ਜਲੰਧਰ (ਸੋਨੂੰ)—ਦਿੱਲੀ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਢਾਹੁਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਗੁੱਸੇ 'ਚ ਆਏ ਰਵਿਦਾਸ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਮਾਮਲੇ ਸਬੰਧੀ ਅੱਜ ਜਲੰਧਰ ਦੇ ਸਰਕਿਟ ਹਾਊਸ 'ਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਜ਼ਿਲਾ ਪ੍ਰਸ਼ਾਸਨ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਅਰੁਣਾ ਚੌਧਰੀ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਮੌਜੂਦ ਰਹੇ।

ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 13 ਅਗਸਤ ਨੂੰ ਜੋ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ, ਉਸ 'ਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਵਰਕਰ ਕੱਲ੍ਹ ਸੜਕਾਂ 'ਤੇ ਉਤਰ ਕੇ ਰਵਿਦਾਸ ਭਾਈਚਾਰੇ ਦਾ ਸਮਰਥਨ ਦਿੰਦੇ ਹੋਏ ਭਾਜਪਾ ਅਤੇ ਆਰ. ਐੱਸ. ਐੱਸ. ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਦਿੱਲੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਢਾਹੇ ਜਾਣ ਦੇ ਪਿੱਛੇ ਆਰ.ਐੱਸ.ਐੱਸ. ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਦੌਰਾਨ ਵਿਧਇਕ ਸੁਸ਼ੀਲ ਰਿੰਕੂ, ਰਾਜਿੰਦਰ ਬੇਰੀ, ਬਾਵਾ ਹੈਨਰੀ, ਰਾਜ ਕੁਮਾਰ ਚੱਬੇਵਾਲ ਸਮੇਤ ਹੋਰ ਆਗੂਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਮਸਲਾ ਦਿੱਲੀ ਸਰਕਾਰ ਨਾਲ ਜੁੜਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਇਸ ਮਸਲੇ ਬਾਰੇ ਬੇਹੱਦ ਸੰਜੀਦਾ ਹੈ ਅਤੇ ਪੰਜਾਬ ਸਰਕਾਰ ਸਮਾਜ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਕੈਬਨਿਟ ਮੰਤਰੀਆਂ ਦੇ ਨਾਲ ਜਲੰਧਰ ਵਿਖੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਅਗਵਾਈ ਜ਼ਿਲਾ ਪ੍ਰਸ਼ਾਸਨ ਅਤੇ ਦਲਿਤ ਭਾਈਚਾਰੇ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਜਲੰਧਰ ਵਾਸੀਆਂ ਨੂੰ ਕੱਲ੍ਹ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਗਈ ਹੈ। ਸਕੂਲ ਅਤੇ ਕਾਲਜ 'ਚ ਛੁੱਟੀ ਹੋਣ ਦੇ ਐਲਾਨ ਦੇ ਸਵਾਲ 'ਤੇ ਡੀ. ਸੀ. ਨੇ ਕਿਹਾ ਕਿ ਸਕੂਲ, ਕਾਲਜ 'ਚ ਛੁੱਟੀ ਕਰਨ ਬਾਰੇ ਪੰਜਾਬ 'ਚ ਸਿੱਖਿਆ ਮੰਤਰੀ ਵੱਲੋਂ ਐਲਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਸਿਰਫ ਜਲੰਧਰ ਦਾ ਹੀ ਨਹੀਂ ਸਗੋਂ ਸਾਰੇ ਪੰਜਾਬ ਦਾ ਮਸਲਾ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਸਕੂਲ ਕਾਲਜ 'ਚ ਛੁੱਟੀ ਹੋਣ ਬਾਰੇ ਅਜਿਹਾ ਕੋਈ ਵੀ ਐਲਾਨ ਨਹੀਂ ਹੈ।
ਬੈਂਕ ਚੈੱਕ ਦੇ ਮਾਰਫਤ 3.50 ਲੱਖ ਹੜੱਪਣ ਦੇ ਬਾਵਜੂਦ ਨਹੀਂ ਬਣਾ ਕੇ ਦਿੱਤਾ ਮਕਾਨ
NEXT STORY