ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਨਾ): ਕੱਚਾ ਭਾਗਸਰ ਰੋਡ 'ਤੇ ਐਤਵਾਰ ਦੀ ਦੇਰ ਰਾਤ ਲਗਭਗ ਸਾਢੇ 10 ਵਜੇ ਘਰ ਦੇ ਗੇਟ ਦੇ ਸਾਹਮਣੇ 21 ਸਾਲਾ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਵਿਚ ਨੌਜਵਾਨ ਅਨਿਲ ਕੁਮਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਹਿਲਾਂ ਨਿੱਜੀ ਹਸਪਤਾਲ, ਫਿਰ ਸਰਕਾਰੀ ਹਸਪਤਾਲ ਅਤੇ ਉਸ ਤੋਂ ਬਾਅਦ ਫਰੀਦਕੋਟ ਰੈਫਰ ਕੀਤਾ ਗਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਗੌਰਤਲਬ ਹੈ ਕਿ ਐਤਵਾਰ ਦੀ ਦੇਰ ਰਾਤ ਲਗਭਗ ਸਾਢੇ 10 ਵਜੇ ਅਨਿਲ ਕੁਮਾਰ ਆਪਣੇ ਪਰਿਵਾਰ ਸਮੇਤ ਕਿਸੇ ਪਾਰਟੀ ਤੋਂ ਵਾਪਸ ਪਰਤ ਰਿਹਾ ਸੀ। ਜਦੋਂ ਉਹ ਆਪਣੇ ਘਰ ਦੇ ਗੇਟ ਦੇ ਸਾਹਮਣੇ ਪਹੁੰਚਿਆ, ਤਾਂ ਦੋ ਮੋਟਰਸਾਈਕਲਾਂ 'ਤੇ ਸਵਾਰ ਕੁਝ ਅਣਪਛਾਤੇ ਵਿਅਕਤੀ ਉੱਥੇ ਪਹੁੰਚੇ। ਪਰਿਵਾਰ ਮੁਤਾਬਕ, ਉਨ੍ਹਾਂ ਵਿਅਕਤੀਆਂ ਨੇ ਅਨਿਲ ਕੁਮਾਰ ਤੋਂ ਪੁੱਛਿਆ ਕਿ ਕੀ ਉਹ ਇੱਥੇ ਹੀ ਰਹਿੰਦੇ ਹਨ, ਅਤੇ ਇਸ ਤੋਂ ਤੁਰੰਤ ਬਾਅਦ ਉਸ 'ਤੇ ਗੋਲੀਆਂ ਚਲਾ ਦਿੱਤੀਆਂ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਲਗਭਗ ਚਾਰ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿਚੋਂ ਤਿੰਨ ਗੋਲੀਆਂ ਅਨਿਲ ਕੁਮਾਰ ਨੂੰ ਲੱਗਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਅਣਪਛਾਤੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਹਾਲਤ ਵਿਚ ਅਨਿਲ ਨੂੰ ਇਲਾਜ ਲਈ ਪਹਿਲਾਂ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਸਰਕਾਰੀ ਹਸਪਤਾਲ ਅਤੇ ਬਾਅਦ ਵਿਚ ਫ਼ਰੀਦਕੋਟ ਰੈਫਰ ਕੀਤਾ ਗਿਆ। ਅਨਿਲ ਕੁਮਾਰ ਦੇ ਮਾਤਾ-ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਉਸ ਦੀ ਕਿਸੇ ਨਾਲ ਕੋਈ ਲੜਾਈ ਹੋਈ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਅਨਿਲ ਨੂੰ ਗੋਲੀਆਂ ਕਿਉਂ ਮਾਰੀਆਂ ਗਈਆਂ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਐੱਸ.ਐੱਚ.ਓ., ਪੁਲਸ ਅਧਿਕਾਰੀ ਅਤੇ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸਿਟੀ ਦੀ ਐੱਸ.ਐੱਚ.ਓ. ਰਮਨਦੀਪ ਕੌਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਚਾਰ ਰਾਊਂਡ ਫਾਇਰ ਕੀਤੇ ਗਏ ਹਨ ਅਤੇ ਨੌਜਵਾਨ ਨੂੰ ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਖਮੀ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਇਸ ਸਮੇਂ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਨੂੰ ਫੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਜਲੰਧਰ ਦੇ DC ਦਫ਼ਤਰ ਪਹੁੰਚੇ MP ਚੰਨੀ, ਡਿਪਟੀ ਕਮਿਸ਼ਨਰ ਤੇ CP ਦੇ ਗੈਰ-ਹਾਜ਼ਰ ਮਿਲਣ 'ਤੇ ਚੁੱਕੇ ਸਵਾਲ
NEXT STORY