ਬੁਢਲਾਡਾ(ਮਨਜੀਤ)—ਕੈਪਟਨ ਸਰਕਾਰ ਦੇ100 ਦਿਨ ਦੀਆਂ ਪ੍ਰਾਪਤੀਆਂ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਰਾਜ ਦੇ ਮੁਕਾਬਲੇ ਤੋਂ ਜ਼ਿਆਦਾ ਹਨ, ਕਿਉਂਕਿ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮਾਫ ਕਰਨਾ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਇਹ ਸ਼ਬਦ ਵਾਰਡ ਨੰ: 4 ਅਤੇ 6 ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਬਾਜ਼ੀਗਰ ਬਸਤੀ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਇੰਚਾਰਜ ਬੀਬੀ ਰਣਜੀਤ ਕੌਰ ਭੱਟੀ ਨੇ ਕਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਰ ਫੈਸਲੇ ਨੂੰ ਲੋਕ ਖਿੜੇ ਮੱਥੇ ਪ੍ਰਵਾਨ ਕਰ ਰਹੇ ਹਨ, ਕਿਉਂਕਿ ਅਕਾਲੀਆਂ ਨੇ ਪੰਜਾਬ ਦੇ ਖਜ਼ਾਨੇ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਿਆ, ਪਰ ਕਾਂਗਰਸ ਸਰਕਾਰ ਖਜ਼ਾਨਾ ਖਾਲੀ ਹੋਣ ਦੇ ਬਾਵਜੂਦ ਵੀ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਯਤਨ ਕਰ ਰਹੀ ਹੈ। ਉਨਾਂ ਕਾਂਗਰਸ ਪਾਰਟੀ ਵਿੱਚ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਪੰਚਾਇਤੀ, ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ, ਨਗਰ ਕੋਂਸਲਾਂ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਝੰਡੇ ਗੱਡਣ ਲਈ ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸਕੀਮਾਂ ਘਰ-ਘਰ ਲਿਜਾਣ ਲਈ ਮੁੰਹਿਮ ਆਰੰਭ ਕਰਨ ਤਾਂ ਕਿ ਲੋਕ ਕੈਪਟਨ ਸਰਕਾਰ ਦੀਆਂ ਲੋਕ ਹਿੱਤ ਸਕੀਮਾਂ ਦਾ ਲਾਹਾ ਲੈ ਸਕਣ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਤੀਰਥ ਸਿੰਘ ਸਵੀਟੀ, ਕਾਂਗਰਸੀ ਆਗੂ ਮਾਸਟਰ ਪ੍ਰਕਾਸ਼ ਚੰਦ ਸ਼ਰਮਾ, ਟਰੱਕ ਯੂਨੀਅਨ ਦੇ ਉੱਪ ਪ੍ਰਧਾਨ ਗੁਰਪ੍ਰੀਤ ਸਿੰੰਘ ਵਿਰਕ, ਨਗਰ ਕੋਂਸਲ ਦੇ ਪ੍ਰਧਾਨ ਹਰਵਿੰਦਰ ਸਿੰਘ ਬੰਟੀ, ਮਾਸਟਰ ਕਾਕਾ ਅਮਰਿੰਦਰ ਸਿੰਘ, ਕਾਲਾ ਵਰਮਾ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ।
ਮਹਾਨ ਕੋਸ਼ 'ਚ ਤਰੁੱਟੀਆਂ ਦੀ ਜਾਂਚ ਸਬੰਧੀ ਕਮੇਟੀ ਨੇ ਰਿਪੋਰਟ ਬਡੂੰਗਰ ਨੂੰ ਸੌਂਪੀ
NEXT STORY