ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਇਸ ਅਹਿਮ ਕਾਰਜ ਲਈ ਯੂਨੀਵਰਸਿਟੀ ਨੂੰ ਪੂਰੀ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਇਸ ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ, ਜਿਸ ਨਾਲ ਉੱਭਰਦੇ ਲੇਖਕ ਉਤਸ਼ਾਹਿਤ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਨਿਯੁਕਤੀਆਂ ਇਨ੍ਹਾਂ ਵੱਕਾਰੀ ਅਦਾਰਿਆਂ ਵਿੱਚ ਅਕਾਦਮਿਕਤਾ ਨੂੰ ਉਤਸ਼ਾਹਿਤ ਕਰਨ ਦੇ ਇਕੋ-ਇਕ ਮੰਤਵ ਦੀ ਪੂਰਤੀ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਇਕੋ-ਇਕ ਏਜੰਡੇ ਦਾ ਮਕਸਦ ਇਨ੍ਹਾਂ ਪ੍ਰਮੁੱਖ ਅਦਾਰਿਆਂ ਵਿੱਚ ਧੜੇਬੰਦੀ ਦੀ ਥਾਂ ਸਿੱਖਿਆ ਨੂੰ ਹੁਲਾਰਾ ਦੇਣਾ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਨੇ ਸਾਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ।
ਡਾ. ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੁੱਤਰ ਦਾ ਦੇਹਾਂਤ ਪੰਜਾਬੀ ਸਾਹਿਤ ਲਈ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੇ ਮਹਾਨ ਲੇਖਕਾਂ ਵਿੱਚੋਂ ਇੱਕ ਸਨ ਅਤੇ ਇਸ ਮਰਹੂਮ ਲੇਖਕ ਨਾਲ ਉਨ੍ਹਾਂ ਦੀ ਗੂੜ੍ਹੀ ਸਾਂਝ ਸੀ, ਜਿਨ੍ਹਾਂ ਹਮੇਸ਼ਾ ਅੱਗੇ ਵਧਣ ਦਾ ਹੌਸਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਡਾ. ਸੁਰਜੀਤ ਪਾਤਰ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ, ਜੋ ਹਮੇਸ਼ਾ ਲੋਕਾਂ ਦੇ ਚੇਤਿਆਂ ਵਿੱਚ ਵਸਿਆ ਰਹੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਮੁੱਖ ਮੰਤਰੀ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਦੇ ਉਨ੍ਹਾਂ ਉੱਘੇ ਲੇਖਕਾਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਹਰੇਕ ਪੰਜਾਬੀ ਦੀ ਮਾਨਸਿਕਤਾ ਤੇ ਡੂੰਘਾ ਪ੍ਰਭਾਵ ਪਾਇਆ ਅਤੇ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਜੋ ਕੰਮ ਅੰਗਰੇਜ਼ੀ ਭਾਸ਼ਾ ਵਿੱਚ ਪ੍ਰਸਿੱਧ ਲੇਖਕ ਕੀਟਸ ਨੇ ਕੀਤਾ, ਉਹ ਕਾਰਜ ਪੰਜਾਬੀ ਭਾਸ਼ਾ ਵਿੱਚ ਡਾ. ਸੁਰਜੀਤ ਪਾਤਰ ਦੇ ਹਿੱਸੇ ਆਇਆ। ਉਨ੍ਹਾਂ ਡਾ. ਪਾਤਰ ਨੂੰ ‘ਮਹਾਨ ਲੇਖਕ ਦੱਸਿਆ, ਜਿਨ੍ਹਾਂ ਆਪਣੀ ਕਲਮ ਰਾਹੀਂ ਸਮਾਜ ਵਿੱਚ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਯੋਗਦਾਨ ਪਾਇਆ। ਭਗਵੰਤ ਸਿੰਘ ਮਾਨ ਨੇ ਵਿਛੜੇ ਲੇਖਕ ਦੇ ਸਾਹਿਤਕ ਯੋਗਦਾਨ ਨੂੰ ਚੇਤੇ ਕਰਦਿਆਂ ਕਿਹਾ ਕਿ ਉਹ ਪੰਜਾਬੀ ਦੇ ਉੱਘੇ ਸਾਹਿਤਕਾਰ ਸਨ, ਜੋ ਆਪਣੀਆਂ ਸ਼ਾਨਦਾਰ ਲਿਖਤਾਂ ਰਾਹੀਂ ਉੱਭਰਦੇ ਲੇਖਕਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬੀ ਭਾਸ਼ਾ ਦੀ ਤਰੱਕੀ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ 350 ਕਰੋੜ ਰੁਪਏ ਤੋਂ ਵੱਧ ਦੇ ਫੰਡ ਅਲਾਟ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਲਾਜ਼ਮੀ ਹੈ ਕਿ ਟੀਚਿੰਗ ਸਟਾਫ਼ ਨੌਜਵਾਨਾਂ ਨੂੰ ਸਿੱਖਿਅਤ ਕਰੇ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ `ਤੇ ਪੂਰਾ ਧਿਆਨ ਦੇ ਸਕੇ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਗੌਰਵਮਈ ਵਿਰਸੇ ਤੋਂ ਜਾਣੂ ਰਹਿ ਸਕਣ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਇਸ ਸ਼ਾਨਦਾਰ ਮਾਂ-ਬੋਲੀ ਦੇ ਝੰਡਾਬਰਦਾਰ ਹਾਂ, ਜਿਸ ਵਿਚ ਬੇਸ਼ੁਮਾਰ ਅਤੇ ਭਰਪੂਰ ਸਾਹਿਤ ਰਚਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਇਤਿਹਾਸ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜਿਨ੍ਹਾਂ ਨੇ ਮਨੁੱਖਤਾ ਲਈ ਨਿਰਸਵਾਰਥ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਨਿਰਸਵਾਰਥ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਉਹ ਪਵਿੱਤਰ ਧਰਤੀ ਹੈ, ਜਿੱਥੇ ਸਾਰੇ ਧਰਮਾਂ, ਭਾਸ਼ਾਵਾਂ ਅਤੇ ਸਮਾਜ ਦੇ ਵਰਗਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਲੁੱਟ ਦੀ ਵੱਡੀ ਵਾਰਦਾਤ, ਡੇਅਰੀ ਮਾਲਕ ਦੀ ਮਾਂ ਨੂੰ ਬੰਧਕ ਬਣਾ ਲੁੱਟੇ ਲੁੱਖਾਂ ਰੁਪਏ
ਮੁੱਖ ਮੰਤਰੀ ਨੇ ਮਾਘੀ ਦੇ ਪਵਿੱਤਰ ਦਿਹਾੜੇ `ਤੇ ਲੋਕਾਂ ਨੂੰ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਅਤੇ ਕਿਹਾ ਕਿ ਇਹ ਪਵਿੱਤਰ ਦਿਹਾੜਾ ਹਰ ਸਾਲ 40 ਮੁਕਤਿਆਂ ਦੀ ਯਾਦ `ਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਖਿਦਰਾਣੇ ਦੀ ਲੜਾਈ `ਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ, ਜਿਸ ਨੂੰ ਹੁਣ ਸ੍ਰੀ ਮੁਕਤਸਰ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦਾ ਦਿਹਾੜਾ ਮੁਗਲਾਂ ਵਿਰੁੱਧ ਬਹਾਦਰੀ ਨਾਲ ਲੜਨ ਵਾਲੇ 40 ਮੁਕਤਿਆਂ ਦੀ ਮਹਾਨ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਦੇ ਪਾਵਨ ਅਸਥਾਨ `ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੁੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਸਾਰੀ ਅਧੀਨ ਇਮਾਰਤ ਦੇ ਬੇਸਮੈਂਟ 'ਚ ਡਿੱਗਣ ਕਾਰਨ ਨੌਜਵਾਨ ਜ਼ਖ਼ਮੀ
NEXT STORY