ਲੁਧਿਆਣਾ/ਡੇਹਲੋਂ/ਅਹਿਮਦਗੜ੍ਹ (ਸਹਿਗਲ/ਡਾ. ਪ੍ਰਦੀਪ, ਪੁਰੀ )- ਕਾਨੂੰਨੀ ਅੜਚਨਾਂ ਕਾਰਨ ਅਲੋਪ ਹੋਣ ਦੇ ਕੰਢੇ 'ਤੇ ਪਹੁੰਚੀਆਂ ਪੰਜਾਬ ਦੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਮੁੜ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ ਨੂੰ ਮੁੜ ਸੁਰਜੀਤ ਕਰਨ ਲਈ ਸਾਰੀਆਂ ਕਾਨੂੰਨੀ ਅੜਚਣਾਂ ਨੂੰ ਦੂਰ ਕਰੇਗੀ ਤਾਂ ਜੋ ਸਾਡੀ ਮਹਾਨ ਖੇਡ ਵਿਰਾਸਤ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਸੂਬੇ ਵਿਚ ਬਲਦਾਂ ਦੀ ਦੌੜ ਮੁੜ ਸ਼ੁਰੂ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰਨ ਲਈ ਵੱਡੀ ਗਿਣਤੀ ਵਿਚ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਮੁੱਖ ਮੰਤਰੀ ਦਾ ਸਵਾਗਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ ਹਨ ਸਗੋਂ ਸਾਡੀ ਪੇਂਡੂ ਵਿਰਾਸਤ ਨੂੰ ਵੀ ਸਮਝਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੁਰਾਣੇ ਸਮੇਂ ਤੋਂ ਹੀ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾਂਦੀਆਂ ਰਹੀਆਂ ਹਨ ਅਤੇ ਇਹ ਸਾਨੂੰ ਸਾਡੇ ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਦੀਆਂ ਰਹਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿੱਚ ਲੰਬੇ ਸਮੇਂ ਤੱਕ ਬਲਦਾਂ ਨਾਲ ਖੇਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਬਲਦਾਂ ਦੀ ਦੌੜ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਲਾਗੂ ਕਰਨਾ ਵਿਰਾਸਤੀ ਖੇਡ ਪ੍ਰੇਮੀਆਂ ਲਈ ਇੱਕ ਵੱਡਾ ਝਟਕਾ ਸੀ, ਪਰ ਇਸ ਨਾਲ ਸਾਡੀ ਰਵਾਇਤੀ ਖੇਡ ਵਿਰਾਸਤ ਨੂੰ ਵੀ ਨੁਕਸਾਨ ਪਹੁੰਚਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਦੌੜ ਸ਼ੁਰੂ ਕਰਨ ਲਈ ਕਾਨੂੰਨ ਲਿਆਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 11 ਜੁਲਾਈ, 2025 ਨੂੰ ਪੰਜਾਬ ਵਿਧਾਨ ਸਭਾ ਵਿੱਚ 'ਪ੍ਰੀਵੈਂਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧ), 2025' ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ।
ਪਸ਼ੂਆਂ ਦੀਆਂ ਨਸਲਾਂ ਨੂੰ ਬਚਾਉਣ ਵਿਚ ਮਦਦਗਾਰ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਇਹ ਕਾਨੂੰਨ ਪੰਜਾਬ ਦੀਆਂ ਦੇਸੀ ਜਾਨਵਰਾਂ ਦੀਆਂ ਨਸਲਾਂ ਨੂੰ ਬਚਾਉਣ ਵਿੱਚ ਮਦਦ ਕਰੇਗਾ, ਉੱਥੇ ਇਸ ਨੇ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਨੂੰ ਭਾਰਤ ਦੇ ਰਾਸ਼ਟਰਪਤੀ ਦੁਆਰਾ ਮਨਜ਼ੂਰੀ ਦੇਣੀ ਪਵੇਗੀ, ਜਿਸ ਤੋਂ ਬਾਅਦ ਬਲਦਾਂ ਦੀਆਂ ਦੌੜਾਂ ਦਾ ਆਯੋਜਨ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਕੱਟੇ ਜਾਣਗੇ ਰਾਸ਼ਨ ਕਾਰਡ! ਸਰਕਾਰ ਵੱਲੋਂ ਨਵਾਂ ਨੋਟੀਫ਼ਿਕੇਸ਼ਨ ਜਾਰੀ
ਨਵੇਂ ਕਾਨੂੰਨ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਉਪਾਅ, ਜਾਨਵਰਾਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਨਿਯਮਾਂ, ਰਜਿਸਟ੍ਰੇਸ਼ਨ ਅਤੇ ਦਸਤਾਵੇਜ਼ੀਕਰਨ ਤੋਂ ਇਲਾਵਾ ਉਲੰਘਣਾਵਾਂ ਲਈ ਸਜ਼ਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਗੁੰਗੇ ਜੀਵਾਂ ਨੂੰ ਕਿਸੇ ਵੀ ਤਰ੍ਹਾਂ ਦੇ ਅੱਤਿਆਚਾਰਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਬੂਤਰ ਬਾਜ਼ੀ ਨੂੰ ਮੁੜ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਦੀ ਵੀ ਖੋਜ ਕੀਤੀ ਜਾਵੇਗੀ।
ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧ
ਪਿੰਡ ਕਿਲਾ ਰਾਏਪੁਰ ਵਿੱਚ ਹੋਣ ਵਾਲੀਆਂ ਖੇਡਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 1933 ਵਿੱਚ ਸ਼ੁਰੂ ਹੋਈਆਂ ਇਨ੍ਹਾਂ ਖੇਡਾਂ ਨੂੰ "ਮਿੰਨੀ ਓਲੰਪਿਕ" ਜਾਂ "ਪੇਂਡੂ ਓਲੰਪਿਕ" ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ 'ਤੇ ਅੰਤਰਰਾਸ਼ਟਰੀ ਪੱਧਰ 'ਤੇ ਚਰਚਾ ਹੋਈ ਹੈ। ਇਨ੍ਹਾਂ ਖੇਡਾਂ ਨੂੰ ਬੀ.ਬੀ.ਸੀ. ਅਤੇ ਡਿਸਕਵਰੀ ਵਰਗੇ ਵੱਡੇ ਚੈਨਲਾਂ ਨੇ ਕਵਰ ਕੀਤਾ ਹੈ ਅਤੇ ਇੱਥੋਂ ਤੱਕ ਕਿ ਦੇਸ਼ ਦੇ ਰਾਸ਼ਟਰਪਤੀ ਵੀ ਇਨ੍ਹਾਂ ਖੇਡਾਂ ਨੂੰ ਦੇਖਣ ਲਈ ਆ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਪਤਵੰਤੇ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
NEXT STORY