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਵੇਖਿਆ ਕਿ ਉਸ ਦੇਸ਼ ਵਿਚ ਜ਼ਮੀਨ ਦੀ ਹੱਦਬੰਦੀ ਮੌਜੂਦਾ 40 ਏਕੜ ਤੋਂ ਵਧਾ ਕੇ 100 ਏਕੜ ਕਰ ਦਿੱਤੀ ਗਈ ਸੀ ਕਿਉਂ ਜੋ ਛੋਟੀਆਂ ਜ਼ਮੀਨਾਂ ਵਾਲੇ ਪਰਿਵਾਰ ਆਪਣਾ ਗੁਜ਼ਾਰਾ ਨਹੀਂ ਸਨ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ, ਇਸ ਲਈ ਤੁਸੀਂ ਇਹ ਸੋਚ ਸਕਦੇ ਹੋ ਕਿ ਉਨ੍ਹਾਂ ਲੋਕਾਂ ਦਾ ਕੀ ਹੋਵੇਗਾ ਜਿਨ੍ਹਾਂ ਕੋਲ 2.5 ਏਕੜ ਜ਼ਮੀਨ ਹੈ। ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਿਵੇਂ ਚਲਾਉਣਗੇ ਜੇਕਰ ਨਵੇਂ ਕਾਨੂੰਨ ਉਨ੍ਹਾਂ ’ਤੇ ਥੋਪ ਦਿੱਤੇ ਗਏ।
ਇਸ ਨੁਕਤੇ ਵੱਲ ਧਿਆਨ ਦਿਵਾਉਂਦੇ ਹੋਏ ਕਿ ਤਕਰੀਬਨ 400 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਅਜਿਹੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਮਦਦ ਦੇ ਰਹੀ ਹੈ,ਜਿਨ੍ਹਾਂ ਦਾ ਰੋਜ਼ਗਾਰ ਖੁੱਸ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ 200 ਨੂੰ ਤਾਂ ਨਿਯੁਕਤੀ ਪੱਤਰ ਮਿਲ ਵੀ ਚੁੱਕੇ ਹਨ। ਸਕੀਮ ਦੀ ਸੰਕੇਤਕ ਸ਼ੁਰੂਆਤ ਮੁੱਖ ਮੰਤਰੀ ਨੇ 21 ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਨਿੱਜੀ ਤੌਰ ’ਤੇ ਚੈੱਕ ਵੰਡੇ। ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਆਉਂਦੇ ਕੁਝ ਦਿਨਾਂ ਦੌਰਾਨ ਬਾਕੀ ਸਭਨਾਂ ਨੂੰ ਚੈੱਕ ਵੰਡੇ ਜਾਣਗੇ।
ਇਹ ਵੀ ਪੜ੍ਹੋ: ਜਲੰਧਰ: ਹੁਣ ਜੇਲ੍ਹ ’ਚੋਂ ਨਵੇਂ ਨਾਂ ਨਾਲ ਚਲਾਇਆ ਜਾ ਰਿਹੈ ਸਪਾ ਸੈਂਟਰ, ਖੇਡੀ ਜਾ ਰਹੀ ਫਿਰ ਪੁਰਾਣੀ ਗੰਦੀ ਖੇਡ!
ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਕੋਵਿਡ ਮਹਾਮਾਰੀ ਦੌਰਾਨ ਛੋਟੇ ਵਪਾਰੀਆਂ ਅਤੇ ਸ਼ਹਿਰੀ ਦੁਕਾਨਦਾਰਾਂ ਦੀ ਹਾਲਤ ’ਤੇ ਪ੍ਰਗਟਾਈ ਗਈ ਚਿੰਤਾ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਲੋਕਾਂ ਦੀ ਭਲਾਈ ਲਈ ਵੀ ਕਦਮ ਚੁੱਕੇ ਜਾਣਗੇ ਅਤੇ ਹੋਰ ਲਾਕਡਾਊਨ ਨਹੀਂ ਲਾਗੂ ਕੀਤਾ ਜਾਵੇਗਾ। ਉਨ੍ਹਾਂ ਇਹ ਉਮੀਦ ਜ਼ਾਹਿਰ ਕੀਤੀ ਕਿ ਸੂਬੇ ਵਿਚ ਕੋਵਿਡ ਦੀ ਤੀਜੀ ਲਹਿਰ ਦੀ ਆਮਦ ਨਹੀਂ ਹੋਵੇਗੀ। ਸਪੀਕਰ ਨੇ ਇਸ ਮੌਕੇ ਮੁੱਖ ਮੰਤਰੀ ਵੱਲੋਂ ਕੋਵਿਡ ਖਿਲਾਫ ਵਿੱਢੀ ਗਈ ਫੈਸਲਾਕੁੰਨ ਜੰਗ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਵਿਚ ਗੈਂਗਸਟਰਾਂ ਅਤੇ ਨਸ਼ਿਆਂ ਦੇ ਵਪਾਰ ਦਾ ਲੱਕ ਤੋੜਣ ਤੋਂ ਛੁੱਟ ਕਿਸਾਨੀ ਕਰਜ਼ਿਆਂ ਦੀ ਮੁਆਫ਼ੀ ਅਤੇ ਉਨ੍ਹਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ ਅਦਾਇਗੀ ਕਰਨ ਵਿਚ ਮੁੱਖ ਮੰਤਰੀ ਵੱਲੋਂ ਨਿਭਾਈ ਗਈ ਭੂਮਿਕਾ ਦੀ ਵੀ ਤਾਰੀਫ ਕੀਤੀ।
ਇਹ ਵੀ ਪੜ੍ਹੋ: ਜਲੰਧਰ ਦੇ ਬਿਧੀਪੁਰ ਫਾਟਕ ਨੇੜੇ ਵਾਪਰਿਆ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ
ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਯੂਥ ਕਲੱਬਾਂ ਲਈ ਇਕ ਕਰੋੜ ਰੁਪਏ ਦੀ ਰਕਮ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਰਾਹਤ ਨੂੰ ਰਾਜੀਵ ਗਾਂਧੀ ਦੀ ਸੋਚ ਪੂਰੀ ਕਰਨ ਵੱਲ ਇਕ ਇਤਿਹਾਸਿਕ ਕਦਮ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੂੰ ਵਿਕਾਸਪੁਰਸ਼ ਅਤੇ ਸੂਬੇ ਦੇ ਹੱਕਾਂ ਦਾ ਰਾਖਾ ਕਹਿੰਦੇ ਹੋਏ ਰਾਜਕੁਮਾਰ ਵੇਰਕਾ ਨੇ ਇਹ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਸਕੀਮ ਤਾਂ ‘ਖੁਸ਼ਹਾਲ ਪੰਜਾਬ’ ਵੱਲ ਸਿਰਫ਼ ਪਹਿਲਾ ਕਦਮ ਹੈ। ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਾਕਿਸਤਾਨ ਅਤੇ ਆਈ.ਐੱਸ.ਆਈ. ਦੀ ਵਧਦੀ ਦਖਲਅੰਦਾਜ਼ੀ ’ਤੇ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਚੰਗੀ ਤਰ੍ਹਾਂ ਚਲਾਇਆ ਹੈ ਅਤੇ ਕੋਵਿਡ ਸੰਕਟ ਦਾ ਸਾਹਮਣਾ ਕਰਨ ਵਿਚ ਸ਼ਲਾਘਾਯੋਗ ਅਗਵਾਈ ਕੀਤੀ ਹੈ। ਇਸ ਮੌਕੇ ਹੋਰ ਬੁਲਾਰਿਆਂ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਅਤੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਸੁਸ਼ੀਲ ਕੁਮਾਰ ਰਿੰਕੂ, ਬਰਿੰਦਰ ਸਿੰਘ ਢਿੱਲੋਂ ਪ੍ਰਧਾਨ ਪੰਜਾਬ ਯੂਥ ਕਾਂਗਰਸ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਕਿਸਾਨਾਂ ਨੇ ਲਾਏ ਹਾਈਵੇਅ 'ਤੇ ਡੇਰੇ, ਜਲੰਧਰ ਟ੍ਰੈਫਿਕ ਪੁਲਸ ਨੇ ਡਾਇਵਰਟ ਕੀਤੇ ਰੂਟ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਉਮੀਦ ਦੇ ਬੰਦੇ: ਦੀਵੇ ਦੀ ਅੱਗ ਵੀ ਸੁਫ਼ਨੇ ਨਾ ਝੁਲਸਾ ਸਕੀ, ਪੜ੍ਹੋ IAS ਅਫ਼ਸਰ ਦਾ ਸੰਘਰਸ਼ੀ ਸਫ਼ਰ
NEXT STORY