ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਸੂਬੇ ’ਚ ਪਹਿਲਾ ਬੁਟੀਕ ਹੋਟਲ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਤੋਂ ਬਾਅਦ ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਹੋਟਲ ਲੋਕਾਂ ਨੂੰ ਸਮਰਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਆਪਣੀ ਰਿਹਾਇਸ਼ ’ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਪ੍ਰੋਮੋਸ਼ਨ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀ.ਪੀ.ਪੀ. ਮੋਡ 'ਤੇ ਬਣਾਇਆ ਗਿਆ ਇਹ ਹੋਟਲ ਸੁਹਜ-ਸੁੰਦਰਤਾ ਨਾਲ ਡਿਜ਼ਾਈਨ ਕੀਤਾ ਗਿਆ ਹੈ ਤੇ ਇਹ ਆਪਣੇ ਆਰਾਮ, ਮਹਿਮਾਨ ਨਿਵਾਜ਼ੀ ਤੇ ਸੁੰਦਰਤਾ ਨਾਲ ਨਵਾਂ ਮਾਪਦੰਡ ਸਥਾਪਤ ਕਰੇਗਾ। ਇਹ ਡੈਸਟੀਨੇਸ਼ਨ ਵੈਡਿੰਗ ਤੇ ਹੋਰ ਪ੍ਰੋਗਰਾਮਾਂ ਲਈ ਇਕ ਪਸੰਦੀਦਾ ਸਥਾਨ ਬਣੇਗਾ। ਉਨ੍ਹਾਂ ਕਿਹਾ ਕਿ ਇਹ ਹੋਟਲ ਸੂਬੇ ’ਚ ਖ਼ਾਸ ਕਰ ਕੇ ਸ਼ਾਹੀ ਸ਼ਹਿਰ ਪਟਿਆਲਾ ’ਚ ਸੈਰ-ਸਪਾਟਾ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸੈਲਾਨੀਆਂ ਨੂੰ ਹੋਟਲ ’ਚ ਆਰਾਮਦਾਇਕ ਠਹਿਰਾਅ ਦੀ ਸਹੂਲਤ ਮਿਲੇਗੀ ਤੇ ਉਹ ਆਪਣੇ ਠਹਿਰਾਅ ਦੌਰਾਨ ਸੂਬੇ ਦੀ ਨਿੱਘੀ ਮਹਿਮਾਨ ਨਿਵਾਜ਼ੀ ਦਾ ਆਨੰਦ ਮਾਣਨਗੇ।
ਇਸ ਮੌਕੇ ਇੱਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਗੁਰੂ ਸਾਹਿਬ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਬੇ ਭਰ ਵਿੱਚ ਸਮਾਗਮਾਂ ਦੀ ਲੜੀ ਕਰਵਾਈ ਜਾਵੇਗੀ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਮਹਾਨ ਸਿੱਖ ਗੁਰੂ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਵਿਸਥਾਰਤ ਪ੍ਰੋਗਰਾਮ ਉਲੀਕਣ ਲਈ ਕਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਦੇ ਅਧਿਕਾਰ ਦੀ ਰੱਖਿਆ ਅਤੇ ਮਨੁੱਖੀ ਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਗੁਰੂ ਸਾਹਿਬ ਦੀ ਸਰਵਉੱਚ ਕੁਰਬਾਨੀ ਵਿਲੱਖਣ ਅਤੇ ਬੇਮਿਸਾਲ ਹੈ ਅਤੇ ਜ਼ੁਲਮ ਵਿਰੁੱਧ ਧਰਮ ਯੁੱਧ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਇਹ ਵੀ ਪੜ੍ਹੋ- MP ਮੀਤ ਹੇਅਰ ਨੇ ਸੰਸਦ 'ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਕਿਹਾ- '2 ਸੂਬਿਆਂ ਦੀ ਸਰਹੱਦ ਨੂੰ 'ਬਾਰਡਰ' ਬਣਾ ਦਿੱਤਾ...'
ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਮੁੱਖ ਮੰਤਰੀ ਨੇ ਫਰਵਰੀ ਵਿੱਚ ਸੂਬੇ ਵਿੱਚ ਰੰਗਲਾ ਪੰਜਾਬ ਤਿਉਹਾਰ ਮਨਾਉਣ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦਾ ਮਕਸਦ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਸਭ ਤੋਂ ਵੱਧ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੇ ਨਾਲ-ਨਾਲ ਸੁੰਦਰ ਸਥਾਨ ਹਨ ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੂੰ ਇੱਕ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਵਿਕਸਿਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਸੈਰ-ਸਪਾਟੇ ਦੀ ਅਣਵਰਤੀ ਸੰਭਾਵਨਾ ਨੂੰ ਹੋਰ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਤਿਉਹਾਰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ ਕਿਉਂਕਿ ਇਹ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਹੈ ਜਦੋਂ ਜੀਵੰਤ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਵਾਲੇ ਪੰਜਾਬ ਨੂੰ ਦੁਨੀਆ ਭਰ ਦੇ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇ, ਜਿਸ ਨਾਲ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਵੱਡੀ ਗਿਣਤੀ ਵਿੱਚ ਸੈਲਾਨੀਆਂ ਨੂੰ ਸੂਬੇ ਵੱਲ ਆਕਰਸ਼ਿਤ ਕਰੇਗਾ ਜਿਸ ਸਦਕਾ ਪੰਜਾਬ ਦੀ ਆਰਥਿਕਤਾ ਨੂੰ ਵੀ ਹੁਲਾਰਾ ਦੇਵੇਗਾ।
ਇਹ ਵੀ ਪੜ੍ਹੋ- MP ਮੀਤ ਹੇਅਰ ਨੇ ਸੰਸਦ ’ਚ ਚੁੱਕਿਆ ਪੰਜਾਬ ਦੇ ਖਿਡਾਰੀਆਂ ਨਾਲ ਹੋ ਰਹੇ ਵਿਤਕਰੇ ਦਾ ਮੁੱਦਾ
ਮੁੱਖ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਕਾਇਮ ਰੱਖਣ ਲਈ ਸੂਬੇ ਭਰ ਵਿੱਚ ਵਿਰਾਸਤੀ ਤਿਉਹਾਰਾਂ ਦਾ ਆਯੋਜਨ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੂੰ ਕੈਲੰਡਰ ਈਵੈਂਟ ਦੇ ਰੂਪ ਵਿੱਚ ਇੱਕ ਵਿਸਤ੍ਰਿਤ ਪ੍ਰਸਤਾਵ ਤਿਆਰ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਤਿਉਹਾਰਾਂ ਨੂੰ ਹਰ ਸਾਲ ਮਨਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਤਿਉਹਾਰਾਂ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਣਾ ਚਾਹੀਦਾ ਹੈ ਤਾਂ ਜੋ ਸੂਬੇ ਦੀ ਅਮੀਰ ਵਿਰਾਸਤ ਨੂੰ ਵੱਡੇ ਪੱਧਰ 'ਤੇ ਸੁਰੱਖਿਅਤ ਰੱਖਿਆ ਜਾ ਸਕੇ।
ਮੁੱਖ ਮੰਤਰੀ ਨੇ ਸੈਰ-ਸਪਾਟਾ ਵਿਭਾਗ ਨੂੰ ਪ੍ਰਗਤੀ ਮੈਦਾਨ ਦੀ ਤਰਜ਼ 'ਤੇ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਸਥਾਪਤ ਕਰਨ ਸਬੰਧੀ ਸੰਭਾਵਨਾ ਦੀ ਪੜਚੋਲ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਹ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ, ਲੁਧਿਆਣਾ ਅਤੇ ਨਿਊ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਵਿੱਚ ਸਥਾਪਿਤ ਕੀਤੇ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਸੈਂਟਰਾਂ ਵਿੱਚ ਅਰੀਨਾ, ਹੋਟਲ, ਸ਼ਾਪਿੰਗ ਮਾਲ ਆਦਿ ਵੀ ਹੋਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਪ੍ਰਸਿੱਧ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਉੱਘੇ ਕਲਾਕਾਰਾਂ ਦੇ ਵੱਡੇ ਸ਼ੋਅ ਕਰਵਾ ਕੇ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਹ ਵੀ ਪੜ੍ਹੋ- ਛੋਲਿਆਂ ਦੀ ਸਬਜ਼ੀ 'ਚੋਂ ਨਿਕਲਿਆ ਕੰਨ ਖਜੂਰਾ, ਦੁਕਾਨ ਵਾਲਾ ਕਹਿੰਦਾ- 'ਇਹ ਤਾਂ ਪਾਲਕ ਦੀ ਡੰਡੀ ਐ ਜੀ...'
ਮੁੱਖ ਮੰਤਰੀ ਨੇ ਵਿਭਾਗ ਨੂੰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਦੇ ਆਲੇ-ਦੁਆਲੇ ਦੇ ਖੇਤਰਾਂ ਅਤੇ ਸੂਬੇ ਦੇ ਕੰਢੀ ਖੇਤਰਾਂ ਨੂੰ ਹੋਰ ਵਿਕਸਤ ਕਰਨ ਲਈ ਵਿਸਥਾਰਤ ਯੋਜਨਾ ਉਲੀਕਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਵਾਸਤੇ ਇੱਕ ਆਦਰਸ਼ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਛੋਲਿਆਂ ਦੀ ਸਬਜ਼ੀ 'ਚੋਂ ਨਿਕਲਿਆ ਕੰਨ ਖਜੂਰਾ, ਦੁਕਾਨ ਵਾਲਾ ਕਹਿੰਦਾ- 'ਇਹ ਤਾਂ ਪਾਲਕ ਦੀ ਡੰਡੀ ਐ ਜੀ...'
NEXT STORY