ਪਟਿਆਲਾ (ਮਨਦੀਪ ਜੋਸਨ, ਬਲਜਿੰਦਰ)- ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੇ ਬਾਅਦ ਵੀ ਹੁਣ ਤੱਕ ਪੀੜਤਾਂ ਨੂੰ ਨਿਆਂ ਨਹੀਂ ਮਿਲਣ ਦਾ ਹਵਾਲਾ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਆਈ. ਪੀ. ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਨੇ ਅਸਤੀਫ਼ਾ ਦੇ ਦਿੱਤਾ, ਜੋ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ. ਟੀ. ਦੀ ਅਗਵਾਈ ਕਰ ਰਹੇ ਸਨ। ਇਸ ਘਟਨਾ ਨਾਲ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਵਿਚਾਲੇ ਮਿਲੀਭੁਗਤ ਪ੍ਰਤੱਖ ਰੂਪ ’ਚ ਜ਼ਾਹਿਰ ਹੋ ਗਈ ਹੈ। ਉਨ੍ਹਾਂ ਨਾਲ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ, ਸੂਬਾ ਖਜ਼ਾਨਚੀ ਨੀਨਾ ਮਿੱਤਲ, ਪਟਿਆਲਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਪਟਿਆਲਾ ਸ਼ਹਿਰੀ ਪ੍ਰਧਾਨ ਜਸਬੀਰ ਗਾਂਧੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 8.50 ਲੱਖ ਰੁਪਏ ਦੀ ਠੱਗੀ ਕਰਨ ਵਾਲਾ ਭਗੌੜਾ ਗ੍ਰਿਫਤਾਰ
ਮਾਨ ਨੇ ਕਿਹਾ ਕਿ 2015 ਤੋਂ 2017 ਤੱਕ ਤਾਂ ਉਹ ਕੀ ਮੰਗ ਕਰ ਸਕਦੇ ਸਨ ਕਿਉਂਕਿ ਜੋ ਦੋਸ਼ੀ ਸਨ, ਉਹੀ ਸੱਤਾਧਾਰੀ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਰਿਟਾਇਰਡ ਜਸਟਿਸ ਜ਼ੋਰਾ ਸਿੰਘ ਦੁਆਰਾ ਤਿਆਰ ਕੀਤੀ ਰਿਪੋਰਟ ਨੂੰ ਠੰਢੇ ਬਸਤੇ ’ਚ ਪਾ ਦਿੱਤਾ ਗਿਆ। ਇਸ ਤੋਂ ਬਾਅਦ ਜਸਟਿਸ ਰਣਜੀਤ ਸਿੰਘ ਅਧੀਨ ਇਕ ਕਮਿਸ਼ਨ ਦਾ ਗਠਨ ਕੀਤਾ ਗਿਆ ਪਰ ਇਕ ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਸ ਰਿਪੋਰਟ ’ਤੇ ਕੋਈ ਕਾਰਵਾਈ ਨਹੀਂ ਹੋਈ। ਉਸ ਤੋਂ ਬਾਅਦ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਧੀਨ ਇਕ ਵਿਸ਼ੇਸ਼ ਜਾਂਚ ਦਲ ਦਾ ਗਠਨ ਕੀਤਾ ਗਿਆ, ਜਿਸ ਨੇ ਸਖ਼ਤ ਮਿਹਨਤ ਅਤੇ ਸਾਰੇ ਸਥਾਨਾਂ ’ਤੇ ਜਾ ਕੇ ਸਬੂਤ ਇਕੱਠੇ ਕੀਤੇ ਅਤੇ ਰਿਪੋਰਟ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਕੋਰਟ ਨੇ ਜਦੋਂ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਕੀ ਉਹ ਸੀ. ਬੀ. ਆਈ. ਦੀ ਜਾਂਚ ’ਚ ਹਰਿਆਣਾ ਪੁਲਸ ਵੱਲੋਂ ਜਾਂਚ ਚਾਹੁੰਦੇ ਹਨ ਪਰ ਪੰਜਾਬ ਸਰਕਾਰ ਨੇ ਕੁੰਵਰ ਵਿਜੇ ਪ੍ਰਤਾਪ ਤੋਂ ਬਿਨਾਂ ਨਵੀਂ ਐੱਸ. ਆਈ. ਟੀ. ਦੀ ਗੱਲ ਮੰਨ ਕੇ ਇਕ ਈਮਾਨਦਾਰ ਪੁਲਸ ਅਫ਼ਸਰ ’ਤੇ ਧੱਬਾ ਲਾਉਣ ਦਾ ਕੰਮ ਕੀਤਾ ਹੈ। ਹੁਣ ਹੈਰਾਨੀ ਪ੍ਰਗਟ ਕੀਤੀ ਕਿ ਕੈਪਟਨ ਸਰਕਾਰ ਇਸ ਮਸਲੇ ਨੂੰ ਅਦਾਲਤ ’ਚ ਚੁਣੌਤੀ ਕਿਵੇਂ ਅਤੇ ਕਿਸ ਤਰ੍ਹਾਂ ਦੇ ਸਕਦੀ ਹੈ ਜਦੋਂਕਿ ਉਨ੍ਹਾਂ ਵੱਲੋਂ ਹੀ ਇਸ ਨੂੰ ਚੁਣਿਆ ਗਿਆ ਹੈ। ਹੁਣ ਨਵੀਂ ਐੱਸ.ਆਈ.ਟੀ. ਦੇ ਨਾਂ ’ਤੇ ਸਰਕਾਰ ਇਸ ਮਾਮਲੇ ਨੂੰ ਟਾਲਣਾ ਚਾਹੁੰਦੀ ਹੈ। ਮਾਨ ਨੇ ਕਿਹਾ ਕਿ ਇਕ ਪੁਲਸ ਅਫ਼ਸਰ ਦੇ ਕੰਮ ਨੂੰ ਕਲੰਕਿਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹੈ। ਹੁਣ ਉਹ ਇਸ ਨੂੰ ਝੁਠਲਾਉਣ ਲਈ ਡਰਾਮੇ ਕਰ ਰਹੇ ਹਨ।
ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਸਾਨੂੰ ਇਸ ਬਾਰੇ ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।
ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਜੋੜ ਮੇਲਾ ਰਸਮੀ ਤੌਰ ’ਤੇ ਸੰਪੰਨ
NEXT STORY