ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ)-ਸੂਬੇ ਦੀਆਂ ਸਮੂਹ ਵਿਰੋਧੀ ਪਾਰਟੀਆਂ ਨੂੰ ਆਪਣੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀਆਂ ਜ਼ਿੰਦਗੀਆਂ ਨੂੰ ਸਿਆਸਤ ਹਿੱਤ ਵਰਤਣ ਲਈ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਈ. ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅਤੇ ਸਾਰੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਮੋਢਾ ਡਾਹ ਕੇ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਮੰਨੇ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਅਪਣਾਇਆ ਹੋਇਆ ਅੜੀਅਲ ਰੁਖ਼ : ਜਾਖੜ
ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਮਨੋਹਰ ਲਾਲ ਖੱਟੜ ਤੱਕ ਵਿਰੋਧੀ ਪਾਰਟੀਆਂ ਦੇ ਸਾਰੇ ਆਗੂਆਂ ਦੀ ਝਾੜ-ਝੰਬ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਕਿਸਾਨਾਂ, ਜੋ ਆਪਣਾ ਹੱਕ ਲੈਣ ਲਈ ਠੰਡ ਦੇ ਮੌਸਮ ਵਿਚ ਸੜਕਾਂ 'ਤੇ ਡਟੇ ਹੋਏ ਹਨ, ਦੀ ਹੱਕੀ ਲੜਾਈ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਵਲੋਂ ਕੌਮੀ ਸੁਰੱਖਿਆ ਬਾਰੇ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਲਈ ਭੰਡਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿਆਨ ਸਾਫ਼ ਤੌਰ 'ਤੇ ਪਾਕਿਸਤਾਨ ਦੇ ਸਬੰਧ ਵਿਚ ਦਿੱਤਾ ਗਿਆ ਸੀ ਅਤੇ ਪੰਜਾਬ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਫ਼ਰਜ਼ ਬਣਦਾ ਸੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਰੋਸ ਮੁਜ਼ਾਹਰਿਆਂ ਦੇ ਲੰਬੇ ਸਮੇਂ ਤੱਕ ਚੱਲਣ ਦੇ ਖ਼ਤਰਿਆਂ ਤੋਂ ਜਾਣੂ ਕਰਵਾਉਣ। ਮੁੱਖ ਮੰਤਰੀ ਨੇ ਕਿਸਾਨਾਂ ਦੇ ਧਰਨਿਆਂ ਸਬੰਧੀ ਚੁੱਕੇ ਗਏ ਕਦਮਾਂ ਬਾਰੇ ਹਰਿਆਣਾ ਅਤੇ ਦਿੱਲੀ ਦੇ ਆਪਣੇ ਹਮਰੁਤਬਾ ਆਗੂਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਹੈ ਅਤੇ ਖੱਟੜ ਨੂੰ ਕੁੱਟਣ ਦੀ। ਉਨ੍ਹਾਂ ਕਿਹਾ ਕਿ ਖੱਟੜ ਸਰਕਾਰ ਨੇ ਤਾਂ ਬਜੁਰਗ ਕਿਸਾਨਾਂ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਉਨ੍ਹਾਂ ਖ਼ਿਲਾਫ਼ ਵੀ ਹਿੰਸਕ ਤਰੀਕੇ ਅਪਣਾਏ ਗਏ।
ਇਹ ਵੀ ਪੜ੍ਹੋ : ਕੈਪਟਨ ਇੰਦਰਾ ਗਾਂਧੀ ਦੀ ਬੋਲੀ ਬੋਲ ਰਿਹੈ : ਸੁਖਬੀਰ
ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਪਹਿਲਾਂ ਇਹ ਦੱਸੇ ਕਿ ਕਿਉਂ ਉਸ ਦੀ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨਾਂ ਵਿਚੋਂ ਇਕ ਨੂੰ ਨੋਟੀਫਾਈ ਕਰ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਹੋਰ ਸੂਬਿਆਂ ਜਿਨ੍ਹਾਂ ਵਿਚ ਰਾਜਸਥਾਨ ਅਤੇ ਛੱਤੀਸਗੜ੍ਹ ਸ਼ਾਮਿਲ ਹਨ, ਨੇ ਕੇਂਦਰੀ ਕਾਨੂੰਨਾਂ ਦਾ ਟਾਕਰਾ ਕਰਨ ਲਈ ਸੋਧ ਬਿੱਲ ਪਾਸ ਕੀਤੇ ਤਾਂ ਕੇਜਰੀਵਾਲ ਨੇ ਇਨ੍ਹਾਂ ਨੂੰ ਰੱਦ ਕਰਨ ਲਈ ਦਿੱਲੀ ਵਿਧਾਨ ਸਭਾ ਦਾ ਸੈਸ਼ਨ ਕਿਉਂ ਨਹੀਂ ਸੱਦਿਆ? ਕੀ ਕੇਜਰੀਵਾਲ ਨਹੀਂ ਜਾਣਦਾ ਕਿ ਦਿੱਲੀ ਦੇ
ਦੁਆਲੇ ਪੇਂਡੂ ਇਲਾਕੇ ਵੀ ਵਸਦੇ ਹਨ?
ਈ. ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ : ਕੈਪਟਨ
ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਕੌਰ ਬਾਦਲ ਵਲੋਂ ਉਨ੍ਹਾਂ 'ਤੇ ਈ. ਡੀ. ਦੇ ਦਬਾਅ ਹੇਠ ਆਉਣ ਦੇ ਦੋਸ਼ ਦਾ ਜਵਾਬ ਦਿੰਦਿਆਂ ਕਿਹਾ ਕਿ 13 ਵਰ੍ਹਿਆਂ ਤੱਕ ਮੈਂ ਅਦਾਲਤਾਂ ਦੇ ਚੱਕਰ ਕੱਟੇ ਹਨ ਕਿਉਂਕਿ ਬਾਦਲਾਂ ਨੇ ਮੇਰੇ ਖ਼ਿਲਾਫ਼ ਕੇਸ ਬਣਾਏ ਸਨ ਪਰ ਮੈਨੂੰ ਈ. ਡੀ. ਦੀ ਕੋਈ ਪ੍ਰਵਾਹ ਨਹੀਂ ਹੈ ਅਤੇ ਮੈਂ ਹੋਰ 13 ਵਰ੍ਹਿਆਂ ਤੱਕ ਅਦਾਲਤਾਂ ਦੇ ਚੱਕਰ ਕੱਟ ਕੇ ਲੜਾਈ ਲੜ ਸਕਦਾ ਹਾਂ। ਉਨ੍ਹਾਂ ਕਿਹਾ ਕਿ ਸਾਰੇ ਬਾਦਲ ਇਕੋ ਜਿਹੇ ਹਨ ਅਤੇ ਝੂਠੇ ਹਨ। ਉਨ੍ਹਾਂ ਅਕਾਲੀ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਝੂਠ ਬੋਲਣਾ ਬੰਦ ਕਰ ਕੇ ਸੱਚ ਕਹਿਣ ਕਿਉਂਕਿ ਲੋਕ ਇਨ੍ਹਾਂ ਤੋਂ ਚੰਗੀ ਤਰਾਂ ਜਾਣੂ ਹੋ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੇ ਇਹ ਕਹਿ ਦਿੱਤਾ ਸੀ ਕਿ ਪੰਜਾਬ ਵਿਧਾਨ ਸਭਾ ਵਿਚ ਪਾਸ ਸੋਧ ਬਿੱਲ ਕਿਸਾਨੀ ਮਸਲੇ ਦੀ ਪੇਚੀਦਗੀ ਨੂੰ ਹੱਲ ਕਰਨ ਦਾ ਸੌਖਾ ਤਰੀਕਾ ਹਨ ਕਿਉਂਕਿ ਇਹ ਸੂਬੇ ਦੇ ਭਵਿੱਖ ਦਾ ਨਿਚੋੜ ਹਨ।
ਪਟਿਆਲਾ ਜ਼ਿਲ੍ਹੇ 'ਚ 59 ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
NEXT STORY