ਲੁਧਿਆਣਾ (ਵਿੱਕੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸਾਲ 2020-21 ਲਈ ਮਿਸ਼ਨ ਸ਼ਤ ਪ੍ਰਤੀਸ਼ਤ (ਮਿਸ਼ਨ 100 ਫੀਸਦੀ) ਦੀ ਸ਼ੁਰੂਆਤ ਕੀਤੀ ਤਾਂ ਜੋ ਸਕੂਲਾਂ ਨੂੰ ਕੋਵਿਡ ਆਫ਼ਤ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ 372 ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ 2625 ਟੈਬਲੇਟਸ ਵੰਡੇ ਅਤੇ 1467 ਸਮਾਰਟ ਸਕੂਲਾਂ ਦਾ ਵਰਚੁਅਲ (ਆਨਲਾਈਨ) ਢੰਗ ਨਾਲ ਉਦਘਾਟਨ ਕੀਤਾ। ਇਸ ਵਰਚੁਅਲ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ 4000 ਤੋਂ ਵੱਧ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜੁੜੇ ਅਤੇ ਵੈਬਐਕਸ, ਫੇਸਬੁੱਕ ਤੇ ਯੂ.ਟਿਊਬ ਰਾਹੀਂ ਸੂਬੇ ਦੇ ਮੰਤਰੀ, ਵਿਧਾਇਕ, ਅਧਿਕਾਰੀ ਤੇ ਨਾਨ ਟੀਚਿੰਗ ਅਮਲੇ ਦੇ ਮੈਂਬਰ ਵੀ ਜੁੜੇ।
ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ 'ਚ ਵੱਡਾ ਦਾਅ ਖੇਡਣ ਦੀ ਤਿਆਰੀ ਭਾਜਪਾ
ਮੁੱਖ ਮੰਤਰੀ ਨੇ ਇਸ ਮੌਕੇ ਪ੍ਰੀ-ਪ੍ਰਾਇਮਰੀ ਸਕੂਲ ਅਧਿਆਪਕਾਂ ਦੀਆਂ 8393 ਅਸਾਮੀਆਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਸਿੱਖਿਆ ਵਿਭਾਗ ਵੱਲੋਂ ਛੇਤੀ ਹੀ ਭਰਿਆ ਜਾਵੇਗਾ। ਇਸ ਪੱਖ ਵੱਲ ਇਸ਼ਾਰਾ ਕਰਦੇ ਹੋਏ ਕਿ ਉਨ੍ਹਾਂ ਦੀ ਸਰਕਾਰ ਵੱਲੋਂ 14064 ਠੇਕੇ 'ਤੇ ਰੱਖੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਗਈਆਂ ਹਨ, ਉਨ੍ਹਾਂ ਅਧਿਆਪਕਾਂ ਦੀ ਭਲਾਈ ਹਿੱਤ ਚੁੱਕੇ ਗਏ ਕਈ ਕਦਮਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਸਰੀਰਕ ਸਿੱਖਿਆ ਦੀਆਂ ਅਧਿਆਪਕਾਵਾਂ ਬੀਬੀਆਂ ਜੋ ਕਿ 50 ਵਰ੍ਹਿਆਂ ਦੀ ਉਮਰ ਤੋਂ ਘੱਟ ਹਨ, ਨੂੰ ਸਵੈ ਰੱਖਿਆ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੀਆਂ ਸਾਰੀਆਂ ਵਿਦਿਆਰਥਣਾਂ ਨੂੰ ਕਰਾਟੇ ਦੀ ਸਿਖਲਾਈ ਦੇਣ ਦੇ ਸਮਰੱਥ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਮਾਨ ਦਾ ਵੱਡਾ ਬਿਆਨ, ਕਾਂਗਰਸੀ ਖਾਨਾ-ਜੰਗੀ ਦਾ ਖ਼ਮਿਆਜ਼ਾ ਭੁਗਤ ਰਿਹੈ ਪੰਜਾਬ
ਅੱਜ ਪੰਜਾਬੀ ਸਪਤਾਹ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਨੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪਟਿਆਲਾ ਸੈਂਟਰਲ ਲਾਇਬ੍ਰੇਰੀ, ਜੋ ਕਿ ਫੰਡਾਂ ਦੀ ਘਾਟ ਦਾ ਸਾਹਮਣਾ ਕਰ ਰਹੀ ਹੈ, ਦੀ ਮੁੜ ਸੁਰਜੀਤੀ ਲਈ ਇਕ ਵਿਸਥਾਰਤ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਪਟਿਆਲਾ ਦੇ ਪੰਜਾਬੀ ਨਾਲ ਗੂੜ੍ਹੇ ਰਿਸ਼ਤੇ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬੀ, ਪਟਿਆਲਾ ਦੀ ਸਰਕਾਰੀ ਭਾਸ਼ਾ ਫਾਰਸੀ ਦੀ ਥਾਂ 1940 ਵਿਚ ਹੀ ਬਣ ਗਈ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ ਨੇ 1938 ਵਿਚ ਪਹਿਲਾ ਪੰਜਾਬੀ ਟਾਈਪਰਾਈਟਰ ਬਣਾਇਆ ਸੀ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬੀ ਨੂੰ ਕੈਨੇਡਾ ਅਤੇ ਯੂ.ਕੇ. ਵਿਚ ਅਧਿਕਾਰਤ ਭਾਸ਼ਾ ਦਾ ਦਰਜਾ ਮਿਲ ਚੁੱਕਾ ਹੈ ਜਿੱਥੇ ਕਿ ਪੰਜਾਬੀ ਮੂਲ ਦੇ ਲੋਕ ਵੱਡੀ ਗਿਣਤੀ ਵਿਚ ਵਸਦੇ ਹਨ। ਇਸ ਤਰ੍ਹਾਂ ਆਲਮੀ ਪੱਧਰ ਉਤੇ ਪੰਜਾਬੀ ਨੂੰ ਮਾਨਤਾ ਮਿਲ ਚੁੱਕੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਉਤੇ ਮੁਕਾਬਲੇ ਲਈ ਤਿਆਰ ਹੋਣ ਹਿੱਤ ਅੰਗਰੇਜ਼ੀ ਅਤੇ ਹੋਰ ਵਿਦੇਸ਼ੀ ਭਾਸ਼ਾਵਾਂ ਦੀ ਵੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਇਹ ਵੀ ਕਿਹਾ ਕਿ ਪੰਜਾਬੀ ਭਾਸ਼ਾ ਹਰੇਕ ਪੰਜਾਬੀ ਵਿਅਕਤੀ ਦੇ ਦਿਲਾਂ ਅਤੇ ਮਨਾਂ ਵਿਚ ਵਸਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਸਰਕਾਰੀ ਸਕੂਲਾਂ ਵਿਚ 3.7 ਲੱਖ ਵਿਦਿਆਰਥੀਆਂ ਨੇ ਅੰਗਰੇਜ਼ੀ ਮਾਧਿਅਮ ਨੂੰ ਚੁਣਿਆ ਹੈ। ਕੋਵਿਡ ਦੀ ਸਥਿਤੀ ਕਾਰਨ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਵੱਲ ਇਸ਼ਾਰਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਿਸ਼ਨ ਸ਼ਤ ਪ੍ਰਤੀਸ਼ਤ ਦਾ ਮਕਸਦ ਸਕੂਲਾਂ ਵਿਚ ਈ-ਬੁੱਕਸ, ਐਜੂਸੈਟ ਲੈਕਚਰਾਂ, ਈ-ਕੰਟੈਂਟ ਅਤੇ ਜ਼ੂਮ ਐਪ, ਰੇਡੀਓ ਚੈਨਲ, ਟੀ.ਵੀ. ਲੈਕਟਰਾਂ ਦੇ ਪ੍ਰਸਾਰਨ, ਖਾਨ ਅਕੈਡਮੀ ਦੇ ਲੈਕਚਰਾਂ ਅਤੇ ਅਧਿਆਪਕਾਂ ਦੁਆਰਾ ਤਿਆਰ ਵੀਡਿਓ ਲੈਕਚਰਾਂ ਰਾਹੀਂ ਡਿਜੀਟਲ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਆਰਥਿਕ ਰਿਕਵਰੀ ਦੇ ਸੰਕੇਤ, 5 ਮਹੀਨਿਆਂ ਬਾਅਦ ਜੀ. ਐੱਸ. ਟੀ. ਕੁਲੈਕਸ਼ਨ ਫਿਰ ਵਧੀ
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮਿਸ਼ਨ ਨਾਲ ਸਰਕਾਰੀ ਸਕੂਲਾਂ, ਜਿਨ੍ਹਾਂ ਨੇ ਬੀਤੇ ਤਿੰਨ ਵਰ੍ਹਿਆਂ ਦੌਰਾਨ ਬੋਰਡ ਪ੍ਰੀਖਿਆਵਾਂ ਵਿਚ ਨਕਲ ਦੇ ਰੁਝਾਨ ਨੱਥ ਪਾਉਣ ਦੇ ਸੂਬਾ ਸਰਕਾਰ ਦੇ ਫੈਸਲੇ ਮੁਤਾਬਕ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਵਿਚ ਮੋਹਰੀ ਸਥਾਨ ਹਾਸਲ ਕੀਤਾ ਹੈ, ਦਾ ਪੱਧਰ ਸੁਧਾਰਨ ਵਿਚ ਬਹੁਤ ਮੱਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚਲੇ 19107 ਸਰਕਾਰੀ ਸਕੂਲਾਂ ਵਿਚੋਂ ਮੌਜੂਦਾ ਸਮੇਂ 6832 ਸਮਾਰਟ ਸਕੂਲ ਹਨ ਜਿਨ੍ਹਾਂ ਵਿਚ ਅੱਜ 1467 ਹੋਰ ਸਮਾਰਟ ਸਕੂਲਾਂ ਦਾ ਵਾਧਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਕੀ ਬਚਦੇ ਸਕੂਲਾਂ ਨੂੰ ਵੀ ਸਮਾਰਟਬਣਾਉਣ ਲਈ ਛੇਤੀ ਹੀ 13859 ਪ੍ਰੋਜੈਕਟਰ ਪ੍ਰਦਾਨ ਕਰ ਦਿੱਤੇ ਜਾਣਗੇ ਅਤੇ ਸਕੂਲਾਂ ਦੀ ਡਿਜੀਟਾਈਜੇਸ਼ਨ ਲਈ ਬਜਟ ਵਿਚ 100 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ 8393 ਅਸਾਮੀਆਂ ਦਾ ਇਸ਼ਤਿਹਾਰ ਦੇ ਦਿੱਤਾ ਗਿਆ ਪਰ ਹੋਰ ਵੀ ਅਸਾਮੀਆਂ ਛੇਤੀ ਹੀ ਭਰੀਆਂ ਜਾਣਗੀਆਂ। ਸਿੰਗਲਾ ਨੇ ਅੱਗੇ ਜਾਣਕਾਰੀ ਦਿੱਤੀ ਕਿ ਅਧਿਆਪਕਾਂ ਦੇ ਆਨਲਾਈਨ ਤਬਾਦਲਿਆਂ ਦੀ ਨੀਤੀ ਵੀ ਸਰਕਾਰ ਵੱਲੋਂ ਅਪਣਾਈ ਗਈ ਹੈ ਅਤੇ ਮੈਰਿਟ ਅਨੁਸਾਰ ਵੱਖੋ-ਵੱਖ ਮਾਪਦੰਡਾਂ ਉਤੇ ਵਿਚਾਰ ਕਰਦੇ ਹੋਏ ਬੀਤੇ ਵਰ੍ਹੇ 7300 ਤਬਾਦਲੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਅਧਿਆਪਕਾਂ ਦੀ ਸਿੱਧੀ ਭਰਤੀ ਸ਼ੁਰੂ ਕੀਤੀ ਗਈ ਹੈ ਅਤੇ 14000 ਆਰਜ਼ੀ ਅਧਿਆਪਕਾਂ ਦੀ ਸੇਵਾਵਾਂ ਵੀ ਰੈਗਲੂਰ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਮੁਕਤਸਰ : ਕਿਸਾਨਾਂ 'ਤੇ ਟਿੱਪਣੀ ਕਰਨ ਵਾਲੇ ਭਾਜਪਾ ਨੇਤਾ ਨੇ ਮੰਗੀ ਮੁਆਫ਼ੀ
ਇਸ ਮੌਕੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਬਾਰੇ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਇਸਤੇਮਾਲ ਨੂੰ ਹੱਲਾਸ਼ੇਰੀ ਦੇਣ ਤੋਂ ਇਲਾਵਾ ਹੋਰ ਕੀਤੇ ਜਾ ਰਹੇ ਯਤਨਾਂ ਵਿਚ ਪੰਜਾਬੀ ਸਾਹਿਤ ਦੀ ਡਿਜੀਟਾਈਜੇਸ਼ਨ ਕੀਤਾ ਜਾਣਾ ਸ਼ਾਮਲ ਹੈ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪਟਿਆਲਾ ਸੈਂਟਰਲ ਲਾਇਬ੍ਰੇਰੀ ਦੇ ਵਿੱਤੀ ਸੰਕਟ ਬਾਰੇ ਵੀ ਚਿੰਤਾ ਜ਼ਾਹਰ ਕੀਤੀ। ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਦਾਖਲਿਆਂ ਵਿਚ ਬੇਹਿਸਾਬ ਵਾਧੇ ਤੋਂ ਇਲਾਵਾ ਸਕੂਲਾਂ ਨੇ ਚੰਗੇ ਢਾਂਚੇ ਦੇ ਸਿੱਟੇ ਵਜੋਂ ਅਤੇ ਅਧਿਆਪਕਾਂ ਦੀ ਭਰਤੀ ਆਦਿ ਦੇ ਮੱਦੇਨਜ਼ਰ ਚੰਗੇ ਨਤੀਜੇ ਦਿਖਾਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
ਜਲੰਧਰ: ਯੂਕੋ ਬੈਂਕ ਡਕੈਤੀ ਦੇ ਮਾਮਲੇ 'ਚ ਪੁਲਸ ਵੱਲੋਂ ਮੁੱਖ ਮੁਲਜ਼ਮ ਸਾਥੀ ਸਣੇ ਦਿੱਲੀ ਤੋਂ ਗ੍ਰਿਫ਼ਤਾਰ
NEXT STORY