ਜਲੰਧਰ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ 'ਤੇ ਸਥਿਤੀ ਦੇ ਮੱਦੇਨਜ਼ਰ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧ 'ਚ ਅੱਜ ਸ਼ਾਮ ਫੌਜ, ਸੀਮਾ ਸੁਰੱਖਿਆ ਬਲ (ਬੀ. ਐਸ. ਐਫ), ਆਈ. ਟੀ. ਬੀ. ਪੀ ਅਤੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਾਇਜ਼ਾ ਲਿਆ। ਮੁੱਖ ਮੰਤਰੀ ਨੂੰ ਹਵਾਈ ਰੋਕਾਂ ਤੋਂ ਬਾਅਦ ਨਾਸਾਜ਼ਗਾਰ ਮੌਸਮ ਦੇ ਕਾਰਨ ਚੰਡੀਗੜ੍ਹ ਤੋਂ ਰਵਾਨਾ ਹੋਣ 'ਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਨਿਯੰਤਰਣ 'ਚ ਹੈ। ਫੌਜ ਤੇ ਨੀਮ ਫੌਜੀ ਬਲਾਂ ਨਾਲ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਫਵਾਹਾਂ ਦਾ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਸਰਗਰਮੀ 'ਚ ਲੱਗੇ ਹੋਏ ਹਨ। ਕੈਪਟਨ ਨੇ ਦੱਸਿਆ ਕਿ ਉਹ ਅਗਲੇ ਦੋ ਦਿਨਾਂ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ 'ਚ ਲੋਕਾਂ 'ਚ ਵਿਸ਼ਵਾਸ ਪੈਦਾ ਕਰਨ ਲਈ ਜਾਣਗੇ । ਉਨ੍ਹਾਂ ਨੇ ਪੁਲਵਾਮਾ ਵਿਖੇ ਸੀ. ਆਰ. ਪੀ. ਐਫ ਦੇ ਕਾਫਲੇ 'ਤੇ ਹਮਲੇ ਤੋਂ ਬਾਅਦ ਭਾਰਤੀ ਹਵਾਈ ਫੌਜ ਵਲੋਂ ਸਰਹੱਦ ਪਾਰ ਕਰਕੇ ਅੱਤਵਾਦੀਆਂ ਦੀਆਂ ਛੁਪਣਗਾਹਾਂ 'ਤੇ ਕੀਤੇ ਹਮਲੇ ਦੇ ਸੰਦਰਭ 'ਚ ਪੈਦਾ ਹੋਈ ਸਥਿਤੀ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੁਲਸ ਅਤੇ ਸੁਰੱਖਿਆ ਫੋਰਸਾਂ ਨੂੰ ਆਖਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਥਿਤੀ ਦੇ ਨਾਲ ਨਿਪਟਣ ਲਈ ਫੌਜ ਨੂੰ ਸੂਬੇ ਵੱਲੋਂ ਹਰ ਮਦਦ ਦੇਣ ਦੀ ਪੇਸ਼ਕਸ਼ ਕੀਤੀ ਤਾਂ ਜੋ ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ਦੀ ਸੁਰੱਖਿਆ ਅਤੇ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦ 'ਤੇ ਪੈਦਾ ਹੋਏ ਤਣਾਅ ਦੇ ਪਿਛੋਕੜ ਵਿੱਚ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ। ਸਾਰੀਆਂ ਨਾਜ਼ੁਕ ਥਾਵਾਂ 'ਤੇ ਸੁਰੱਖਿਆ ਦੇ ਲਈ ਚੁੱਕੇ ਗਏ ਕਦਮਾਂ ਬਾਰੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਖਿੱਤੇ 'ਚ ਆਰਮੀ ਬੇਸ ਅਤੇ ਹਵਾਈ ਅੱਡਿਆ ਸਣੇ ਸਾਰੀਆਂ ਨਾਜ਼ੁਕ ਸਥਾਪਤੀਆਂ ਬਾਰੇ ਦੱਸਿਆ। ਮੌਜੂਦਾ ਸਥਿਤੀਆਂ ਦੇ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਸਿਵਲ ਹਸਪਤਾਲਾਂ ਨੂੰ ਤਿਆਰ ਕਰਨ ਵਾਸਤੇ ਢੁੱਕਵੇਂ ਕਦਮ ਚੁੱਕੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਬਾਅਦ ਵਿੱਚ ਦੱਸਿਆ ਕਿ ਫੌਜ ਅਤੇ ਨੀਮ ਫੌਜੀ ਬਲਾਂ ਨੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਢੁੱਕਵੇ ਕਦਮ ਚੁੱਕੇ ਹਨ। ਮੀਟਿੰਗ 'ਚ ਹਾਜ਼ਰ ਹੋਰਨਾਂ 'ਚ ਮੇਜਰ ਜਨਰਲ ਆਰ. ਕੇ. ਸਿੰਘ, ਬੀ. ਐਸ. ਐਫ ਦੇ ਡੀ. ਆਈ. ਜੀ ਸੁਨੀਲ ਮੋਹਨ, ਸਕੁਵੈਡਨ ਲੀਡਰ ਰਾਹੁਲ ਨਾਇਕ ਅਤੇ ਕਮਾਂਡੈਂਟ ਆਈ.ਟੀ.ਬੀ.ਪੀ ਅਚਲ ਸ਼ਰਮਾ ਸ਼ਾਮਲ ਸਨ। ਚੰਡੀਗੜ੍ਹ ਤੋਂ ਰਵਾਨਾ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਅਮਨ ਕਾਨੂੰਨ ਨੂੰ ਬਣਾਈ ਰੱਖਣ ਸਬੰਧੀ ਕਦਮਾਂ ਬਾਰੇ ਵਿਚਾਰ ਕੀਤਾ।
ਅੰਮ੍ਰਿਤਸਰ 'ਚ ਰਾਤ ਨੂੰ ਬੋਲੇਗਾ ਖਤਰੇ ਦਾ ਘੁੱਗੂ, ਡਰਨ ਦੀ ਲੋੜ ਨਹੀਂ : ਹਵਾਈ ਫੌਜ
NEXT STORY