ਬਟਾਲਾ (ਬੇਰੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਲਗਾਤਾਰ ਮਹੱਤਵਪੂਰਨ ਫੈਸਲੇ ਲੈ ਰਹੀ ਹੈ ਅਤੇ ਕੇਂਦਰ ਸਰਕਾਰ ਨੇ ਹਰ ਔਖੇ ਸਮੇਂ ਵਿੱਚ ਲੋਕਾਂ ਦਾ ਸਾਥ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਅਸ਼ਵਨੀ ਸੇਖੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਜਿਥੇ ਪੰਜਾਬ ਦੇ ਲੱਖਾਂ ਪਿੰਡਾਂ ’ਚ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ, ਉੱਥੇ ਨਾਲ ਹੀ ਇਸ ਹੜ੍ਹ ਦੇ ਚਲਦਿਆਂ ਲੋਕਾਂ ਦੇ ਘਰਾਂ ਅਤੇ ਪਸ਼ੂਆਂ ਦਾ ਕਾਫੀ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਕੇਂਦਰੀ ਟੀਮਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੋਏ ਨੁਕਸਾਨ ਬਾਰੇ ਰਿਪੋਰਟਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸੂਬੇ ਵਿੱਚ ਹੜ੍ਹ ਨਾਲ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਸੀ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਇੱਕ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਨ ਦੀ ਬੇਨਤੀ ਕੀਤੀ ਸੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਮੰਗ ਨੂੰ ਧਿਆਨ ’ਚ ਰੱਖਦੇ ਹੋਏ ਉਨ੍ਹਾਂ ਵਲੋਂ ਭੇਜੇ ਗਏ ਪ੍ਰਸਤਾਵ ’ਤੇ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਰਾਜ ਸਰਕਾਰ ਨੂੰ ਐੱਸ.ਡੀ.ਆਰ.ਐੱਫ ਦੇ ਤਹਿਤ ਵਿੱਤੀ ਸਾਲ 2025-26 ਦੇ ਲਈ 642.40 ਕਰੋੜ (481.60 ਕਰੋੜ ਕੇਂਦਰੀ ਹਿੱਸਾ+160.80 ਕਰੋੜ ਰਾਜ ਹਿੱਸਾ) ਅਲਾਟ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ 18 ਜੂਨ, 2025 ਨੂੰ ਐੱਸ.ਡੀ.ਆਰ.ਐੱਫ ਦੇ ਕੇਂਦਰੀ ਹਿੱਸੇ ਵਿੱਚੋਂ 240.80 ਕਰੋੜ ਦੀ ਪਹਿਲੀ ਕਿਸ਼ਤ ਰਾਜ ਸਰਕਾਰ ਨੂੰ ਜਾਰੀ ਕੀਤੀ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਐੱਸ.ਡੀ.ਆਰ.ਐੱਫ ਦੇ ਕੇਂਦਰੀ ਹਿੱਸੇ ਵਿੱਚੋਂ 240.80 ਕਰੋੜ ਦੀ ਦੂਜੀ ਕਿਸ਼ਤ ਵੀ 10 ਸਤੰਬਰ, 2025 ਨੂੰ ਰਾਜ ਸਰਕਾਰ ਨੂੰ ਜਾਰੀ ਕੀਤੀ ਗਈ ਸੀ। ਇਸ ਤੋਂ ਇਲਾਵਾ ਰਾਜ ਸਰਕਾਰ ਵਲੋਂ ਐੱਸ.ਡੀ.ਆਰ.ਐੱਫ ਖਾਤੇ ਵਿਚ 1 ਅਪ੍ਰੈਲ 2025 ਨੂੰ 11947.20 ਕਰੋੜ ਦਾ ਸ਼ੁਰੂਆਤੀ ਬਕਾਇਆ ਉਪਲਬਧ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਔਖੇ ਸਮੇਂ ਵਿੱਚ ਪੰਜਾਬ ਅਤੇ ਪੰਜਾਬੀਆਂ ਦਾ ਸਾਥ ਦਿੱਤਾ ਹੈ ਅਤੇ ਹਮੇਸ਼ਾ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ, ਪਰ ਪੰਜਾਬ ਸਰਕਾਰ ਲੋਕਾਂ ਨੂੰ ਕੇਂਦਰ ਸਰਕਾਰ ਬਾਰੇ ਗੁੰਮਰਾਹ ਕਰ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਜ਼ੁਰਗ ਅਖ਼ਬਾਰ ਵਿਕਰੇਤਾ 'ਤੇ ਹਮਲਾ, ਬੇਰਹਿਮੀ ਨਾਲ ਕੁੱਟਮਾਰ ਕਰਕੇ ਖੋਹ ਲਈ ਨਕਦੀ ਅਤੇ ਮੋਬਾਈਲ
NEXT STORY