ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ. ਈ. ਆਈ. ਪੀ.) ਦੇ ਪਹਿਲੇ ਪੜਾਅ ਤਹਿਤ ਚੱਲ ਰਹੇ ਪ੍ਰਾਜੈਕਟਾਂ 'ਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੀ ਸਮਾਂ-ਸੀਮਾ 30 ਜੂਨ, 2020 ਨਿਰਧਾਰਤ ਕਰਨ ਦੀ ਹਦਾਇਤ ਕੀਤੀ ਹੈ।
ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਕੈ. ਅਮਰਿੰਦਰ ਨੇ ਵਧੀਕ ਮੁੱਖ ਸਕੱਤਰ ਨੂੰ ਪ੍ਰੋਗਰਾਮ ਦੇ ਪਹਿਲੇ ਪੜਾਅ-1 ਅਧੀਨ ਰਹਿੰਦੀਆਂ ਤਜਵੀਜ਼ਾਂ ਨੂੰ 15 ਜੂਨ ਤੱਕ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮ (ਪੀ. ਆਈ. ਡੀ. ਬੀ.) ਕੋਲ ਜਮ੍ਹਾਂ ਕਰਵਾਉਣ ਅਤੇ ਨਾਲ ਹੀ 15 ਜੂਨ ਤੱਕ ਸ਼ਹਿਰੀ ਸਥਾਨਕ ਇਕਾਈਆਂ ਤੋਂ ਪ੍ਰਾਪਤੀ ਤੋਂ ਬਾਅਦ ਦੂਜੇ ਪੜਾਅ ਅਧੀਨ ਫੰਡਿੰਗ ਲਈ ਤਜਵੀਜ਼ਾਂ ਵੀ ਜਮ੍ਹਾਂ ਕਰਵਾਉਣ ਲਈ ਕਿਹਾ। ਜ਼ਿਕਰਯੋਗ ਹੈ ਕਿ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਪੀ. ਆਈ. ਡੀ. ਬੀ. ਤੋਂ ਵਿੱਤੀ ਮਦਦ ਨਾਲ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਨੂੰ ਲਾਗੂ ਕੀਤਾ ਜਾ ਰਿਹਾ ਹੈ। ਚੱਲ ਰਹੇ ਪ੍ਰਾਜੈਕਟਾਂ ਦੀ ਸਮਾਂ-ਬੱਧ ਪ੍ਰਗਤੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਸ਼ੁੱਕਰਵਾਰ ਨੂੰ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ।
ਇਸ ਤੋਂ ਪਹਿਲਾਂ ਡਾਇਰੈਕਟਰ ਸਥਾਨਕ ਸਰਕਾਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਯੂ. ਈ. ਆਈ. ਪੀ. ਦੇ ਪਹਿਲੇ ਪੜਾਅ ਤਹਿਤ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ ਨੂੰ 298.75 ਕਰੋੜ ਰੁਪਏ ਦੀ ਵੰਡ ਕੀਤੀ ਗਈ ਸੀ ਪਰ ਅਜੇ ਤੱਕ ਸਿਰਫ਼ 108.44 ਕਰੋੜ ਰੁਪਏ ਦੇ ਪ੍ਰਾਜੈਕਟ/ਯੋਜਨਾਵਾਂ ਚਲਾਈਆਂ ਗਈਆਂ ਹਨ। ਇਸ 'ਚੋਂ ਹੁਣ ਤੱਕ ਸਿਰਫ਼ 40.89 ਕਰੋੜ ਰੁਪਏ ਖਰਚ ਕੀਤੇ ਗਏ ਹਨ। ਨਤੀਜੇ ਵਜੋਂ ਵਿਭਾਗ ਨੇ ਹੁਣ ਤੱਕ 1990.31 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟ ਪ੍ਰਸਤਾਵਾਂ ਨੂੰ ਫੰਡਿੰਗ ਲਈ ਪੀ. ਆਈ. ਡੀ. ਬੀ. ਕੋਲ ਜਮ੍ਹਾਂ ਕਰਵਾਉਣਾ ਹੈ ਅਤੇ ਸ਼ਹਿਰੀ ਸਥਾਨਕ ਇਕਾਈਆਂ ਨੇ ਹਾਲੇ ਹੋਰ 67.55 ਕਰੋੜ ਰੁਪਏ ਦੀ ਵਰਤੋਂ ਕਰਨੀ ਹੈ।
ਅੰਮ੍ਰਿਤਸਰ: ਦਿਨੋਂ-ਦਿਨ ਵੱਧ ਰਿਹੈ ਕੋਰੋਨਾ ਦਾ ਅਸਰ, ਹੁਣ ਗਰਭਵਤੀ ਡਾਕਟਰ ਨਿਕਲੀ ਪਾਜ਼ੇਟਿਵ
NEXT STORY