ਚੰਡੀਗੜ੍ਹ,(ਅਸ਼ਵਨੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜੇਲਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਵਾਸਤੇ ਵੀਰਵਾਰ ਨੂੰ ਸਖ਼ਤ ਕਦਮ ਚੁੱਕੇ ਜਾਣ ਦੇ ਲਏ ਗਏ ਫੈਸਲੇ ਦੇ ਸਬੰਧ 'ਚ ਪੰਜਾਬ ਦੀਆਂ ਸਾਰੀਆਂ ਜੇਲਾਂ 'ਚ ਡਰੋਨ ਤੇ ਸੀ. ਸੀ. ਟੀ. ਵੀ. ਕੈਮਰੇ ਉਪਲੱਬਧ ਕਰਾਏ ਜਾਣਗੇ। ਜੇਲ ਸੁਰੱਖਿਆ ਪ੍ਰਣਾਲੀ ਦਾ ਜਾਇਜ਼ਾ ਲੈਣ ਲਈ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਪੁਲਸ ਦੇ ਇੰਟੈਲੀਜੈਂਸ ਨਾਲ ਸਬੰਧਤ ਮੁਲਾਜ਼ਮਾਂ ਨੂੰ ਜੇਲ ਵਿਭਾਗ 'ਚ ਡੈਪੂਟੇਸ਼ਨ 'ਤੇ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਉਹ ਖੁਫੀਆ ਜਾਣਕਾਰੀ ਇਕੱਤਰ ਕਰਨ ਲਈ ਸਟਾਫ਼ ਦੀ ਮਦਦ ਕਰ ਸਕਣ, ਜੋ ਕਿ ਪੁਖਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਬਹੁਤ ਅਹਿਮ ਹੈ।
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੁਣਵਾਈ ਅਧੀਨ ਗੈਂਗਸਟਰਾਂ ਤੇ ਗਰਮ ਖਿਆਲੀਆਂ ਨੂੰ ਹੋਰਨਾਂ ਕੈਦੀਆਂ ਤੋਂ ਵੱਖਰਾ ਕਰਨ ਲਈ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੀ ਜੇਲ ਵਿਭਾਗ ਨੂੰ ਆਖਿਆ ਹੈ, ਜੋ ਕਿ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਹੋਰਨਾਂ ਜੇਲਾਂ ਵਿਚ ਤਬਦੀਲ ਕਰਨ ਨਾਲ ਹੀ ਸੰਭਵ ਹੋ ਸਕਦਾ ਹੈ। ਇਸ ਪ੍ਰਸਤਾਵ ਦਾ ਉਦੇਸ਼ ਜੇਲਾਂ 'ਚੋਂ ਅਪਰਾਧਿਕ ਸਰਗਰਮੀਆਂ ਨੂੰ ਰੋਕਣਾ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮਹੀਨੇ 'ਚ ਇਕ ਵਾਰੀ ਆਪਣੇ-ਆਪਣੇ ਸਬੰਧਤ ਜ਼ਿਲਿਆਂ ਦੀਆਂ ਜੇਲਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਜੇਲਾਂ 'ਚ ਸੁਰੱਖਿਆ ਪ੍ਰਬੰਧਾਂ ਤੇ ਭਲਾਈ ਕਦਮਾਂ 'ਤੇ ਢੁੱਕਵੀਂ ਨਿਗਰਾਨੀ ਰੱਖਣ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਜੇਲਾਂ ਵਿਚਲੀਆਂ ਘਾਟਾਂ ਦੀ ਸ਼ਨਾਖਤ ਕਰਨ ਲਈ ਨਿੱਜੀ ਤੌਰ 'ਤੇ ਪੜਤਾਲ ਕਰਨ ਲਈ ਕਿਹਾ ਹੈ ਅਤੇ ਸੁਰੱਖਿਆ ਉਪਕਰਨਾਂ ਵਿਚ ਦਿਸਦੀ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਬਿਨਾਂ ਕਿਸੇ ਦੇਰੀ ਤੋਂ ਪੂਰੀ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ।
ਨਾਭਾ ਜੇਲ ਵਿਚ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਦੀ ਹਾਲ ਹੀ ਵਿਚ ਹੋਈ ਹੱਤਿਆ ਅਤੇ ਲੁਧਿਆਣਾ ਜੇਲ ਵਿਚ ਹੋਏ ਦੰਗਿਆਂ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਨੇ ਵਾਰਡਨਾਂ ਦੀਆਂ ਖਾਲੀ ਪਈਆਂ 700 ਅਸਾਮੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਭਰਨ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ 'ਚ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ, ਡੀ.ਜੀ.ਪੀ. ਦਿਨਕਰ ਗੁਪਤਾ, ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਾਵਰਾ, ਡੀ.ਜੀ. ਜੇਲਾਂ ਰੋਹਿਤ ਚੌਧਰੀ, ਏ.ਆਈ.ਜੀ. ਜੇਲਾਂ ਐੱਚ.ਐੱਸ. ਮਾਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਪੀ.ਡਬਲਿਊ.ਡੀ.(ਬੀ.ਐਂਡ ਆਰ.) ਹੁਸਨ ਲਾਲ ਅਤੇ ਵਿਸ਼ੇਸ਼ ਸਕੱਤਰ ਵਿੱਤ ਗਰਿਮਾ ਸਿੰਘ ਸ਼ਾਮਲ ਸਨ।
ਐਕਸਾਈਜ਼ ਵਿਭਾਗ ਨੇ ਕਬਰਿਸਤਾਨ 'ਚੋਂ ਬਰਾਮਦ ਕੀਤਾ ਸ਼ਰਾਬ ਦਾ ਜ਼ਖੀਰਾ
NEXT STORY