ਜੈਰੁਸਲੇਮ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੰਜ ਪ੍ਰਮੁੱਖ ਸ਼ਹਿਰਾਂ 'ਚ ਸੀਵਰੇਜ ਦੇ ਪਾਣੀ ਨੂੰ ਸੋਧ ਕੇ ਮੁੜ ਵਰਤੋਂ ਯੋਗ ਬਣਾਉਣ ਲਈ ਇਜ਼ਰਾਈਲ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦਾ ਮਕਸਦ ਪ੍ਰਦੂਸ਼ਣ ਨੂੰ ਰੋਕਣਾ ਅਤੇ ਸਿੰਚਾਈ ਮਕਸਦਾਂ ਲਈ ਪਾਣੀ ਉਪਲਬੱਧ ਕਰਵਾਉਣਾ ਹੈ। ਮੁੱਖ ਮੰਤਰੀ ਨੇ ਪੰਜਾਬ 'ਚ ਪਾਣੀ ਦੀ ਸੰਭਾਲ ਨੂੰ ਬੜਾਵਾ ਦੇਣ ਅਤੇ ਪਾਣੀ ਦੇ ਪ੍ਰਬੰਧਨ ਦੇ ਮੁੱਦੇ 'ਤੇ ਇਜ਼ਰਾਈਲ ਦੇ ਊਰਜਾ ਤੇ ਜਲ ਸਰੋਤ ਮੰਤਰੀ ਡਾ. ਯੂਵਲ ਸਟੈਨਿਟਜ਼ ਨਾਲ ਵਿਸਤ੍ਰਤ ਵਿਚਾਰ-ਵਟਾਂਦਰਾ ਕੀਤਾ। ਇਜ਼ਰਾਈਲ 'ਚ ਖੇਤੀ ਮਕਸਦਾਂ ਲਈ 95 ਫੀਸਦੀ ਸੀਵਰੇਜ ਦਾ ਪਾਣੀ ਸੋਧਣ ਦੇ ਤੱਥਾਂ ਤੋਂ ਮੁੱਖ ਮੰਤਰੀ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਾ ਪ੍ਰਬੰਧ ਉਹ ਪੰਜਾਬ ਦੇ ਸ਼ਹਿਰੀ ਇਲਾਕਿਆਂ 'ਚ ਕਰਨਾ ਚਾਹੁੰਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਪਾਣੀ ਦੇ ਮੋਰਚੇ 'ਤੇ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਇਜ਼ਰਾਈਲ ਦੇ ਮੰਤਰੀ ਨੂੰ ਜਾਣੂੰ ਕਰਵਾਇਆ ਕਿਉਂਕਿ ਇਨ੍ਹਾਂ ਸਮੱਸਿਆਵਾਂ ਦੇ ਨਤੀਜੇ ਵਜੋਂ ਪੰਜਾਬ 'ਚ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਹੈ ਅਤੇ ਜਲ ਸਰੋਤ ਪੰਜਾਬ ਲਈ ਲਗਾਤਾਰ ਚੁਣੌਤੀ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸੇ ਚੁਣੌਤੀ ਦੇ ਕਾਰਨ ਸਰਕਾਰ ਪਾਣੀ ਵਰਗੇ ਵਢਮੁੱਲੇ ਸਰੋਤ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ-ਕਣਕ ਦੇ ਚੱਕਰ 'ਚੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਇਕ ਨਵੰਬਰ ਤੱਕ ਹੋਵੇਗਾ ਇੰਤਜ਼ਾਰ, ਫਿਰ ਆਪਣਾ ਢਾਂਚਾ ਬਣਾਏਗਾ ਖਹਿਰਾ ਗੁੱਟ (ਵੀਡੀਓ)
NEXT STORY