ਜਲੰਧਰ,(ਧਵਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਨਾਲ ਬੈਠਕਾਂ ਦਾ ਦੌਰ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ। ਇਕ ਮਹੀਨਾ ਪਹਿਲਾਂ ਮੁੱਖ ਮੰਤਰੀ ਨੇ ਕਾਂਗਰਸ ਦੇ ਚੁਣੇ ਗਏ ਪ੍ਰਤੀਨਿਧੀਆਂ ਨਾਲ ਬੈਠਕਾਂ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਨਾਲ ਹੀ ਉਨ੍ਹਾਂ ਦੇ ਖੇਤਰਾਂ 'ਚ ਚੱਲ ਰਹੇ ਵਿਕਾਸ ਕਾਰਜਾਂ 'ਤੇ ਚਰਚਾ ਦਾ ਕੰਮ ਸ਼ੁਰੂ ਕੀਤਾ ਸੀ। ਉਸ ਪਿੱਛੋਂ ਮੁੱਖ ਮੰਤਰੀ ਨੇ ਪੰਜਾਬ ਦੇ ਬਜਟ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਸਮੂਹਿਕ ਬੈਠਕਾਂ ਕੀਤੀਆਂ ਸਨ। ਹੁਣ ਮੁੱਖ ਮੰਤਰੀ ਨੇ ਮੁੜ ਕਾਂਗਰਸ ਦੇ ਐੱਮ.ਪੀ. ਜਸਬੀਰ ਸਿੰਘ ਡਿੰਪਾ, ਮੁਹੰਮਦ ਸਦੀਕ ਅਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਉਕਤ ਆਗੂਆਂ ਦੇ ਖੇਤਰਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਬੈਠਕ ਦੌਰਾਨ ਕੈਪਟਨ ਨੇ ਸੀਨੀਅਰ ਵਿਧਾਇਕਾਂ ਨਾਲ ਉਨ੍ਹਾਂ ਦੇ ਖੇਤਰਾਂ 'ਚ ਕਾਂਗਰਸ ਦੀ ਸਿਆਸੀ ਸਥਿਤੀ ਬਾਰੇ ਵੀ ਸੋਚ ਵਿਚਾਰ ਕੀਤੀ। ਉਨ੍ਹਾਂ ਨਾਲ ਪਾਰਟੀ ਨੂੰ ਮਜ਼ਬੂਤ ਬਣਾਉਣ ਬਾਰੇ ਵੀ ਸੋਚ ਵਿਚਾਰ ਕੀਤੀ। ਮੁਖ ਮੰਤਰੀ ਵੱਲੋਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੁਲਾਕਾਤਾਂ ਦਾ ਦੌਰ ਭਵਿੱਖ 'ਚ ਵੀ ਜਾਰੀ ਰਹੇਗਾ। ਬੈਠਕ ਪਿੱਛੋਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਬੈਠਕਾਂ ਕਾਫੀ ਅਹਿਮ ਹਨ ਕਿਉਂਕਿ ਇਨ੍ਹਾਂ ਰਾਹੀਂ ਜਿੱਥੇ ਸਰਕਾਰ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਦੇ ਖੇਤਰਾਂ 'ਚ ਸ਼ੁਰੂ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਂਦੀ ਹੈ, ਉਥੇ ਸਰਕਾਰ ਨੂੰ ਅਹਿਮ ਫੀਡਬੈਕ ਵੀ ਮਿਲਦੀ ਹੈ। ਸਰਕਾਰ ਵੱਲੋਂ ਬਜਟ ਨੂੰ ਲੈ ਕੇ ਚੁਣੇ ਗਏ ਪ੍ਰਤੀਨਿਧੀਆਂ ਦੀ ਰਾਇ ਪਹਿਲਾਂ ਹੀ ਲਈ ਜਾ ਚੁੱਕੀ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਅਗਲੇ ਹਫਤੇ ਪਾਰਟੀ ਦੇ ਸੀਨੀਅਰ ਮੰਤਰੀਆਂ ਅਤੇ ਵਿਧਾਇਕਾਂ ਨਾਲ ਬੈਠਕ ਕਰ ਕੇ ਬਜਟ ਸੈਸ਼ਨ 'ਚ ਅਪਨਾਈ ਜਾਣ ਵਾਲੀ ਕਾਂਗਰਸ ਦੀ ਰਣਨੀਤੀ ਨੂੰ ਲੈ ਕੇ ਵੀ ਚਰਚਾ ਕੀਤੀ ਜਾਣੀ ਹੈ। ਬਜਟ ਸਮਾਗਮ ਦੌਰਾਨ ਵਿਰੋਧੀ ਧਿਰ ਨੂੰ ਘੇਰਨ ਦੇ ਮੁੱਦੇ 'ਤੇ ਮੁਖ ਮੰਤਰੀ ਵੱਲੋਂ ਪੰਜਾਬ, ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਝਾਖੜ ਸਮੇਤ ਸੀਨੀਅਰ ਮੰਤਰੀਆਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ।
ਪੰਜਾਬ ਪੁਲਸ 'ਚ ਵੱਡਾ ਫੇਰਬਦਲ, 5 IPS ਸਮੇਤ ਕਈ ਅਧਿਕਾਰੀ ਤਬਦੀਲ
NEXT STORY