ਜਲੰਧਰ (ਧਵਨ)— ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪਾਕਿਸਤਾਨ ਦੇ ਇਤਿਹਾਸਕ ਸ਼ਹਿਰ ਨਨਕਾਣਾ ਸਾਹਿਬ ਦੇ ਇਤਿਹਾਸਕ ਗੁਰਦੁਆਰੇ 'ਤੇ ਹੋਈ ਪਥਰਾਅ ਦੀ ਘਟਨਾ ਪਿੱਛੋਂ ਸਿੱਖ ਭਾਈਚਾਰੇ ਅੰਦਰ ਪਾਈ ਜਾਂਦੀ ਡਰ ਦੀ ਭਾਵਨਾ ਬਾਹਰ ਕੱਢਣ ਲਈ ਪਾਕਿਸਤਾਨ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਸ਼ੁੱਕਰਵਾਰ ਰਾਤ ਵਾਪਰੀ ਘਟਨਾ ਪਿੱਛੋਂ ਪਾਕਿਸਤਾਨ 'ਚ ਰਹਿਣ ਵਾਲੇ ਸਭ ਸਿੱਖਾਂ ਅੰਦਰ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ। ਇਸ ਨੂੰ ਤੁਰੰਤ ਦੂਰ ਕੀਤਾ ਜਾਣਾ ਚਾਹੀਦਾ ਹੈ।
ਪੰਜਾਬ ਸਰਕਾਰ ਦੀ ਭਾਰਤ ਦੇ ਵਿਦੇਸ਼ ਮੰਤਰੀ ਨੂੰ ਬੇਨਤੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰੇ 'ਤੇ ਜਿਸ ਤਰ੍ਹਾਂ ਪਥਰਾਅ ਕੀਤਾ ਗਿਆ ਹੈ, ਉਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਏ, ਥੋੜ੍ਹੀ ਹੈ। ਪੰਜਾਬ ਸਰਕਾਰ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਇਸ ਸਬੰਧੀ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣ। ਪੰਜਾਬ ਸਰਕਾਰ ਖੁਦ ਵੀ ਪਾਕਿਸਤਾਨ 'ਚ ਵਾਪਰੇ ਘਟਨਾਚੱਕਰ 'ਤੇ ਪੂਰੀ ਨਜ਼ਰ ਰੱਖ ਰਹੀ ਹੈ। ਉਸ ਦੇ ਨਾਲ ਹੀ ਕੇਂਦਰ ਸਰਕਾਰ ਨਾਲ ਵੀ ਪੂਰਾ ਤਾਲਮੇਲ ਬਣਾਇਆ ਹੋਇਆ ਹੈ।
ਇਮਰਾਨ ਖਾਨ ਕਰਨ ਸਖਤ ਕਾਰਵਾਈ
ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੁਰੰਤ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਗੁਰਦੁਆਰੇ 'ਤੇ ਹਮਲਾ ਕਰਨ ਵਿਰੁੱਧ ਕਾਨੂੰਨ ਮੁਤਾਬਕ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਮਰਾਨ ਖਾਨ ਨੂੰ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਕੋਲ ਸੱਦ ਕੇ ਉਨ੍ਹਾਂ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਸ਼ੁੱਕਰਵਾਰ ਰਾਤ ਵੀ ਟਵੀਟ ਕਰ ਦਿੱਤਾ ਸੀ ਅਤੇ ਗੁਰਦੁਆਰੇ ਅੰਦਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਸੀ।
ਸੁਨੀਲ ਜਾਖੜ ਦੇ ਕੇਂਦਰ ਸਰਕਾਰ 'ਤੇ ਹਮਲੇ
ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪਾਕਿਸਤਾਨ 'ਚ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਚ ਨਾਕਾਮ ਸਾਬਿਤ ਹੋਈ ਹੈ। ਪਾਕਿਸਤਾਨ 'ਚ ਲੱਖਾਂ ਸਿੱਖ ਪਰਿਵਾਰ ਰਹਿੰਦੇ ਹਨ। ਸ੍ਰੀ ਨਨਕਾਣਾ ਸਾਹਿਬ ਦੀ ਘਟਨਾ ਪਿੱਛੋਂ ਉਨ੍ਹਾਂ ਅੰਦਰ ਬਹੁਤ ਡਰ ਪਾਇਆ ਜਾ ਰਿਹਾ ਹੈ। ਇਸ ਡਰ ਨੂੰ ਦੂਰ ਕਰਨ ਲਈ ਦੋਸ਼ੀ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਨਾਲ ਹੀ ਸਿੱਖਾਂ ਦੀ ਸੁਰੱਿਖਆ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਕਤ ਘਟਨਾਵਾਂ ਕਾਰਨ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਵੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਰਹਿੰਦੇ ਸਿੱਖਾਂ ਅਤੇ ਹਿੰਦੂਆਂ ਦੀ ਸੁਰੱਖਿਆ ਦਾ ਪ੍ਰਬੰਧ ਇਮਰਾਨ ਸਰਕਾਰ ਨੂੰ ਕਰਨਾ ਚਾਹੀਦਾ ਹੈ।
ਮੋਗਾ ਦਾ ਇਕ ਅਜਿਹਾ ਸ਼ਮਸ਼ਾਨਘਾਟ ਜਿਥੋਂ ਲੈਂਦੇ ਨੇ ਲੋਕ ਤੰਦਰੁਸਤੀਆਂ (ਵੀਡੀਓ)
NEXT STORY