ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕੈਪਟਨ ਮੰਤਰੀ ਮੰਡਲ ਦੇ ਪੰਜ ਮਹਾਦਾਗ਼ੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਅਤੇ ਸੂਬੇ ਦੇ ਲੁੱਟੇ ਅਰਬਾਂ ਰੁਪਏ ਦੀ ਵਸੂਲੀ ਕਰਨ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਚ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਬੁਲਾਰੇ ਨੀਲ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਸਮੇਤ ਉਸ ਦੀ ਸਾਰੀ ਕੈਬਨਿਟ ਅਤੇ ਬਹੁਤੇ ਕਾਂਗਰਸੀ ਵਿਧਾਇਕਾਂ ਨੇ ਬਾਦਲਾਂ ਵਾਂਗ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਪਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਭਾਰਤ ਭੂਸ਼ਣ ਆਸ਼ੂ ਅਤੇ ਸ਼ਾਮ ਸੁੰਦਰ ਅਰੋੜਾ ਵਿਰੁੱਧ ਤਾਂ ਤੱਥਾਂ ਸੂਬਤਾਂ ਦੇ ਪੁਲੰਦੇ ਜਨਤਕ ਹੋ ਚੁੱਕੇ ਹਨ। ਆਮ ਆਦਮੀ ਪਾਰਟੀ ਨਾ ਸਿਰਫ ਇਨ੍ਹਾਂ ਮੰਤਰੀਆਂ ਵਿਰੁੱਧ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਕੋਲੋਂ ਬਰਖ਼ਾਸਤਗੀ ਅਤੇ ਕਾਰਵਾਈ ਮੰਗਦੀ ਆ ਰਹੀ ਹੈ, ਸਗੋਂ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਸਮੇਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਰਿਹਾਇਸ਼ਾਂ ਵੀ ਘੇਰਦੀ ਆ ਰਹੀ ਹੈ ਪਰ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਨੂੰ ਆਪਣੀ ਕੁਰਸੀ ਲਈ ਬਚਾਉਂਦੇ ਰਹੇ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਵੱਲੋਂ ਮੁੱਖ ਮੰਤਰੀ ਨੂੰ ਅਪੀਲ, ਕਿਹਾ-ਨਰਮੇ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਦੇਣ ਹੁਕਮ
ਇਸ ਲਈ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਇਹ ਪਰਖ਼ ਦੀ ਘੜੀ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਇਨ੍ਹਾਂ ਭ੍ਰਿਸ਼ਟਾਚਾਰੀਆਂ ਵਿਰੁੱਧ ਮੁਕੱਦਮੇ ਦਰਜ ਕਰ ਕੇ ਜੇਲ੍ਹਾਂ ਵਿੱਚ ਸੁੱਟਦੇ ਹਨ ਜਾਂ ਫਿਰ ਦੁਬਾਰਾ ਵਜ਼ੀਰੀਆਂ ਬਖ਼ਸ਼ ਕੇ ਕੈਪਟਨ ਅਮਰਿੰਦਰ ਸਿੰਘ ਵਾਂਗ ਖ਼ੁਦ ਨੂੰ ਨਵੇਂ ‘ਅਲੀ ਬਾਬਾ’ ਸਿੱਧ ਕਰਦੇ ਹਨ।’’ ਹਰਪਾਲ ਸਿੰਘ ਚੀਮਾ ਨੇ ਸਬੂਤ ਵਜੋਂ ਸਰਕਾਰੀ ਦਸਤਾਵੇਜ਼ਾਂ ਅਤੇ ਵੱਖ-ਵੱਖ ਜਾਂਚ ਰਿਪੋਰਟਾਂ ਪੇਸ਼ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ’ਚ ਕਰੀਬ 8 ਕਰੋੜ ਦਾ ਘਪਲਾ ਕਰ ਕੇ ਲੱਖਾਂ ਗਰੀਬ ਵਿਦਿਆਰਥੀਆਂ ਦਾ ਸਿੱਖਿਆ ਹਾਸਲ ਕਰਨ ਦਾ ਹੱਕ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਕਿਰਪਾ ਸ਼ੰਕਰ ਸਿਰੋਜ਼ ਨੇ ਜਿੱਥੇ ਮੰਤਰੀ ਧਰਮਸੋਤ ਖ਼ਿਲਾਫ਼ ਜਾਂਚ ਰਿਪੋਰਟ ਦਿੱਤੀ ਹੈ, ਉਥੇ ਕੇਂਦਰ ਸਰਕਾਰ ਤੇ ਸੀ. ਬੀ. ਆਈ. ਨੇ ਵੀ ਮੰਤਰੀ ਖ਼ਿਲਾਫ਼ ਕਾਰਵਾਈ ਲਈ ਕੈਪਟਨ ਸਰਕਾਰ ਤੋਂ ਫਾਈਲਾਂ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਰੁਲਦਾ ਸਿੰਘ ਕਤਲ ਕੇਸ : 3 ਬਰਤਾਨਵੀ ਸਿੱਖ ਨੌਜਵਾਨਾਂ ਨੂੰ ਮਿਲੀ ਵੱਡੀ ਰਾਹਤ, CPS ਨੇ ਰੱਦ ਕੀਤਾ ਕੇਸ
ਇਥੇ ਹੀ ਬਸ ਨਹੀਂ, ਇਕ ਹੋਰ ਸੀਨੀਅਰ ਅਧਿਕਾਰੀ ਦਵਿੰਦਰ ਸਿੰਘ ਨੇ ਚੰਡੀਗੜ੍ਹ ਪੁਲਸ ਨੂੰ ਸ਼ਿਕਾਇਤ ਦੇ ਕੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮੁਕੱਦਮਾ ਦਰਜ ਕਰਨ ਲਈ ਕਿਹਾ ਸੀ। ਉਨ੍ਹਾਂ ਮੰਗ ਕੀਤੀ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਉਨ੍ਹਾਂ ਨੂੰ ਕਲੀਨ ਚਿੱਟ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਘਪਲੇ ਦੀ ਰਕਮ ਵਸੂਲ ਕੀਤੀ ਜਾਵੇ। ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਜ਼ਮੀਨ ਮਾਫ਼ੀਆ ਅਤੇ ਮੰਡੀ ਮਾਫੀਆ ਨਾਲ ਜੁੜੇ ਹੋਣ ਦੇ ਦੋਸ਼ ਲਾਉਂਦਿਆਂ ਚੀਮਾ ਨੇ ਕਿਹਾ ਕਿ ਹੋਰਨਾਂ ਸੂਬਿਆਂ ’ਚੋਂ ਝੋਨਾ ਅਤੇ ਕਣਕ ਲਿਆ ਕੇ ਪੰਜਾਬ ਦੀਆਂ ਮੰਡੀਆਂ ’ਚ ਵੇਚੇ ਜਾਣ ਦਾ 10 ਹਜ਼ਾਰ ਕਰੋੜ ਦਾ ਘਪਲਾ ਮੰਤਰੀ ਦੀ ਸਰਪ੍ਰਸਤੀ ’ਚ ਹੋਇਆ ਹੈ। ਇਸੇ ਤਰ੍ਹਾਂ ਭਾਰਤ ਭੂਸ਼ਣ ਆਸ਼ੂ ਲਧਿਆਣਾ ਦੇ ਬਹੁਕਰੋੜੀ ਸੀ. ਐੱਲ. ਯੂ. ਲੈਂਡ ਘਪਲੇ ’ਚ ਸ਼ਾਮਲ ਹਨ।
ਇਸੇ ਤਰ੍ਹਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਤੋਂ ਇਲਾਜ ਲਈ ਫ਼ਤਿਹ ਕਿੱਟ ਅਤੇ ਨਸ਼ਾ ਛੁਡਾਊ ਗੋਲੀਆਂ ਖ਼ਰੀਦਣ ’ਚ ਕਰੋੜਾਂ ਦਾ ਘਪਲਾ ਕੀਤਾ ਅਤੇ ਪਿੰਡ ਬਲੌਂਗੀ ਦੀ ਕਰੋੜਾਂ ਰੁਪਿਆਂ ਦੀ ਪੰਚਾਇਤੀ ਜ਼ਮੀਨ ’ਤੇ ਗਊਸ਼ਾਲਾ ਦੇ ਨਾਂ ’ਤੇ ਨਾਜਾਇਜ਼ ਕਬਜ਼ਾ ਕੀਤਾ ਹੈ। ਚੀਮਾ ਨੇ ਕਿਹਾ ਕਿ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਮੋਹਾਲੀ ਵਿਚਲੀ ਜੇ. ਸੀ. ਟੀ. ਕੰਪਨੀ ਦੀ 31 ਏਕੜ ਜ਼ਮੀਨ ਪ੍ਰਾਈਵੇਟ ਕੰਪਨੀ ਨੂੰ ਵੇਚ 1500 ਕਰੋੜ ਦਾ ਘਪਲਾ ਕੀਤਾ ਅਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੀ ਜ਼ਮੀਨ ਦਾ ਦੋ ਵਾਰ ਮੁਆਵਜ਼ਾ ਲੈ ਕੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਿਆਂ ਦਾ ਚੂਨਾ ਲਾਇਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਉਕਤ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਕਰਨ ਦੇ ਸਬੂਤ ਪੰਜਾਬ ਸਰਕਾਰ ਅਤੇ ਮੀਡੀਆ ਕੋਲ ਮੌਜੂਦ ਹਨ ਪਰ ਕਾਂਗਰਸ ਦੇ ਹੋਰ ਮੰਤਰੀ ਅਤੇ ਵਿਧਾਇਕ ਵੀ ਭ੍ਰਿਸ਼ਟਾਚਾਰ ਅਤੇ ਜ਼ਮੀਨ-ਰੇਤ ਮਾਫ਼ੀਆਂ ਨਾਲ ਮਿਲੇ ਹੋਏ ਹਨ, ਜਿਨ੍ਹਾਂ ਬਾਰੇ ਖੁਲਾਸੇ ਅਗਲੇ ਦਿਨਾਂ ਵਿੱਚ ਕੀਤੇ ਜਾਣਗੇ।
ਕਾਂਗਰਸ ਹਾਈ ਕਮਾਂਡ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਦੱਸੇ : ਸੁਖਬੀਰ
NEXT STORY