ਚੰਡੀਗੜ੍ਹ, (ਅਸ਼ਵਨੀ)- ਖੇਤੀ ਕਾਨੂੰਨਾਂ ਖਿਲਾਫ ਸੜਕਾਂ ’ਤੇ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ’ਤੇ ਚੰਡੀਗੜ੍ਹ ਦੇ ਬਾਰਡਰ ’ਤੇ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਪੰਜਾਬ ਦਾ ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਹਿਰਾਸਤ ਵਿਚ ਲੈ ਲਿਆ ਗਿਆ।
ਉਧਰ, ਮੁੱਲਾਂਪੁਰ ਬਾਰਡਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਵੀ ਪੁਲਸ ਨੇ ਰੋਕ ਲਿਆ। ਦੱਸਿਆ ਜਾ ਰਿਹਾ ਹੈ ਕਿ ਮੁੱਲਾਂਪੁਰ ਬਾਰਡਰ ’ਤੇ ਪੁਲਸ ਨੇ ਸਖਤੀ ਦਿਖਾਉਂਦੇ ਹੋਏ ਅਕਾਲੀ ਨੇਤਾਵਾਂ ’ਤੇ ਪਾਣੀ ਦੀਆਂ ਵਾਛੜਾਂ ਸੁੱਟੀਆਂ। ਪੁਲਸ ਦੀ ਇਸ ਕਾਰਵਾਈ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ ਹੈ। ਅਕਾਲੀ ਨੇਤਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਲਾਠੀਚਾਰਜ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।
ਦੇਰ ਰਾਤ ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਧਰਨੇ ’ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਅਕਾਲੀ ਦਲ ਦੇ ਵਰਕਰਾਂ ਨੇ ਅਕਾਲੀ ਲੀਡਰਸ਼ਿਪ ਨੂੰ ਛੇਤੀ ਤੋਂ ਛੇਤੀ ਰਿਹਾਅ ਕਰਨ ਦੀ ਵੀ ਮੰਗ ਕੀਤੀ ਹੈ।
ਚੰਡੀਗੜ੍ਹ ਦੇ ਬਾਰਡਰ ਸੀਲ
ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਮਾਰਚ ਨੂੰ ਵੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਨਾਲ ਲੱਗਦੇ ਚੰਡੀਗੜ੍ਹ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਹਨ। ਬਾਰਡਰ ’ਤੇ ਤਿੰਨ ਸ਼੍ਰੇਣੀ ਦੀ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਸਭ ਤੋਂ ਪਹਿਲਾਂ ਬੈਰੀਕੇਡ ਲਾ ਕੇ ਚੰਡੀਗੜ੍ਹ ਪੁਲਸ ਦੇ ਮੁਲਾਜ਼ਮ ਤਾਇਨਾਤ ਹਨ ਤਾਂ ਉਸ ਦੇ ਪਿੱਛੇ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਕੜੀ ’ਚ ਤੀਜੀ ਸ਼੍ਰੇਣੀ ਵਿਚ ਪਾਣੀ ਦੀਆਂ ਵਾਛੜਾਂ ਕਰਨ ਵਾਲੇ ਵਾਹਨਾਂ ਸਮੇਤ ਵਾਧੂ ਫੋਰਸ ਨੂੰ ਤਇਨਾਤ ਕੀਤਾ ਗਿਆ ਹੈ। ਦੇਰ ਰਾਤ ਤੱਕ ਅਕਾਲੀ ਦਲ ਵਰਕਰ ਇਸ ਬਾਰਡਰ ’ਤੇ ਪੁਲਸ ਤੋਂ ਚੰਡੀਗੜ੍ਹ ’ਚ ਦਾਖਲੇ ਦੀ ਮੰਗ ਕਰਦੇ ਰਹੇ ਪਰ ਪੁਲਸ ਨੇ ਉਨ੍ਹਾਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ।
ਧਾਰਾ 144 ਲਾਈ
ਸ਼੍ਰੋਮਣੀ ਅਕਾਲੀ ਦਲ ਦੇ ਅੰਦੋਲਨ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਬਾਰਡਰ ਦੇ ਆਸ-ਪਾਸ ਅਤੇ ਚੰਡੀਗੜ੍ਹ ਵਿਚ ਧਾਰਾ 144 ਲਾ ਦਿੱਤੀ ਹੈ। ਬਾਰਡਰ ’ਤੇ ਹੀ ਵੱਡੇ ਪੋਸਟਰ ਲਾ ਕੇ ਧਾਰਾ 144 ਲਾਏ ਜਾਣ ਦੀ ਸੂਚਨਾ ਦਿੱਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦੀ ਮੰਨੀਏ ਤਾਂ ਧਾਰਾ 144 ਦੀ ਉਲੰਘਣਾ ਕਿਸੇ ਨੂੰ ਵੀ ਕਰਨ ਨਹੀਂ ਦਿੱਤੀ ਜਾਵੇਗੀ। ਜੇਕਰ ਕਾਨੂੰਨ ਵਿਵਸਥਾ ਨਾਲ ਖਿਲਵਾੜ ਕੀਤਾ ਗਿਆ ਤਾਂ ਪੁਲਸ ਸਖਤੀ ਨਾਲ ਨਿਪਟੇਗੀ।
3 ਸਿੱਖ ਧਾਰਮਿਕ ਤਖਤਾਂ ਤੋਂ ਕੱਢਿਆ ਰੋਸ ਮਾਰਚ
ਇਸ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ’ਤੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਵਿਸ਼ਾਲ ਕਿਸਾਨ ਮਾਰਚ ਕੱਢਿਆ ਗਿਆ। ਇਸ ਮਾਰਚ ਦਾ ਆਗਾਜ਼ 3 ਸਿੱਖ ਧਾਰਮਿਕ ਤਖਤਾਂ ਤੋਂ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ’ਚ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਸਾਨ ਮਾਰਚ ਦੀ ਅਗਵਾਈ ਕੀਤੀ। ਅੰਮ੍ਰਿਤਸਰ ਸਾਹਿਬ ਤੋਂ ਕੱਢਿਆ ਗਿਆ ਮਾਰਚ ਚੰਡੀਗੜ੍ਹ ਬਾਰਡਰ ਤੱਕ ਪਹੁੰਚਣ ਤੋਂ ਪਹਿਲਾਂ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ, ਮੁੱਲਾਂਪੁਰ ਪਹੁੰਚਿਆ। ਉਥੇ ਹੀ, ਤਲਵੰਡੀ ਸਾਬੋ ਤੋਂ ਨਿਕਲਿਆ ਕਿਸਾਨ ਮਾਰਚ ਤਪਾ, ਬਨਰਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ ਤੋਂ ਹੁੰਦਾ ਹੋਇਆ ਜ਼ੀਰਕਪੁਰ ਪਹੁੰਚਿਆ। ਉਥੇ ਹੀ ਸ੍ਰੀ ਆਨੰਦਪੁਰ ਸਾਹਿਬ ਤੋਂ ਨਿਕਲਿਆ ਕਿਸਾਨ ਮਾਰਚ ਰੋਪੜ ਬਾਈਪਾਸ ਤੋਂ ਹੁੰਦਾ ਹੋਇਆ ਚੰਡੀਗੜ੍ਹ ਬਾਰਡਰ ਤੱਕ ਪਹੁੰਚਿਆ। ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਇਨ੍ਹਾਂ ਸਾਰੇ ਨੇਤਾਵਾਂ ਨੇ ਚੰਡੀਗੜ੍ਹ ’ਚ ਇਕੱਠੇ ਹੋ ਕੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਰਾਜਪਾਲ ਰਾਹੀਂ ਕੇਂਦਰ ਸਰਕਾਰ ਨੂੰ ਕਾਨੂੰਨ ਰੱਦ ਕਰਨ ਦੀ ਮੰਗ ਕਰਦੇ ਹੋਏ ਇਕ ਮੈਮੋਰੰਡਮ ਸੌਂਪਣਾ ਸੀ ਪਰ ਦੇਰ ਰਾਤ ਤੱਕ ਚੰਡੀਗੜ੍ਹ ਪੁਲਸ ਨੇ ਇਨ੍ਹਾਂ ਨੇਤਾਵਾਂ ਨੂੰ ਚੰਡੀਗੜ੍ਹ ’ਚ ਦਾਖਲ ਨਹੀਂ ਹੋਣ ਦਿੱਤਾ।
ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ : ਸੁਖਬੀਰ
ਅੰਮ੍ਰਿਤਸਰ ਤੋਂ ਨਿਕਲੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਇਹ ਮਾਰਚ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਦੇ ਖਿਲਾਫ ਹੈ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਸੰਸਦ ਸੈਸ਼ਨ ਬੁਲਾ ਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ। ਇਹ ਕਾਲ਼ੇ ਕਾਨੂੰਨ ਹਨ, ਇਹ ਕਿਸਾਨ ਵਿਰੋਧੀ ਹਨ। ਉਥੇ ਹੀ, ਸ਼੍ਰੋਮਣੀ ਅਕਾਲੀ ਦਲ ਨੇਤਾ ਦਲਜੀਤ ਚੀਮਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਕਿਸਾਨ ਨਾਲ ਖੜ੍ਹਾ ਹੈ ਅਤੇ ਅੱਜ ਦੇ ਮਾਰਚ ਰਾਹੀਂ ਵੀ ਅਕਾਲੀ ਦਲ ਨੇ ਕਿਸਾਨੀ ਕਾਨੂੰਨਾਂ ਖਿਲਾਫ ਆਪਣੀ ਜਿੰਮੇਵਾਰੀ ਨਿਭਾਈ ਹੈ। ਚੀਮਾ ਨੇ ਭਾਜਪਾ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਭਾਜਪਾ ਪੰਜਾਬ ਵਿਚ ਖੇਤੀ ਕਾਨੂੰਨਾਂ ਦੇ ਮਾਮਲੇ ’ਚ ਗਲਤ ਪ੍ਰਚਾਰ ਕਰ ਰਹੀ ਹੈ। ਕਿਸਾਨ ਸੰਗਠਨਾਂ ਨੂੰ ਨਕਸਲੀ ਦੱਸਿਆ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਤੋਂ ਪੰਜਾਬ ਵਿਚ ਉੱਠਣ ਵਾਲੀ ਆਵਾਜ਼ ਨੂੰ ਅੱਤਵਾਦ ਅਤੇ ਵੱਖਵਾਦ ਨਾਲ ਜੋੜਦੀ ਰਹੀ ਹੈ। ਹੁਣ ਕੇਂਦਰ ’ਚ ਭਾਜਪਾ ਦੀ ਸਰਕਾਰ ਹੈ ਤਾਂ ਉਹੀ ਹਥਕੰਡੇ ਅਪਣਾਏ ਜਾ ਰਹੇ ਹਨ।
ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ : ਹਰਸਿਮਰਤ
ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਅਗਵਾਈ ’ਚ ਤਖਤ ਸ੍ਰੀ ਤਲਵੰਡੀ ਸਾਬੋ ਤੋਂ ਚੱਲਿਆ 50 ਕਿਲੋਮੀਟਰ ਲੰਮਾ ਰੋਸ ਮਾਰਚ 200 ਕਿਲੋਮੀਟਰ ਦਾ ਪੈਂਡਾ ਤੈਅ ਕਰਕੇ ਰਾਤ 8.45 ਵਜੇ ਚੰਡੀਗੜ੍ਹ ਪਹੁੰਚਿਆ। ਉਥੇ ਚੰਡੀਗੜ੍ਹ ਪੁਲਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਪੁਲਸ ਦੀ ਇਸ ਕਾਰਵਾਈ ਦੇ ਵਿਰੁੱਧ ਹਰਸਿਮਰਤ ਬਾਦਲ, ਬਲਵਿੰਦਰ ਸਿੰਘ ਭੂੰਦੜ, ਬੰਟੀ ਰੋਮਾਣਾ ਅਤੇ ਹੋਰ ਨੇਤਾ ਉਥੇ ਹੀ ਧਰਨੇ ’ਤੇ ਬੈਠ ਗਏ। ਕੁਝ ਸਮੇਂ ਬਾਅਦ ਚੰਡੀਗੜ੍ਹ ਪੁਲਸ ਨੇ ਇਨ੍ਹਾਂ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ। ਇਸ ਤੋਂ ਬਾਅਦ ਅਕਾਲੀ ਦਲ ਦੇ ਵਰਕਰ ਬੈਰੀਕੇਡ ਤੋੜ ਕੇ ਅੱਗੇ ਵਧਣ ਲੱਗੇ ਤਾਂ ਪੁਲਸ ਨੇ ਉਨ੍ਹਾਂ ’ਤੇ ਲਾਠੀਚਾਰਜ ਕੀਤ। ਅਕਾਲੀ ਦਲ ਦੇ ਵਰਕਰਾਂ ਤੇ ਪੁਲਸ ਵਿਚਾਲੇ ਅੱਧਾ ਘੰਟਾ ਹੋਈ ਝੜਪ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਨੂੰ ਲਾਠੀਚਾਰਜ ਕਰਕੇ ਪਿੱਛੇ ਧੱਕ ਦਿੱਤਾ ਪਰ ਗੁੱਸੇ ’ਚ ਆਏ ਵਰਕਰ ਲਗਾਤਾਰ ਕੇਂਦਰ ਸਰਕਾਰ ਤੇ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਰਹੇ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਮੌਕੇ ਐਲਾਨ ਕੀਤਾ ਕਿ ਅਕਾਲੀ ਵਰਕਰ ਉਦੋਂ ਤੱਕ ਟਿਕ ਕੇ ਨਹੀਂ ਬੈਠਣਗੇ ਜਦੋਂ ਤੱਕ ਇਹ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦਾ ਸਾਥ ਦਿੰਦੇ ਹੋਏ ਇਸ ਵਿਸ਼ਵਾਸਘਾਤ ਖਿਲਾਫ ਰਾਜਪਾਲ ਨੂੰ ਮੈਮੋਰੰਡਮ ਸੌਂਪਣਾ ਚਾਹੁੰਦਾ ਹੈ। ਧਰਨੇ ’ਤੇ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਬਰਾੜ ਨੇ ਕਿਹਾ ਕਿ ਕੈਪਟਨ ਸਰਕਾਰ ਤੇ ਮੋਦੀ ਸਰਕਾਰ ਰਲ ਕੇ ਕਿਸਾਨੀ ਨੂੰ ਖਤਮ ਕਰਨ ਵਾਲੇ ਬਿੱਲ ਲਿਆਂਦੇ ਨੇ। ਉਨ੍ਹਾਂ ਕਿਹਾ ਕਿ ਜਿੰਨੀ ਕੇਂਦਰ ਸਰਕਾਰ ਦੋਸ਼ੀ ਹੈ, ਉਨੀ ਹੀ ਸੂਬਾ ਸਰਕਾਰ ਵੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਤੇ ਲੀਡਰਾਂ ’ਚ ਇੰਨਾ ਉਤਸ਼ਾਹ ਹੈ ਕਿ ਉਹ ਇਨ੍ਹਾਂ ਬੈਰੀਕੈਡਾਂ ਨੂੰ ਤਾਂ ਕੀ ਿਦੱਲੀ ਸਰਕਾਰ ਨੂੰ ਵੀ ਹਿਲਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਅਗਲਾ ਟੀਚਾ ਿਦੱਲੀ ਵੱਲ ਕੂਚ ਕਰਨ ਦਾ ਹੈ।
ਚੰਡੀਗਡ਼੍ਹ ਪੁਲਸ ਵੱਲੋਂ ਮੁੱਲਾਂਪੁਰ ਬਾਰਡਰ 'ਤੇ ਧਰਨਾ ਦੇ ਰਹੇ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ 'ਚ ਬਿਕਰਮ ਸਿੰਘ ਮਜੀਠੀਆ ਬੀਬੀ ਜਗੀਰ ਕੌਰ ਦਾ ਨਾਮ ਸਾਹਮਣੇ ਆ ਰਿਹਾ ਹੈ। ਇਨ੍ਹਾਂ ਸਾਰਿਆਂ ਆਗੂਆਂ ਨੂੰ ਚੰਡੀਗਡ਼੍ਹ 17 ਸੈਕਟਰ 'ਚ ਲਿਜਾਇਆ ਗਿਆ ਹੈ।
ਆਪਣੇ ਆਗੂਆਂ ਦੀ ਗ੍ਰਿਫਤਾਰੀ ਦੇ ਰੋਸ 'ਚ ਅਕਾਲੀ ਵਰਕਰਾਂ ਵੱਲੋਂ ਜ਼ਬਰਦਸਤ ਹੰਗਾਮਾਂ ਕੀਤਾ ਗਿਆ। ਜਿਸ ਕਾਰਨ ਉਨ੍ਹਾਂ 'ਤੇ ਕਾਬੂ ਪਾਉਣ ਲਈ ਚੰਡੀਗਡ਼੍ਹ ਪੁਲਸ ਨੇ ਅਕਾਲੀ ਵਰਕਰਾਂ 'ਤੇ ਲਾਠੀਚਾਰਜ ਕਰ ਦਿੱਤਾ ਅਤੇ ਨਾਲ ਹੀ ਉਨ੍ਹਾਂ ਨੂੰ ਖਦੇੜਨ ਲਈ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੂੰ ਚੰਡੀਗੜ੍ਹ ਪੁਲਸ ਵੱਲੋਂ ਹਿਰਾਸਤ 'ਚ ਲਿਆ ਗਿਆ ਸੀ।
ਚੰਡੀਗਡ਼੍ਹ ਪੁਲਸ ਨੇ ਹਰਸਿਮਰਤ ਕੌਰ ਬਾਦਲ ਤੇ ਬੰਟੀ ਰਮਾਣਾ ਨੂੰ ਕੀਤਾ ਗ੍ਰਿਫਤਾਰ, ਕਾਫਲੇ 'ਤੇ ਵਰ੍ਹਾਏ ਡੰਡੇ
NEXT STORY