ਸੁਲਤਾਨਪੁਰ ਲੋਧੀ (ਕਪੂਰਥਲਾ) (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਵਿੱਤਰ ਕਾਲੀ ਵੇਈਂ ਵਾਂਗ ਪੰਜਾਬ ਦੇ ਦਰਿਆਵਾਂ ਦਾ ਪਾਣੀ ਵੀ ਪੀਣਯੋਗ ਬਣਾਵਾਂਗੇ। ਮੁੱਖ ਮੰਤਰੀ ਪੰਜਾਬ ਅੱਜ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਦੀ 22ਵੀਂ ਵਰ੍ਹੇਗੰਢ ਦੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਦੇ ਸਹਿਯੋਗ ਨਾਲ ਬਾਬੇ ਨਾਨਕ ਦੀ ਪਲੀਤ ਹੋ ਚੁੱਕੀ ਨਦੀ ਨੂੰ ਏਨਾ ਸਾਫ ਕਰ ਦਿੱਤਾ ਹੈ ਕਿ ਹੁਣ ਉਸ ਦਾ ਪਾਣੀ ਸਿੱਧੇ ਤੌਰ ’ਤੇ ਪੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗ ਉਤੇ ਚੱਲਦਿਆਂ ਪੰਜਾਬ ਸਰਕਾਰ ਜਲਦ ਹੀ ਸੂਬੇ ਦੇ ਕੁਦਰਤੀ ਸਰੋਤਾਂ ਦਰਿਆਵਾਂ ਤੇ ਡਰੇਨਾਂ ਦੀ ਸਾਫ਼-ਸਫ਼ਾਈ ਲਈ ਵਿਆਪਕ ਮੁਹਿੰਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਇਸ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ।
ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਮਗਰੋਂ ਬੋਲੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਕਹੀਆਂ ਇਹ ਗੱਲਾਂ
ਉਨ੍ਹਾਂ ਕਿਹਾ ਕਿ ਸੂਬੇ ਵਿਚ ਹਰਿਆਲੀ ਵਧਾਉਣ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨੇ ਲੋਕਾਂ ਰੁੱਖਾਂ ਦੀ ਮਹੱਤਵ ਦਾ ਪਾਠ ਪੜ੍ਹਾਇਆ ਕਿਉਂਕਿ ਲੋਕਾਂ ਨੂੰ ਆਕਸੀਜਨ ਸਿਲੰਡਰਾਂ ਦੀ ਸ਼ਕਲ ਵਿਚ ਮਨਸੂਈ ਸਾਹ ਲੈਣ ਲਈ ਮੋਟੀ ਰਕਮ ਖਰਚਣੀ ਪਈ ਸੀ, ਜਦਕਿ ਰੁੱਖ ਸਾਡੇ ਲਈ ਆਕਸੀਜਨ ਦਾ ਕੁਦਰਤੀ ਸਰੋਤ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕ ਵੱਧ ਤੋਂ ਵੱਧ ਪੌਦੇ ਲਾਉਣ ਉੱਤੇ ਧਿਆਨ ਕੇਂਦਰਤ ਕਰਨਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਨੂੰ ਬਚਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਤਹੀ ਜਲ ਦੀ ਵਿਵੇਕਸ਼ੀਲ ਵਰਤੋਂ ਯਕੀਨੀ ਬਣਾ ਰਹੀ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਉਤੇ ਦਬਾਅ ਘਟਾ ਕੇ ਤੇਜ਼ੀ ਨਾਲ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ੳੁਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਜਿਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ, ਉਨ੍ਹਾਂ ਆਪਣੇ ਸਵਾਰਥਾਂ ਲਈ ਇਸ ਦੇ ਵਾਤਾਵਰਣ ਨੂੰ ਹੀ ਤਬਾਹ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਮੰਤਰੀਆਂ ਕੋਲ ਵੱਧ ਤੋਂ ਵੱਧ ਪੌਦੇ ਲਾ ਕੇ ਹਰਿਆਲੀ ਵਧਾਉਣ ਦੀ ਜ਼ਿੰਮੇਵਾਰੀ ਸੀ, ਉਨ੍ਹਾਂ ਇਸ ਦੇ ਉਲਟ ਕਮਿਸ਼ਨ ਲੈਣ ਲਈ ਰੁੱਖਾਂ ਦੀ ਬੇਰਹਿਮੀ ਨਾਲ ਕਟਾਈ ਦੀ ਇਜਾਜ਼ਤ ਦਿੱਤੀ।
ਪਵਿੱਤਰ ਕਾਲੀ ਵੇਈਂ ਦੀ ਸਫਾਈ ਲਈ ਕੀਤੀ ਕਾਰਸੇਵਾ ਲਈ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੀ ਚਰਨਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਕਰਨ ਲਈ ਸੰਤ ਸੀਚੇਵਾਲ ਨੇ 22 ਵਰ੍ਹੇ ਪਹਿਲਾਂ ਜਿਹੜਾ ਇਤਿਹਾਸਕ ਕਾਰਜ ਅਰੰਭਿਆ ਸੀ, ਉਹ ਪੰਜਾਬ ਵਿਚ ਵਾਤਾਵਰਣ ਦੇ ਪੱਖ ਤੋਂ ਅਹਿਮ ਤਬਦੀਲੀ ਦਾ ਸਬੱਬ ਬਣਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਿਛਲੇ 22 ਵਰ੍ਹਿਆਂ ’ਚ ਵੇਈਂ ਦੀ ਸਫ਼ਾਈ ਦੌਰਾਨ ਆਈਆਂ ਚੁਣੌਤੀਆਂ ਦਾ ਜ਼ਿਕਰ ਕਰਦਿਆ ਕਿਹਾ ਕਿ ਸਰਕਾਰੀ ਸਿਸਟਮ ਦੀਆਂ ਖਾਮੀਆਂ ਤੇ ਲਾਪ੍ਰਵਾਹੀ ਨੇ ਪੰਜਾਬ ਦੇ ਦਰਿਆ ਪਲੀਤ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਫਸਰਸ਼ਾਹੀ ਦੀ ਜਵਾਬਦੇਹੀ ਤੈਅ ਨਹੀਂ ਕੀਤੀ ਜਾਂਦੀ, ਉਦੋਂ ਤੱਕ ਬੁੱਢਾ ਦਰਿਆ ਸਮੇਤ ਪੰਜਾਬ ਦਾ ਕੋਈ ਦਰਿਆ ਵੀ ਸਾਫ ਨਹੀਂ ਹੋ ਸਕਦਾ। ਸੰਤ ਸੀਚੇਵਾਲ ਨੇ ਕਾਲੀ ਵੇਈਂ ਵਾਂਗ ਬੁੱਢਾ ਦਰਿਆ ਤੇ ਚਿੱਟੀ ਵੇਈਂ ਨੂੰ ਵੀ ਸਾਫ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵੇਈਂ ਕੰਢੇ ਪੌਦਾ ਵੀ ਲਗਾਇਆ। ਉਨ੍ਹਾਂ ਵੇਈਂ ਦਾ ਪਾਣੀ ਵੀ ਪੀਤਾ ਤੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਹ ਮੌਕਾ ਮਿਲਿਆ ਹੈ। ਇਸ ਦੌਰਾਨ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਇੰਦਰਜੀਤ ਕੌਰ ,ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੂਰਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਹੋਰ ਵੀ ਮੌਜੂਦ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਐਸ. ਭੂਪਤੀ, ਐਸ.ਐਸ.ਪੀ. ਆਰ.ਐਸ. ਸੰਧੂ, ਮੁੱਖ ਮੰਤਰੀ ਦੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਵੱਡੀ ਖ਼ਬਰ : ਜ਼ੀਰਕਪੁਰ ਦੇ ਬਲਟਾਣਾ ’ਚ ਮੋਹਾਲੀ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ (ਵੀਡੀਓ)
NEXT STORY