ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਖੇਤੀਬਾੜੀ ਬਿੱਲਾਂ ਖਿਲਾਫ ਕੋਵਿਡ ਅਤੇ ਅੰਤਾਂ ਦੀ ਗਰਮੀ ਦੀ ਪਰਵਾਹ ਨਾ ਕਰਦੇ ਹੋਏ ਰੋਸ ਮੁਜ਼ਾਹਰਾ ਕਰਨ ਵਾਲੇ ਕਿਸਾਨਾਂ ਦਾ ਦਰਦ ਕੇਂਦਰ ਸਰਕਾਰ ਤੱਕ ਪੁੱਜੇਗਾ। ਉਹ ਖੇਤੀਬਾੜੀ ਖੇਤਰ ਦੀ ਉਕਾ ਵੀ ਫਿਕਰ ਨਾ ਕਰਦੇ ਹੋਏ ਉਸ ਨੂੰ ਤਬਾਹੀ ਦੇ ਜਿਸ ਰਸਤੇ ਪਾਉਣ 'ਤੇ ਤੁਲੀ ਹੈ, ਉਸ ਤੋਂ ਗੁਰੇਜ਼ ਕਰੇਗੀ। ਮੁੱਖ ਮੰਤਰੀ ਨੇ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਜੋ ਕਿ ਪੰਜਾਬ ਦੀ ਅਰਥਚਾਰੇ ਦੀ ਰੀੜ ਦੀ ਹੱਡੀ ਹੈ, ਨਾਲ ਜੁੜੇ ਕਿਸਾਨਾਂ ਦੀ ਹਾਲਤ ਉਤੇ ਡੂੰਘੀ ਚਿੰਤਾ ਜ਼ਾਹਰ ਕਰਦੇ ਹੋਏ ਅੱਗੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਬੁਰੀ ਮਾਨਸਿਕਤਾ ਨਾਲ ਤਿਆਰ ਕੀਤੇ ਗੈਰ ਸੰਵਿਧਾਨਕ ਖੇਤੀ ਕਾਨੂੰਨਾਂ ਨੇ ਕਿਸਾਨਾਂ ਨੂੰ ਹਾਸ਼ੀਏ ਵੱਲ ਧੱਕ ਦਿੱਤਾ ਹੈ, ਜਿਸ ਕਾਰਨ ਉਹ ਕੋਵਿਡ ਮਹਾਂਮਾਰੀ ਦੇ ਦੌਰਾਨ ਸੜਕਾਂ 'ਤੇ ਆ ਕੇ ਆਪਣੀਆਂ ਜ਼ਿੰਦਗੀਆਂ ਖਤਰੇ ਵਿੱਚ ਪਾਉਣ ਉਤੇ ਮਜ਼ਬੂਰ ਹੋ ਗਏ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸ਼ਾਇਦ ਪੰਜਾਬ ਅਤੇ ਕਈ ਹੋਰਨਾਂ ਸੂਬਿਆਂ ਵਿੱਚ ਸੈਂਕੜੇ ਹੀ ਸਥਾਨਾਂ ਉਤੇ ਹਜ਼ਾਰਾਂ ਦੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮਾੜੀ ਹਾਲਤ ਵੇਖ ਕੇ ਕੇਂਦਰ ਸਰਕਾਰ ਦਾ ਦਿਲ ਪਿਘਲ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸ਼ਾਇਦ ਹੁਣ ਭਾਰਤੀ ਜਨਤਾ ਪਾਰਟੀ ਨੂੰ ਗਲਤੀ ਦਾ ਅਹਿਸਾਸ ਹੋਵੇਗਾ।
ਰਾਸ਼ਟਰਪਤੀ ਨੂੰ ਕੀਤੀ ਅਪੀਲ
ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਬਿੱਲਾਂ ਉਤੇ ਮਨਜ਼ੂਰੀ ਦੀ ਮੋਹਰ ਨਾ ਲਗਾਈ ਜਾਵੇ। ਇਹ ਕਾਨੂੰਨ ਬਣਾਏ ਹੀ ਇਸ ਲਈ ਗਏ ਹਨ ਤਾਂ ਜੋ ਭਾਰਤ ਦੇ ਅਰਥਚਾਰੇ ਨੂੰ ਬਰਬਾਦ ਕੀਤਾ ਜਾ ਸਕੇ ਅਤੇ ਦੇਸ਼ ਦੀਆਂ ਅੰਨ ਸੁਰੱਖਿਆ ਨੂੰ ਖਤਰੇ ਵਿੱਚ ਪਾਇਆ ਜਾਵੇ। ਜਿਸ ਨਾਲ ਲੱਖਾਂ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਇਲਾਵਾ ਆਪਣੇ ਗੁਜ਼ਾਰੇ ਲਈ ਖੇਤੀਬਾੜੀ ਖੁਰਾਕ ਲੜੀ ਉਤੇ ਨਿਰਭਰ ਕਰਦੇ ਲੋਕਾਂ ਨੂੰ ਤੰਗੀਆਂ ਤੁਰਸ਼ੀਆਂ ਦਾ ਸਾਹਮਣਾ ਹੋ ਸਕੇ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਹ ਬਿੱਲ ਲਾਗੂ ਹੋ ਗਏ ਤਾਂ ਇਨਾਂ ਨਾਲ ਸਰਹੱਦੀ ਸੂਬੇ ਪੰਜਾਬ ਲਈ ਬਹੁਤ ਭੈੜੇ ਸਿੱਟੇ ਨਿਕਲਣਗੇ। ਉਨ੍ਹਾਂ ਕੇਂਦਰ ਸਰਕਾਰ ਉਤੇ ਪੂੰਜੀਵਾਦੀ ਤਾਕਤਾਂ ਦੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਵੀ ਲਾਇਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਕਾਂਗਰਸ ਵੱਲੋਂ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਨ ਲਈ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਿਆ ਜਾਵੇਗਾ ਅਤੇ ਅਦਾਲਤਾਂ ਵਿੱਚ ਜਾਣ ਸਮੇਤ ਜੋ ਵੀ ਕਦਮ ਜ਼ਰੂਰੀ ਹੋਣ, ਉਹ ਚੁੱਕੇ ਜਾਣਗੇ ਤਾਂ ਜੋ ਸੂਬੇ ਦੇ ਮਜ਼ਬੂਤ ਖੇਤੀਬਾੜੀ ਨੈਟਵਰਕ ਨੂੰ ਢਾਹੁਣ ਦੇ ਕੇਂਦਰ ਸਰਕਾਰ ਦੇ ਖਤਰਨਾਕ ਮਨਸੂਬਿਆਂ ਨੂੰ ਨੱਥ ਪਾਈ ਜਾ ਸਕੇ।
ਅਕਾਲੀਆਂ 'ਤੇ ਕੀਤੇ ਤਿੱਖੇ ਹਮਲੇ
ਕੈਪਟਨ ਨੇ ਅਕਾਲੀਆਂ ਉਤੇ ਵੀ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਇਨ੍ਹਾਂ ਬਿੱਲਾਂ ਸਬੰਧੀ ਲੋਕਾਂ ਸਾਹਮਣੇ ਸਿਰਫ ਡਰਾਮਾ ਹੀ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸਾਨ ਵੀ ਪੂਰੀ ਤਰਾਂ ਸਮਝਦੇ ਹੋਏ ਮੱਗਰਮੱਛ ਦੇ ਹੰਝੂ ਗਰਦਾਨ ਚੁੱਕੇ ਹਨ। ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਵੱਲੋਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਉਤੇ ਹਮਲੇ ਕਰਨ ਉਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਇਕ ਅਜਿਹਾ ਪੈਂਤੜਾ ਦੱਸਿਆ ਜਿਸ ਨਾਲ ਇਨਾਂ ਦੋਵਾਂ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹਿਣ ਅਤੇ ਖੇਤੀਬਾੜੀ ਆਰਡੀਨੈਂਸਾਂ ਦੀ ਭਰਵੀਂ ਹਮਾਇਤ ਕਰਕੇ ਕੇਂਦਰ ਸਰਕਾਰ ਵਿੱਚ ਬੇਸ਼ਰਮੀ ਨਾਲ ਭਾਈਵਾਲ ਬਣੇ ਰਹਿਣ ਵਰਗੇ ਸ਼ਰਮਨਾਕ ਕਾਰਿਆਂ ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਅਪਣਾਏ ਜਾਂਦੇ ਦੋਹਰੇ ਮਾਪਦੰਡਾਂ ਦਾ ਪੂਰੀ ਤਰਾਂ ਪਰਦਾਫਾਸ਼ ਹੋ ਗਿਆ ਹੈ, ਜੋ ਕਿ ਉਨ੍ਹਾਂ ਦੇ ਕੇਂਦਰ ਵਿਚਲੇ ਕਿਸਾਨ ਵਿਰੋਧੀ ਸੱਤਾਧਾਰੀ ਗਠਜੋੜ ਦਾ ਹਿੱਸਾ ਬਣੇ ਰਹਿਣ ਤੋਂ ਸਾਫ ਜ਼ਾਹਰ ਹੁੰਦਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਅਕਾਲੀ ਅਜੇ ਤੱਕ ਵੀ ਕੇਂਦਰ ਸਰਕਾਰ ਦੀ ਜਨਤਕ ਤੌਰ 'ਤੇ ਆਲੋਚਨਾ ਕਰਨ ਤੋਂ ਇਨਕਾਰੀ ਹਨ। ਹਰਸਿਮਰਤ ਬਾਦਲ ਵੱਲੋਂ ਕੇਂਦਰੀ ਵਜ਼ਾਰਤ ਵਿੱਚੋਂ ਅਸਤੀਫਾ ਦੇਣ ਦਾ ਇਹ ਨਾਟਕ ਸ਼੍ਰੋਮਣੀ ਅਕਾਲੀ ਦਲ ਦੀ ਸੰਜੀਦਗੀ ਦਾ ਕਿਸਾਨਾਂ ਨੂੰ ਅਹਿਸਾਸ ਕਰਵਾਉਣ ਲਈ ਨਾਕਾਫੀ ਹੈ।ਕੇਂਦਰ 'ਤੇ ਕਾਬਜ਼ ਸੱਤਾਧਾਰੀ ਗਠਜੋੜ ਐਨ.ਡੀ.ਏ. ਵਿੱਚੋਂ ਬਾਹਰ ਆਉਣ ਤੋਂ ਲਗਾਤਾਰ ਨਾਂਹ ਕਰਨ ਲਈ ਸੁਖਬੀਰ ਬਾਦਲ ਉਤੇ ਸਵਾਲ ਖੜੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਹੱਥਕੰਡਿਆਂ ਤੋਂ ਪੰਜਾਬ ਦੇ ਕਿਸਾਨ ਪੂਰੀ ਤਰਾਂ ਜਾਣੂੰ ਹੋ ਚੁੱਕੇ ਹਨ ਅਤੇ ਅਕਾਲੀਆਂ ਨੂੰ ਹੁਣ ਇਸ ਡਰਾਮੇ ਤੋਂ ਕੋਈ ਵੀ ਲਾਹਾ ਲੈਣ ਦੀ ਇਜਾਜ਼ਤ ਨਹੀਂ ਦੇਣਗੇ।
ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
NEXT STORY