ਗਿੱਦੜਬਾਹਾ (ਚਾਵਲਾ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਸ਼ਮਸ਼ਾਨਘਾਟ ਦੇ ਨਜ਼ਦੀਕ ਲੱਗੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਫਲੈਸ ਬੋਰਡ ਪਾੜੇ ਗਏ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਬਲਾਕ ਪ੍ਰਧਾਨ ਕੁਲਵੰਤ ਰਾਏ ਸ਼ਰਮਾ ਨੇ ਦੱਸਿਆ ਕਿ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਜਗ੍ਹਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਜੋ ਕਿ ਇਕ ਫੋਟੋਕਾਪੀ ਦੀ ਤਰ੍ਹਾਂ ਹੈ ਕਿਉਂਕਿ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਮਸਲੇ ਉਸੇ ਤਰ੍ਹਾਂ ਹੀ ਉਲਝੇ ਹੋਏ ਹਨ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਨਰਮੇ ਦੀਆਂ ਫ਼ਸਲਾਂ ਬਰਬਾਦ ਹੋਈਆਂ ਹਨ ਸਰਕਾਰ ਵੱਲੋਂ ਕਿਸਾਨਾਂ ਦੀ ਮੰਗ ਤੇ 60 ਹਜ਼ਾਰ ਰੁਪਏ ਪ੍ਰਤੀ ਕਿੱਲਾ ਮੁਆਵਜਾ ਅਤੇ ਮਜ਼ਦੂਰਾਂ ਲਈ 30 ਹਜ਼ਾਰ ਰੁਪਏ ਪ੍ਰਤੀ ਕਿੱਲਾ ਮੁਆਵਜੇ ਦੀ ਮੰਗ ਕੀਤੀ ਗਈ ਸੀ ਪਰੰਤੂ ਸਰਕਾਰ ਨੇ ਨਰਮੇ ਸਬੰਧੀ ਬਹੁਤ ਹੀ ਥੋੜੇ ਮੁਆਵਜੇ ਦਾ ਐਲਾਨ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਬਠਿੰਡਾ ਵਿਖੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਵੀ ਕੀਤਾ ਹੈ ਅਤੇ ਯੂਨੀਅਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਕਿਸਾਨਾਂ, ਮਜ਼ਦੂਰਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਉਹ ਮੁੱਖ ਮੰਤਰੀ ਚੰਨੀ ਅਤੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਜਿੱਥੇ ਵੀ ਆਉਣਗੇ ਇਨ੍ਹਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਇਨ੍ਹਾਂ ਦੇ ਲੱਗੇ ਪੋਸਟਰਾਂ ਨੂੰ ਜਾਂ ਤਾਂ ਪਾੜਣਗੇ ਜਾਂ ਫਿਰ ਇਨ੍ਹਾਂ ਦੇ ਕਾਲਖ ਮਲਣਗੇ।
ਨਾਭਾ ਦੀ ਜੇਲ੍ਹ 'ਚ ਤੜਕਸਾਰ ਕੀਤੀ ਗਈ ਚੈਕਿੰਗ, ਨਹੀਂ ਮਿਲਿਆ ਕੋਈ ਗੈਰ ਕਾਨੂੰਨੀ ਸਮਾਨ
NEXT STORY