ਚੰਡੀਗੜ੍ਹ(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜ਼ਾ ਮੁਆਫੀ ਸਕੀਮ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਨੇਤਾਵਾਂ ਨਾਲ ਵੀਰਵਾਰ ਨੂੰ ਹੋਈ ਬੈਠਕ ਦੌਰਾਨ ਮੁੱਖ ਮੰਤਰੀ ਨੇ ਖੇਤੀ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ 5 ਏਕੜ ਜ਼ਮੀਨ ’ਤੇ ਅਤਿ-ਆਧੁਨਿਕ ਯਾਦਗਾਰ ਬਣਾਉਣ ਦਾ ਐਲਾਨ ਵੀ ਕੀਤਾ।
ਇਹ ਵੀ ਪੜ੍ਹੋ- ਲੁਧਿਆਣਾ ਧਮਾਕੇ ਤੋਂ ਬਾਅਦ ਜਲੰਧਰ ਰੇਲਵੇ ਸਟੇਸ਼ਨ ’ਤੇ ਸਖ਼ਤੀ ਤੇ ਬੱਸ ਸਟੈਂਡ ’ਤੇ ਵਰਤੀ ਜਾ ਰਹੀ ਕੋਤਾਹੀ (ਦੇਖੋ ਤਸਵੀਰਾਂ)
ਇਸ ਸਬੰਧ ਵਿਚ ਪ੍ਰਸਤਾਵ ਪੇਸ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਇਹ ਸਮਾਰਕ ਕੇਂਦਰ ਸਰਕਾਰ ਤੋਂ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਲੜੀ ਗਈ ਅਣਥੱਕ ਲੜਾਈ ਨੂੰ ਦਰਸਾਉਣ ਵਿਚ ਸਹਾਈ ਹੋਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਇਸ ਲਈ ਵੀ ਮਹੱਤਵਪੂਰਨ ਹੋਵੇਗੀ ਕਿਉਂ ਜੋ ਇਹ ਲੋਕਤੰਤਰ ਦੀ ਸਰਵਉੱਚਤਾ ਅਤੇ ਕਿਸਾਨ ਅੰਦੋਲਨ ਦੇ ਸਾਂਤਮਈ ਵਿਹਾਰ ਨੂੰ ਦਰਸਾਏਗੀ। ਉਨ੍ਹਾਂ ਨੇ ਕਿਸਾਨਾਂ ਦੀ ਅਦੁੱਤੀ ਭਾਵਨਾ ਅਤੇ ਸਾਂਤਮਈ ਅੰਦੋਲਨ ਨੂੰ ਪ੍ਰਦਰਸਤਿ ਕਰਨ ਲਈ ਆਲਾ ਦਰਜੇ ਦੀ ਯਾਦਗਾਰ ਬਣਾਉਣ ਲਈ ਸਾਂਝਾ ਕਿਸਾਨ ਮੋਰਚਾ (ਐੱਸ. ਕੇ. ਐੱਮ.) ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ।
ਇੱਕ ਮਹੱਤਵਪੂਰਨ ਫੈਸਲੇ ਵਿਚ ਮੁੱਖ ਮੰਤਰੀ ਚੰਨੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਜਿਸ ਨੂੰ ਪਹਿਲਾਂ ਲੈਂਡ ਮਾਰਟਗੇਜ ਬੈਂਕ ਦੇ ਨਾਂ ਨਾਲ ਜਾਣਿਆ ਜਾਂਦਾ ਸੀ, ਦੇ 2 ਲੱਖ ਰੁਪਏ ਤੱਕ ਦੇ ਕਰਜ਼ਦਾਰ 5 ਏਕੜ ਤੱਕ ਦੀ ਜ਼ਮੀਨ ਵਾਲੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੀ ਕਰਜ਼ਾ ਮੁਆਫੀ ਯੋਜਨਾ ਦੇ ਦਾਇਰੇ ਵਿਚ ਲਿਆਉਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ- ਲੁਧਿਆਣਾ ਧਮਾਕੇ ’ਤੇ ਸਿਆਸੀ ਲਾਹਾ ਲੈਣ ਲਈ CM ਚੰਨੀ ਨੇ ਝੂਠੇ ਇਲਜ਼ਾਮਾਂ ਦੀ ਲਾਈ ਝੜੀ : ਬੀਬਾ ਬਾਦਲ
ਸੰਯੁਕਤ ਕਿਸਾਨ ਮੋਰਚੇ ਦੀ ਇਕ ਹੋਰ ਵੱਡੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸੂਬੇ ਅੰਦਰ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੰਜਾਬ ਪੁਲਸ ਵਲੋਂ ਦਰਜ ਕੀਤੀਆਂ ਸਾਰੀਆਂ ਐੱਫ. ਆਈ. ਆਰਜ਼ ਨੂੰ 31 ਦਸੰਬਰ, 2021 ਤੱਕ ਰੱਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਲਈ ਡੀ. ਜੀ. ਪੀ. ਨੂੰ ਤੁਰੰਤ ਨਿਰਦੇਸ਼ ਦਿੱਤੇ ਤਾਂ ਜੋ ਰਾਜ ਭਰ ਵਿਚ ਕਿਸਾਨ ਅੰਦੋਲਨ ਅਤੇ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਵੱਖ-ਵੱਖ ਕਿਸਾਨਾਂ ਵਿਰੁੱਧ ਦਰਜ ਸਾਰੀਆਂ ਮਾਮਲੇ ਰੱਦ ਕੀਤੇ ਜਾ ਸਕਣ।
ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ 17 ਵਾਰਸਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਵੀ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ, ਵਿਜੇ ਇੰਦਰ ਸਿੰਗਲਾ, ਅਰੁਣਾ ਚੌਧਰੀ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਵਿੱਤ ਕਮਿਸ਼ਨਰ ਮਾਲ ਵੀ.ਕੇ. ਜੰਜੂਆ, ਵਿੱਤ ਕਮਿਸ਼ਨਰ ਵਿਕਾਸ ਡੀ. ਕੇ. ਤਿਵਾੜੀ, ਪ੍ਰਮੁੱਖ ਸਕੱਤਰ ਵਿੱਤ ਕੇ. ਏ. ਪੀ ਸਿਨਹਾ ਅਤੇ ਡੀ. ਜੀ. ਪੀ. ਐੱਸ. ਚਟੋਪਾਧਿਆਏ ਹਾਜ਼ਰ ਸਨ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਲੁਧਿਆਣਾ ਧਮਾਕੇ ਤੋਂ ਬਾਅਦ ਜਲੰਧਰ ਰੇਲਵੇ ਸਟੇਸ਼ਨ ’ਤੇ ਸਖ਼ਤੀ ਤੇ ਬੱਸ ਸਟੈਂਡ ’ਤੇ ਵਰਤੀ ਜਾ ਰਹੀ ਕੋਤਾਹੀ (ਦੇਖੋ ਤਸਵੀਰਾਂ)
NEXT STORY