ਚੰਡੀਗੜ੍ਹ (ਅੰਕੁਰ ਤਾਂਗੜੀ) : ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂਆਂ ਨੇ ਪੰਜਾਬ ਮਾਮਲਿਆਂ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ ਅਤੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪਾਇਲਟ ਨਾਲ ਪੰਜਾਬ ਦੇ ਸਿਆਸੀ ਹਾਲਾਤ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ। ਇਸੇ ਵਿਚਾਲੇ ਮੁਲਾਕਾਤ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ 'ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਭਾਜਪਾ ’ਤੇ ਨਿਸ਼ਾਨਾ ਸਾਧਿਆ। ਚੰਨੀ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸਿਰਫ਼ ਵੱਡੀਆਂ-ਵੱਡੀਆਂ ਰੈਲੀਆਂ ਅਤੇ ਭਾਸ਼ਣ ਕਰਨ ਦੀ ਬਜਾਏ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ।
ਚੰਨੀ ਨੇ ਕਿਹਾ ਕਿ ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ 'ਚ ਸੁਰੱਖਿਆ ਬਲ ਤਾਇਨਾਤ ਹਨ ਅਤੇ ਕੇਂਦਰ ਸਰਕਾਰ ਦੀ ਵੀ ਇਸ ਮਾਮਲੇ 'ਚ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਹੱਦ ਪਾਰੋਂ ਨਸ਼ਾ ਪੰਜਾਬ 'ਚ ਆ ਰਿਹਾ ਹੈ ਤਾਂ ਇਸ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਡਰੋਨ ਰਾਹੀਂ ਨਸ਼ਾ ਆਉਣ ਦੇ ਮੁੱਦੇ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਪੁਲਸ ਕਰਮਚਾਰੀਆਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ।
ਚੰਨੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ 'ਚ ਜਿਨ੍ਹਾਂ ਲੋਕਾਂ ਵੱਲੋਂ ਮੰਗਾਂ ਰੱਖੀਆਂ ਜਾ ਰਹੀਆਂ ਹਨ, ਉਨ੍ਹਾਂ ਦੀਆਂ ਮੰਗਾਂ ’ਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬ ਸਰਕਾਰ ਦੀ ਨਹੀਂ, ਸਗੋਂ ਸਰਹੱਦ ਅਤੇ ਸੁਰੱਖਿਆ ਨਾਲ ਜੁੜੀਆਂ ਕੇਂਦਰੀ ਏਜੰਸੀਆਂ ਦੀ ਵੀ ਜ਼ਿੰਮੇਵਾਰੀ ਹੈ। ਇਸ ਤੋਂ ਇਲਾਵਾ ਚੰਨੀ ਨੇ ਯੂਨੀਵਰਸਿਟੀ ਨਾਲ ਜੁੜੇ ਵਿਵਾਦ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਨਾਲ ਸਬੰਧਿਤ ਯੂਨੀਵਰਸਿਟੀ 'ਚ ਹੋਏ ਘਟਨਾਕ੍ਰਮ ਨੂੰ ਲੈ ਕੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਯੂਨੀਵਰਸਿਟੀ 'ਚ ਸਰਕਾਰੀ ਤਾਕਤ ਦੀ ਵਰਤੋਂ ਕੀਤੀ ਗਈ ਅਤੇ ਇਸ ਕਾਰਨ ਵੱਡਾ ਨੁਕਸਾਨ ਹੋਇਆ ਹੈ। ਚੰਨੀ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਹੋਏ ਨੁਕਸਾਨ ਦੀ ਰਕਮ ਲਗਭਗ 100 ਕਰੋੜ ਰੁਪਏ ਦੱਸੀ ਜਾ ਰਹੀ ਹੈ ਅਤੇ ਇਸ ਪੂਰੇ ਮਾਮਲੇ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।
ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46 ਤੋਲੇ ਸੋਨਾ ਤੇ ਨਕਦੀ ਚੋਰੀ
NEXT STORY