ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀ. ਐੱਸ. ਟੀ. , ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤੱਕ ਦੇ ਜਾਂਚ ਸਮੇਂ ਦੌਰਾਨ ਕੁੱਲ 5,12,51,688.37 ਰੁਪਏ ਖ਼ਰਚ ਕੀਤੇ ਜਦਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਬਣਦੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਇਸ ਸਮੇਂ ਦੌਰਾਨ ਆਪਣੀ ਅਸਲ ਆਮਦਨ ਤੋਂ 3,03,66,825 ਰੁਪਏ ਵੱਧ ਖ਼ਰਚ ਕੀਤੇ ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, ਸ਼ਹਿਰ ਨੂੰ ਸੁੰਦਰ ਬਣਾਉਣ ਲਈ ਲਿਆ ਵੱਡਾ ਫ਼ੈਸਲਾ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਆਬਕਾਰੀ ਵਿਭਾਗ ਦੇ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) (ਬੀ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਬਠਿੰਡਾ ਜ਼ਿਲ੍ਹੇ ਨੂੰ ਦਹਿਲਾਉਣ ਦੀ ਧਮਕੀ, ਕਿਹਾ- ਇਸ ਨੂੰ ਤਾਂ ਹੁਣ ਰੱਬ ਹੀ ਬਚਾਵੇਗਾ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਬਲਬੀਰ ਕੁਮਾਰ ਬਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ. ਐੱਸ. ਟੀ. ਉਗਰਾਹੀ ਵਿੱਚ ਘਪਲਾ ਕੀਤਾ ਸੀ। ਇਸ ਸਬੰਧੀ 21.08.2020 ਨੂੰ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ 7, 7-ਏ ਤਹਿਤ ਵਿਜੀਲੈਂਸ ਬਿਊਰੋ ਪੁਲਸ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਬਲਬੀਰ ਕੁਮਾਰ ਬਿਰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਬਿਊਰੋ ਕੋਲ ਉਕਤ ਕੇਸ ਸਬੰਧੀ ਜਾਂਚ ਵਿੱਚ ਸ਼ਾਮਲ ਹੋਇਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਦੇਰ ਰਾਤ ਚੱਲੀ ਹਨ੍ਹੇਰੀ ਨੇ ਹਿਲਾਈਆਂ ਪਾਵਰਕਾਮ ਦੀਆਂ ਚੂਲਾਂ, ਕਰੋੜਾਂ ਦਾ ਹੋਇਆ ਨੁਕਸਾਨ
NEXT STORY