ਚੰਡੀਗੜ੍ਹ,(ਸ਼ਰਮਾ)- ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਕਰੜੇ ਹੱਥੀਂ ਲੈਂਦਿਆਂ ਕਿਸਾਨਾਂ ਨੂੰ ਗੁੰਮਰਾਹ ਕਰਨ ਅਤੇ ਕੇਂਦਰ ਦੇ ਖੇਤੀਬਾੜੀ ਬਿੱਲਾਂ ਦੇ ਮੁੱਦੇ ’ਤੇ ਅੰਦੋਲਨ ਕਰਨ ਲਈ ਉਕਸਾਉਣ ਲਈ ਜ਼ਿੰਮੇਵਾਰ ਠਹਿਰਾਇਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਆਪਣੇ ਸਿਆਸੀ ਲਾਹੇ ਅਤੇ ਸਵਾਰਥ ਕਾਰਣ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਕੈਪਟਨ ਵਲੋਂ ਕਿਸਾਨਾਂ ਨੂੰ ਗਲਤ ਤਰੀਕੇ ਨਾਲ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਇਸ ਸਭ ਲਈ ਕੈਪਟਨ ਨੂੰ ਪਿਛਲੇ ਹਫ਼ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਫਿਟਕਾਰ ਵੀ ਲਾਈ ਗਈ ਸੀ।
ਸ਼ਰਮਾ ਨੇ ਕੈਪਟਨ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਨੂੰ ਲਿਖੇ ਪੱਤਰ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਪਟਨ ਸੂਬੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਬੁਰੀ ਤਰ੍ਹਾਂ ਅਸਫ਼ਲ ਸਾਬਿਤ ਹੋਏ ਹਨ, ਜਿਸ ਕਾਰਣ ਮਾਲ ਗੱਡੀਆਂ ਅਤੇ ਯਾਤਰੀ ਟ੍ਰੇਨਾਂ ਪੰਜਾਬ ਵਿਚ ਨਹੀਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ, ਕੈਪਟਨ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਲਈ ਕਹਿ ਰਹੇ ਹਨ ਅਤੇ ਦੂਜੇ ਪਾਸੇ ਸੂਬੇ ਵਿਚ ਟ੍ਰੇਨਾਂ ਦੀ ਆਵਾਜਾਈ ਦੀ ਆਗਿਆ ਨਾ ਦਿੱਤੇ ਜਾਣ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਇਹ ਕੈਪਟਨ ਦੇ ਪਖੰਡ ਅਤੇ ਘਟੀਆ ਸਿਆਸੀ ਖੇਡ ਨੂੰ ਦਰਸਾਉਂਦਾ ਹੈ। ਸੂਬੇ ਵਿਚ ਹੋ ਰਹੇ ਹਰ ਤਰ੍ਹਾਂ ਦੇ ਨੁਕਸਾਨ ਲਈ ਕੈਪਟਨ ਜ਼ਿੰਮੇਵਾਰ ਹਨ।
ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਕਦੇ ਵੀ ਕਿਸਾਨਾਂ ਦਾ ਨਕਸਲੀ ਨਹੀਂ ਕਿਹਾ। ਸਾਡੇ ਕਿਸਾਨ ਦੇਸ਼ ਦੀ ਜੀਵਨ ਰੇਖਾ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਿਆਂਦੇ ਗਏ ਬਿੱਲ ਕਿਸਾਨਾਂ ਨੂੰ ਮਜਬੂਤ ਬਣਾਉਣ ਲਈ ਹਨ, ਜਿਸ ਨਾਲ ਉਨ੍ਹਾਂ ਦੀ ਕਮਾਈ ਦੁੱਗਣੀ ਹੋ ਸਕੇ। ਇਹ ਕਿਸਾਨਾਂ ਦੀ ਆੜ ਵਿਚ ਨਕਸਲੀ ਅਨਸਰ ਹਨ, ਜਿਨ੍ਹਾਂ ਨੂੰ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਮੱਸਿਆ ਪੈਦਾ ਕਰਨ ਲਈ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦਾ ਸਮਰਥਨ ਪ੍ਰਾਪਤ ਹੈ।
ਰਾਸ਼ਟਰੀ ਏਕਤਾ ਤੇ ਅਮਨ-ਸ਼ਾਂਤੀ ਬਰਕਰਾਰ ਰੱਖਣਾ ਸਾਡਾ ਸਾਰਿਆਂ ਦਾ ਫਰਜ਼ : ਕੈਬਨਿਟ ਮੰਤਰੀ
NEXT STORY