ਚੰਡੀਗੜ੍ਹ : ਅਸਲ ਕਬਜ਼ੇ ਵਾਲੀ ਰੇਖਾ ਤੋਂ ਪਾਰ ਜਾ ਕੇ ਭਾਰਤੀ ਹਵਾਈ ਫੌਜ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬਾ ਸਰਕਾਰ ਦੇ ਵਿਸ਼ਵਾਸ ਪੈਦਾ ਕਰਨ ਦੇ ਕਦਮਾਂ ਵਜੋਂ ਸੂਬੇ ਦੇ ਸਰਹੱਦੀ ਇਲਾਕਿਆਂ 'ਚ ਡੇਰਾ ਲਾਉਣਗੇ। ਸਰਕਾਰ ਵੱਲੋਂ ਸਰਹੱਦੀ ਇਲਾਕਿਆਂ 'ਚ ਅਤਿ ਚੌਕਸੀ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਪੁਲਵਾਮਾ ਹਮਲੇ ਤੋਂ ਬਾਅਦ ਹਵਾਈ ਫੌਜ ਵੱਲੋਂ ਕੀਤੇ ਹਮਲੇ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸੂਬਾ ਸਰਕਾਰ ਕੇਂਦਰੀ ਗ੍ਰਹਿ ਅਤੇ ਰੱਖਿਆ ਮੰਤਰਾਲਿਆਂ ਦੇ ਨਾਲ ਲਗਾਤਾਰ ਸੰਪਰਕ ਵਿੱਚ ਹੈ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਿਵਲ ਅਤੇ ਪੁਲਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਥਿਤੀ ਦੀਆਂ ਜ਼ਮੀਨੀ ਹਕੀਕਤਾਂ ਦਾ ਅਨੁਮਾਨ ਲਾਉਣ ਲਈ ਨਾਜ਼ੁਕ ਸਰਹੱਦੀ ਇਲਾਕਿਆਂ 'ਚ ਡੇਰਾ ਲਾਉਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਅੱਜ ਸਵੇਰੇ ਪਠਾਨਕੋਟ ਲਈ ਰਵਾਨਾ ਹੋਣਗੇ ਅਤੇ ਇਸ ਜ਼ਿਲ੍ਹੇ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦੇ ਪਿੰਡਾਂ ਦਾ ਸੜਕ ਰਾਹੀਂ ਦੌਰਾ ਕਰਨਗੇ। ਅਗਲੇ ਦਿਨ ਉਹ ਤਰਨਤਾਰਨ ਇਲਾਕੇ ਵਿੱਚ ਜਾਣਗੇ ਅਤੇ ਰਾਤ ਫਰੀਦਕੋਟ ਵਿਖੇ ਠਹਿਰਨਗੇ। ਕੈਪਟਨ ਅਮਰਿੰਦਰ ਸਿੰਘ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਵਾਪਸ ਚੰਡੀਗੜ੍ਹ ਆਉਣਗੇ।
ਇਸ ਮੀਟਿੰਗ ਵਿੱਚ ਹਾਜ਼ਰ ਰਵੀਨ ਠੁਕਰਾਲ ਨੇ ਇਹ ਵੀ ਦੱਸਿਆ ਕਿ ਅਸਲ ਕਬਜ਼ੇ ਵਾਲੀ ਰੇਖਾ 'ਤੇ ਹਾਲ ਹੀ ਦੀਆਂ ਹਾਲਤਾਂ ਦੇ ਮੱਦੇਨਜ਼ਰ ਕਿਸੇ ਵੀ ਅਚਾਨਕ ਵਾਪਰਨ ਵਾਲੀ ਘਟਨਾ ਨਾਲ ਨਜਿੱਠਣ ਲਈ ਸੂਬੇ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਕਦਮ ਚੁੱਕਣ ਵਾਸਤੇ ਹੁਕਮ ਜਾਰੀ ਕਰ ਦਿੱਤੇ ਹਨ। ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਸਾਰੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਸਾਰੇ ਕਦਮ ਚੁੱਕਣ ਲਈ ਆਖਿਆ।
ਮੀਡੀਆ ਸਲਾਹਕਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੇ ਭੈਅ ਵਿੱਚ ਨਾ ਆਉਣ ਅਤੇ ਸਰਹੱਦੀ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਾਹਰ ਨਾ ਕੱਢਣ ਦਾ ਫੈਸਲਾ ਕੀਤਾ ਗਿਆ।
ਮੁੱਖ ਮੰਤਰੀ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਗ੍ਰਹਿ ਸਕੱਤਰ ਐਨ.ਐਸ. ਕਲਸੀ, ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਾਵਰਾ ਸਮੇਤ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦੇ ਸਾਰੇ ਪੱਖਾਂ 'ਤੇ ਵਿਚਾਰ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਸਥਿਤੀ 'ਤੇ ਨੇੜਿਓਂ ਨਿਗਰਾਨੀ ਰੱਖਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਿਸੇ ਵੀ ਹਾਲਤ ਵਿੱਚ ਕੋਈ ਵੀ ਢਿੱਲ ਨਾ ਵਰਤਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਸਥਿਤੀ ਨਾਲ ਨਿਪਟਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਰਾਹੀਂ ਸਰਜੀਕਲ ਸਟ੍ਰਾਈਕ ਦਾ ਪੂਰਾ ਸਮਰਥਨ ਕਰਦਿਆਂ ਕਿਹਾ,”ਭਾਰਤ ਹਵਾਈ ਫੌਜ ਨੇ ਵੱਡਾ ਮਾਅਰਕਾ ਮਾਰਿਆ ਹੈ। ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਅਤੇ ਇਸ ਦੀ ਸ਼ਰਨ ਵਿਚਲੇ ਅੱਤਵਾਦੀਆਂ ਨੂੰ ਅਤਿ ਲੋੜੀਂਦਾ ਸੰਕੇਤ ਦੇ ਦਿੱਤਾ ਹੈ ਅਤੇ ਉਹ ਇਹ ਨਾ ਸੋਚਣ ਕਿ ਪੁਲਵਾਮਾ ਵਰਗੇ ਦਹਿਸ਼ਤੀ ਹਮਲਿਆਂ ਤੋਂ ਬਾਅਦ ਉਹ ਭੱਜ ਕੇ ਨਿਕਲ ਜਾਣਗੇ। ਭਾਰਤੀ ਹਵਾਈ ਫੌਜ ਦੇ ਜਵਾਨਾਂ ਨੂੰ ਥਾਪੜਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਲਈ ਉਹ ਉਨ੍ਹਾਂ ਦੀ ਡਟਵੀਂ ਹਮਾਇਤ ਕਰਦੇ ਹਨ।
ਪੁਲਵਾਮਾ ਵਿਖੇ ਸੀ. ਆਰ. ਪੀ. ਐਫ. ਦੇ ਕਾਫਲੇ 'ਤੇ ਹੋਏ ਦਹਿਸ਼ਤੀ ਹਮਲੇ ਤੋਂ ਤੁਰੰਤ ਬਾਅਦ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਫੌਜ ਦੇ ਸਾਬਕਾ ਕੈਪਟਨ ਹਨ, ਨੇ ਸਪੱਸ਼ਟ ਕੀਤਾ ਸੀ ਕਿ ਉਹ ਸਖਤ ਜਵਾਬੀ ਕਾਰਵਾਈ ਦੇ ਹੱਕ ਵਿੱਚ ਹਨ ਅਤੇ ਕੇਂਦਰ ਸਰਕਾਰ ਦੇ ਕਾਰਵਾਈ ਬਾਰੇ ਕਿਸੇ ਵੀ ਫੈਸਲੇ ਨੂੰ ਕਾਂਗਰਸ ਪਾਰਟੀ ਸਮਰਥਨ ਕਰੇਗੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਸਾਡੇ 41 ਜਵਾਨ ਮਾਰੇ ਹਨ ਅਤੇ ਸਾਨੂੰ ਉਨ੍ਹਾਂ ਦੇ 82 ਮਾਰਨੇ ਚਾਹੀਦੇ ਹਨ। ਜਜ਼ਬਾਤੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਜੈਸ਼-ਏ-ਮੁਹੰਮਦ ਦੇ ਮੁਖੀ ਜੋ ਪਾਕਿਸਾਨ ਦੀ ਧਰਤੀ ਤੋਂ ਦਹਿਸ਼ਤੀ ਕਾਰਵਾਈਆਂ ਚਲਾਉਂਦਾ ਹੈ, ਨੂੰ ਗ੍ਰਿਫਤਾਰ ਨਹੀਂ ਕਰ ਸਕਦਾ ਤਾਂ ਫਿਰ ਉਸ ਲਈ ਇਹ ਕੰਮ ਅਸੀਂ ਕਰਾਂਗੇ।
ਮੋਦੀ 65000 ਕਰੋੜ ਦੇ ਪ੍ਰੋਜੈਕਟ ਦੀ ਰੱਖਣਗੇ ਨੀਂਹ (ਪੜ੍ਹੋ 27 ਫਰਵਰੀ ਦੀਆਂ ਖਾਸ ਖਬਰਾਂ)
NEXT STORY