ਚੰਡੀਗਡ਼੍ਹ, (ਭੁੱਲਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨੀ ਲਹਿਰ ਨੂੰ ਸਿੱਧੇ ਤੇ ਅਸਿੱਧੇ ਰੂਪ ’ਚ ਸਮਰਥਨ ਦੇਣ ਲਈ ਕੈਨੇਡਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਕੈਨੇਡਾ ਆਪਣੀ ਧਰਤੀ ਤੋਂ ਚਲਾਈਆਂ ਜਾ ਰਹੀਆਂ ਭਾਰਤ ਵਿਰੋਧੀ ਸਰਗਰਮੀਆਂ ਨੂੰ ਰੋਕਣ ’ਚ ਅਸਫਲ ਰਿਹਾ ਤਾਂ ਇਹ ਲੰਮੇ ਸਮੇਂ ’ਚ ਉਸ ਦੀ ਆਪਣੀ ਸੁਰੱਖਿਆ ਅਤੇ ਹਿੱਤਾਂ ਲਈ ਵੀ ਨੁਕਸਾਨਦੇਹ ਹੋਵੇਗਾ। 1985 ਦੇ ਕਨਿਸ਼ਕ ਬੰਬ ਧਮਾਕੇ ਸਬੰਧੀ ਜੋਹਨ ਮੇਜਰ ਕਮਿਸ਼ਨ ਦੀ ਪਡ਼ਤਾਲ ’ਤੇ ਟਿਪਣੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਆਪਣੀ ਧਰਤੀ ਤੋਂ ਖਾਲਿਸਤਾਨੀ ਸਰਗਰਮੀਆਂ ਵਿਰੁਧ ਕਾਰਵਾਈ ਕਰਨ ਵਿਚ ਅਸਫਲ ਰਿਹਾ ਹੈ ਅਤੇ ਇਸ ਨੇ ਸਾਜਿਸ਼ਕਾਰਾਂ ਨੂੰ ‘ਸਮੂਹਿਕ ਹੱਤਿਆਵਾਂ’ ਦੀ ਆਗਿਆ ਦਿੱਤੀ ਹੈ। ਇਸ ਸਬੰਧ ਵਿਚ ਕੈਨੇਡਾ ਸਰਕਾਰ ਪੂਰੀ ਤਰ੍ਹਾਂ ਨੰਗੀ ਹੋ ਗਈ ਹੈ। ਇਸ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਕੈਨੇਡਾ ਭਾਰਤ ਦੇ ਵਿਰੋਧ ਦੇ ਬਾਵਜੂਦ ਖਾਲਿਸਤਾਨੀਆਂ ਨੂੰ ਸਮਰਥਨ ਦਿੰਦਾ ਹੈ।
ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਖੋਜੀ, ਖੂਫੀਆ ਅਤੇ ਮੁਕੱਦਮਾ ਚਲਾਉਣ ਵਾਲੀ ਏਜੰਸੀਆਂ ਬਾਰੇ ਸਿਲਸਿਲੇਵਾਰ ਕਿਹਾ ਹੈ ਕਿ ਬੰਮ ਧਮਾਕੇ ਤੋਂ ਕਾਫੀ ਪਹਿਲਾਂ ਮੁੱਖ ਸਾਜ਼ਿਸਕਾਰਾਂ ਨੂੰ ਨਿਗਰਾਨੀ ਹੇਠ ਰੱਖੇ ਜਾਣ , ਉਨ੍ਹਾਂ ਦੀ ਗੱਲਬਾਤ ਰਿਕਾਰਡ ਕਰਨ ਦੇ ਬਾਵਜੂਦ ਉਨ੍ਹਾਂ ਵਲੋਂ ਵਿਸਫੋਟ ਪ੍ਰਾਪਤ ਕਰਨ ਅਤੇ ਵਿਸਫੋਟ ਦਾ ਤਜਰਬਾ ਕਰਨ ਅਤੇ ਉਨ੍ਹਾਂ ਵਲੋਂ ਵਿਸ਼ੇਸ਼ ਉਡਾਨ ਵਿੱਚ ਬੰਮ ਰੱਖਣ ਦੀ ਮਨਸ਼ਾ ਸਬੰਧੀ ਵਾਰ-ਵਾਰ ਚੇਤਾਵਨੀਆਂ ਦੇ ਬਾਵਜੂਦ ਕੈਨੇਡਾ ਦੀਆਂ ਏਜੰਸੀਆਂ ਹਰ ਪਡ਼ਾਅ ’ਤੇ ਕਾਰਵਾਈ ਕਰਨ ਵਿੱਚ ਅਸਫਲ ਰਹੀਆਂ । ਅਜਿਹੇ ਪੈਮਾਨੇ ’ਤੇ ਇਸ ਨੂੰ ਸਿਰਫ ਇਕ ਗਲਤੀ ਨਹੀਂ ਸਮਝਿਆ ਜਾ ਸਕਦਾ, ਸਗੋਂ ਇਹ ਜੇ ਗਠਜੋਡ਼ ਨਹੀਂ ਤਾਂ ਜਾਣਬੁੱਝ ਕੇ ਕੀਤੀ ਗਈ ਲਾਪਰਵਾਹੀ ਦਾ ਧੱਬਾ ਜ਼ਰੂਰ ਲੱਗਦਾ ਹੈ।
ਮੁੱਖ ਮੰਤਰੀ ਨੇ ਕੈਨੇਡਾ ਦੀ ਸਰਕਾਰ ਨਾਲ ਖੁਦ ਇਹ ਮੁੱਦਾ ਉਠਾਏ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਿਛਲੇ ਸਾਲ ਭਾਰਤ ਦੌਰੇ ਦੌਰਾਨ ਉਨ੍ਹਾਂ ਨੂੰ ਲੋਡ਼ੀਂਦੇ ਅੱਤਵਾਦੀਆਂ ਦੀ ਸੂਚੀ ਦਿੱਤੀ ਗਈ ਸੀ ਪਰ ਉਨ੍ਹਾਂ ਦੀ ਸਰਕਾਰ ਦਾ ਹੁੰਗਾਰਾ ਢਿੱਲਾ ਰਿਹਾ ਜਿਸ ਨਾਲ ਉਨ੍ਹਾਂ ਦੀ ਮਨਸ਼ਾ ਪੂਰੀ ਤਰ੍ਹਾਂ ਨੰਗੀ ਹੋ ਗਈ ਹੈ। ਮੁੱਖ ਮੰਤਰੀ ਨੇ ਕੈਨੇਡੀਅਨ ਸਕਿਓਰਟੀ ਇੰਟੈਲੀਜੈਂਸ ਸਰਵਿਸ (ਸੀ.ਐਸ.ਆਈ.ਐਸ) ਵੱਲੋਂ ਜਾਰੀ ਕੀਤੀ 2018 ਦੀ ਪਬਲਿਕ ਰਿਪੋਰਟ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਨੇ ਇਸ ਦੇ ਤੱਥਾਂ ’ਤੇ ਚਿੰਤਾ ਪ੍ਰਗਟ ਕੀਤੀ ਕਿ ਕੈਨੇਡਾ ’ਚ ਭਾਰਤ ਵਿਰੋਧੀ ਸਰਗਰਮੀਆਂ ਵਧੀਆਂ ਹਨ। ਇਸ ਰਿਪੋਰਟ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਇਹ ਸਰਗਰਮੀਆਂ ਸਿਰਫ ਨਿਸ਼ਾਨੇ ਉਪਰਲੇ ਦੇਸ਼ ਭਾਰਤ ਲਈ ਹੀ ਚੁਣੌਤੀ ਨਹੀਂ ਹਨ ਸਗੋਂ ਕੈਨੇਡਾ ਦੀ ਸੁਰੱਖਿਆ ਲਈ ਵੀ ਚੁਣੌਤੀ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਜਾਂ ਅੱਤਵਾਦ ਨੂੰ ਕਿਸੇ ਵੀ ਤਰ੍ਹਾਂ ਦਾ ਸਮਰਥਨ ਅਸਲ ਵਿੱਚ ਸਮੁੱਚੇ ਵਿਸ਼ਵ ਭਾਈਚਾਰੇ ਲਈ ਤਬਾਹਕੁੰਨ ਹੋਵੇਗਾ ਅਤੇ ਇਹ ਅੱਤਵਾਦ ਦਾ ਸਮਰਥਨ ਕਰਨ ਵਾਲਿਆਂ ਲਈ ਵੀ ਓਨਾ ਹੀ ਮਾਰੂ ਹੋਵੇਗਾ। ਕੈ. ਅਮਰਿੰਦਰ ਸਿੰਘ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਕੈਨੇਡਾ ’ਤੇ ਵਿਸ਼ਵ ਵਿਆਪੀ ਦਬਾਅ ਬਣਾਉਣ ਕਿ ਉਹ ਆਪਣੀ ਧਰਤੀ ਨੂੰ ਭਾਰਤ ਵਿਰੁਧ ਅੱਤਵਾਦੀਆਂ ਸਰਗਰਮੀਆਂ ਲਈ ਵਰਤੋਂ ਨਾ ਕਰਨ ਦੇਵੇ।
ਜਲੰਧਰ ਪਾਸਪੋਰਟ ਦਫਤਰ ਨੂੰ ਮਿਲਿਆ ਸਰਵੋਤਮ ਪਾਸਪੋਰਟ ਕੇਂਦਰ ਦਾ ਐਵਾਰਡ
NEXT STORY