ਫਗਵਾੜਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਗਵਾੜਾ ਸਬ-ਡਿਵੀਜ਼ਨਲ ਹਸਪਤਾਲ ਵਿਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਭਰ 'ਚ ਅਜਿਹੇ ਹੋਰ ਹਸਪਤਾਲ ਬਣਾਏ ਜਾਣਗੇ।
ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਆਪਰੇਸ਼ਨ ਥੀਏਟਰ, ਟੀਕਾਕਰਨ ਵਾਰਡ, ਓ.ਪੀ.ਡੀ. ਆਦਿ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤਾਂ ਕਿ ਹਸਪਤਾਲ ਵਿਚ ਸਰਕਾਰੀ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਹਸਪਤਾਲ ਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਉਨ੍ਹਾਂ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰੇਗਾ।
ਇਹ ਖ਼ਬਰ ਵੀ ਪੜ੍ਹੋ - ਜਗਰਾਓਂ ਵਿਖੇ ਹਸਪਤਾਲ ਦੇ ਉਦਘਾਟਨ ਮੌਕੇ CM ਮਾਨ ਨੇ ਦੱਸਿਆ ਪੰਜਾਬ ਦੇ ਵਿਕਾਸ ਦਾ 'ਰੋਡ ਮੈਪ'
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣ ਲਈ ਆਖਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਆਈ.ਜੀ. ਡਾਕਟਰ ਐਸ. ਭੂਪਤੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਆਪ ਆਗੂ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਆਪ ਦੇ ਜ਼ਿਲ੍ਹਾ ਪ੍ਰਧਾਨ ਨਿਕਿਤਾ ਸਿਖਲਾਨੀ, ਮੰਜੂ ਰਾਣਾ, ਸੱਜਣ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।
ਵੱਡੀ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ, ਬਿਕਰਮ ਮਜੀਠੀਆ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ
NEXT STORY