ਜਲੰਧਰ/ਚੰਡੀਗੜ੍ਹ(ਧਵਨ)–ਮੁੱਖ ਮੰਤਰੀ ਭਗਵੰਤ ਮਾਨ ਨੇ ਇੱਛਾ ਪ੍ਰਗਟ ਕੀਤੀ ਹੈ ਕਿ ਪੰਜਾਬ ਤੇ ਪੰਜਾਬੀਆਂ ਦਾ ਨਾਂ ਦੁਨੀਆ ਦੇ ਹਰ ਸਥਾਨ ’ਤੇ ਰੋਸ਼ਨ ਹੋਵੇ। ਆਸਟ੍ਰੇਲੀਆਈ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਾਈਕਲ ਕਲਾਰਕ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ’ਚ ਖੇਡਾਂ ਵਿਚ ਹੋਰ ਸੁਧਾਰ ਲਿਆਉਣ ਦੇ ਵਿਸ਼ੇ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ।
ਮਾਈਕਲ ਕਲਾਰਕ ਨੇ ਕੌਮਾਂਤਰੀ ਖੇਡਾਂ ਵਿਚ ਆਪਣੇ ਤਜਰਬੇ ਮੁੱਖ ਮੰਤਰੀ ਨਾਲ ਸਾਂਝੇ ਕੀਤੇ। ਬੈਠਕ ਦੌਰਾਨ ਇਸ ਗੱਲ ’ਤੇ ਵੀ ਚਰਚਾ ਕੀਤੀ ਗਈ ਕਿ ਕਿਵੇਂ ਪੰਜਾਬ ਦੇ ਪਿੰਡਾਂ ਦੇ ਨੌਜਵਾਨ ਮੁੰਡੇ-ਕੁੜੀਆਂ ਨੂੰ ਖੇਡਾਂ ’ਚ ਅੱਗੇ ਲਿਆਂਦਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਕੌਮਾਂਤਰੀ ਪੱਧਰ ’ਤੇ ਪਛਾਣ ਮਿਲਣੀ ਜ਼ਰੂਰੀ ਹੈ, ਜਿਸ ਦੇ ਲਈ ਪੰਜਾਬ ਸਰਕਾਰ ਹਰ ਸੰਭਵ ਯੋਗਦਾਨ ਪਾਉਣ ਲਈ ਤਿਆਰ ਹੈ। ਉਹ ਖੇਡ ਪ੍ਰੇਮੀ ਹੋਣ ਦੇ ਨਾਤੇ ਸਮਝਦੇ ਹਨ ਕਿ ਪੰਜਾਬੀ ਦੇਸ਼ ਅੰਦਰ ਖੇਡਾਂ ਵਿਚ ਅਗਾਂਹਵਧੂ ਭੂਮਿਕਾ ਨਿਭਾਉਣ।
ਇਸ ਮੌਕੇ ’ਤੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਦਿਹਾਤੀ ਖੇਤਰਾਂ ਦਾ ਦੌਰਾ ਕੀਤਾ ਹੈ ਅਤੇ ਵੇਖਿਆ ਹੈ ਕਿ ਨੌਜਵਾਨ ਮੁੰਡੇ-ਕੁੜੀਆਂ ਅੰਦਰ ਖੇਡਾਂ ਨੂੰ ਲੈ ਕੇ ਕਾਫੀ ਹੁਨਰ ਮੌਜੂਦ ਹਨ। ਇਨ੍ਹਾਂ ਬੱਚਿਆਂ ਨੂੰ ਮੌਕਾ ਦਿਵਾਉਣ ਦੀ ਲੋੜ ਹੈ ਅਤੇ ਉਹ ਪੰਜਾਬ ਦਾ ਨਾਂ ਕੌਮਾਂਤਰੀ ਪੱਧਰ ’ਤੇ ਰੋਸ਼ਨ ਕਰ ਸਕਦੇ ਹਨ।
ਮਾਈਕਲ ਕਲਾਰਕ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬ ਦੀ ਅਗਵਾਈ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਵਿਚ ਅੱਗੇ ਲਿਜਾਣ ਲਈ ਕਿੰਨੇ ਫਿਕਰਮੰਦ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਯਤਨ ਰੰਗ ਲਿਆਉਣਗੇ। ਇਸ ਮੌਕੇ ’ਤੇ ਮਾਈਕਲ ਕਲਾਰਕ ਨੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ।
ਬਠਿੰਡਾ ਦੇ ਉਦਯੋਗਪਤੀਆਂ ਦੀਆਂ ਮੰਗਾਂ 'ਤੇ ਸਹਿਮਤੀ, ਗ੍ਰੋਥ ਸੈਂਟਰ ਤੋਂ ਸਾਈਂ ਨਗਰ ਤੱਕ ਬਣੇਗਾ 7 ਮੀਟਰ ਚੌੜਾ ਪੁਲ
NEXT STORY