ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ਤੋਂ ਆਪਣੇ ਗ੍ਰਹਿ ਸੂਬਿਆਂ ਨੂੰ ਜਾਣ ਵਾਲੇ 6.40 ਲੱਖ ਪ੍ਰਵਾਸੀ ਮਜ਼ਦੂਰਾਂ ਦੇ ਰੇਲ ਕਿਰਾਏ ਦਾ ਭੁਗਤਾਨ ਕਰਨ ਦਾ ਫੈਸਲਾ ਲਿਆ ਗਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਸਾਰੇ ਪ੍ਰਦੇਸ਼ ਕਾਂਗਰਸ ਕਮੇਟੀਆਂ ਨੂੰ ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਸੂਬੇ 'ਚ ਭੇਜਣ ਲਈ ਕਿਰਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼ ਤੋਂ ਬਾਅਦ ਸੁਨੀਲ ਜਾਖੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਇਸ ਮਾਮਲੇ ਨੂੰ ਲੈ ਕੇ ਚਰਚਾ ਕੀਤੀ, ਜਿਸ 'ਚ ਦੋਹਾਂ ਨੇਤਾਵਾਂ ਨੇ ਫੈਸਲਾ ਲਿਆ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਭੇਜਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਕਾਂਗਰਸ ਕਮੇਟੀ ਦੋਵੇਂ ਮਿਲ ਕੇ ਯਤਨ ਕਰਨਗੇ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਕੋਰੋਨਾ ਦਾ ਵੱਡਾ 'ਧਮਾਕਾ', 39 ਸ਼ਰਧਾਲੂਆਂ ਸਣੇ 42 ਦੀ ਰਿਪੋਰਟ ਆਈ ਪਾਜ਼ੇਟਿਵ
ਜਾਖੜ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਸੁਰੱਖਿਅਤ ਪਹੁੰਚਾਏਗੀ। ਸੂਬਾ ਸਰਕਾਰ ਕੋਲ ਹੁਣ ਤੱਕ 6.40 ਲੱਖ ਮਜ਼ਦੂਰਾਂ ਨੇ ਵਾਪਸ ਜਾਣ ਲਈ ਅਰਜ਼ੀਆਂ ਦਾਖਲ ਕੀਤੀਆਂ ਹਨ ਅਤੇ ਇਨ੍ਹਾਂ ਅਰਜ਼ੀਆਂ ਨੂੰ ਦੇਖਦੇ ਹੋਏ ਸਰਕਾਰ ਉਨ੍ਹਾਂ ਦੇ ਕਿਰਾਏ ਦਾ ਖੁਦ ਭੁਗਤਾਨ ਕਰੇਗੀ। ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਇਹ ਦੱਸੇ ਕਿ ਉਹ ਲੋਕਾਂ ਦੀ ਸਰਕਾਰ ਹੈ ਜਾਂ ਮੁਨਾਫਾਖੋਰਾਂ ਦੀ ਸਰਕਾਰ ਹੈ।
ਉਨ੍ਹਾਂ ਨੇ ਕਿਹਾ ਕਿ ਰੇਲਵੇ ਮੰਤਰਾਲਾ ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਤੋਂ ਘਰ ਵਾਪਸੀ ਲਈ ਕਿਰਾਏ ਦੀ ਮੰਗ ਕਰ ਰਿਹਾ ਹੈ ਜੋ ਪਿਛਲੇ 40 ਦਿਨਾਂ ਤੋਂ ਬੇਰੋਜ਼ਗਾਰ ਬੈਠੇ ਹਨ। ਇਹ ਭਾਜਪਾ ਸਰਕਾਰ ਦੇ ਦੀਵਾਲੀਏਪਨ ਦਾ ਪੱਕਾ ਸਬੂਤ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜੋ ਲੋਕ ਲਾਕਡਾਊਨ ਕਾਰਣ ਇਕ-ਦੂਜੇ ਸੂਬਿਆਂ 'ਚ ਫਸੇ ਹੋਏ ਸਨ, ਸਾਰਿਆਂ ਨੂੰ ਮੁਫਤ ਰੇਲਵੇ ਸਫਰ ਦੀ ਸਹੂਲਤ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਤੋਂ ਰੇਲ ਸਫਰ ਲਈ ਕਿਰਾਏ ਮੰਗ ਰਹੀ ਹੈ ਪਰ ਪੰਜਾਬ ਸਰਕਾਰ ਅਤੇ ਕਾਂਗਰਸ ਕਮੇਟੀ ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਣਗੇ।
ਇਹ ਵੀ ਪੜ੍ਹੋ : ਜਲੰਧਰ 'ਚੋਂ ਨਵੇਂ 9 ਕੋਰੋਨਾ ਦੇ ਪਾਜ਼ੇਟਿਵ ਕੇਸ ਆਏ ਸਾਹਮਣੇ
ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਹਦਾਇਤਾਂ ਜਾਰੀ
NEXT STORY