ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰ ਕੇ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਨਾਲ ਹੀ ਹੜ੍ਹ ਪੀੜਤਾਂ ਨੂੰ ਐੱਸ. ਡੀ. ਆਰ. ਐੱਫ./ਐੱਨ. ਡੀ. ਆਰ. ਐੱਫ. ਤੋਂ ਮੁਆਵਜ਼ਾ ਦਿਵਾਉਣ ਲਈ ਨਿਯਮਾਂ ’ਚ ਸੋਧ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਮੁੱਢਲਾ ਅਨੁਮਾਨ 13,832 ਕਰੋੜ ਰੁਪਏ ਹੈ, ਜਿਸ ’ਚ ਖੇਤੀਬਾੜੀ, ਬੁਨਿਆਦੀ ਢਾਂਚਾ, ਸਿਹਤ, ਸਿੱਖਿਆ ਅਤੇ ਰੋਜ਼ੀ-ਰੋਟੀ ਦਾ ਨੁਕਸਾਨ ਸ਼ਾਮਲ ਹੈ। ਮੌਜੂਦਾ ਐੱਸ. ਡੀ. ਆਰ. ਐੱਫ./ ਐੱਨ. ਡੀ. ਆਰ. ਐੱਫ. ਮਾਪਦੰਡ ਨੁਕਸਾਨ ਦੇ ਅਸਲ ਪੈਮਾਨੇ ਦੀ ਪੂਰਤੀ ਲਈ ਨਾਕਾਫ਼ੀ ਹਨ, ਜਿੱਥੇ ਫ਼ਸਲਾਂ ਦਾ ਨੁਕਸਾਨ 33 ਫ਼ੀਸਦੀ ਅਤੇ ਇਸ ਤੋਂ ਵੱਧ ਹੈ, ਉੱਥੇ ਗ੍ਰਹਿ ਮੰਤਰਾਲੇ ਵੱਲੋਂ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਬਣਦਾ ਹੈ। ਕਿਸਾਨਾਂ ਨੂੰ ਇੰਨਾ ਘੱਟ ਮੁਆਵਜ਼ਾ ਦੇਣਾ ਸਰਾਸਰ ਬੇਇਨਸਾਫ਼ੀ ਹੋਵੇਗੀ ਕਿਉਂਕਿ ਫ਼ਸਲਾਂ ਤਕਰੀਬਨ ਤਿਆਰ ਸਨ। ਇਸ ਲਈ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਤਿਉਹਾਰੀ ਸੀਜ਼ਨ 'ਚ ਪਾਵਰਕਾਮ ਨੇ ਦਿੱਤਾ ਵੱਡਾ ਝਟਕਾ
ਉਨ੍ਹਾਂ ਨੇ ਪਹਿਲਾਂ ਹੀ ਮੰਤਰਾਲੇ ਕੋਲ ਇਹ ਮੁੱਦਾ ਉਠਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਇਸ ਦਾ ਕੋਈ ਜਵਾਬ ਨਹੀਂ ਮਿਲਿਆ, ਇਸ ਲਈ ਸੂਬੇ ਨੇ ਮੁਆਵਜ਼ਾ ਵਧਾਉਣ ਲਈ ਆਪਣੇ ਪੱਧਰ ’ਤੇ ਸੂਬਾਈ ਬਜਟ ’ਚੋਂ ਹਿੱਸਾ ਵਧਾ ਦਿੱਤਾ। ਕਿਸਾਨਾਂ ਨੂੰ ਦਿੱਤੇ ਜਾਣ ਵਾਲੇ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ’ਚੋਂ ਸੂਬਾ ਸਰਕਾਰ ਦਾ ਯੋਗਦਾਨ 14900 ਰੁਪਏ ਦਾ ਹੋਵੇਗਾ, ਜੋ ਪੂਰੇ ਦੇਸ਼ ’ਚੋਂ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨੁਕਸਾਨੇ ਗਏ ਘਰ/ਢਹਿ ਚੁੱਕੇ ਘਰ ਲਈ ਮੁਆਵਜ਼ਾ ਮੌਜੂਦਾ 1.20 ਲੱਖ ਰੁਪਏ ਤੋਂ ਦੁੱਗਣਾ ਕਰ ਕੇ 2.40 ਲੱਖ ਰੁਪਏ ਕੀਤਾ ਜਾਣਾ ਚਾਹੀਦਾ ਹੈ। ਅੰਸ਼ਿਕ ਤੌਰ ’ਤੇ ਨੁਕਸਾਨੇ ਗਏ ਘਰ (ਝੁੱਗੀ-ਝੌਂਪੜੀਆਂ ਤੋਂ ਇਲਾਵਾ) ਲਈ ਮੌਜੂਦਾ 6500 ਰੁਪਏ ਤੋਂ ਵਧਾ ਕੇ 50 ਹਜ਼ਾਰ ਰੁਪਏ ਪ੍ਰਤੀ ਘਰ ਕੀਤਾ ਜਾਣਾ ਚਾਹੀਦਾ ਹੈ ਜਦ ਕਿ ਕੱਚੇ ਮਕਾਨਾਂ ਲਈ ਮੁਆਵਜ਼ਾ ਮੌਜੂਦਾ 4 ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਠੁਰ-ਠੁਰ ਕਰਦੀ ਠੰਡ ਬਾਰੇ ਮੌਸਮ ਵਿਭਾਗ ਦੀ ਨਵੀਂ UPDATE, ਕੰਬਲ-ਰਜਾਈਆਂ ਅਜੇ...
ਮਕਾਨਾਂ ਨਾਲ ਲੱਗਦੇ ਪਸ਼ੂਆਂ ਦੇ ਵਾੜੇ ਲਈ ਮੌਜੂਦਾ ਮੁਆਵਜ਼ਾ 3 ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸਾਉਣੀ ਮੰਡੀਕਰਨ ਸੀਜ਼ਨ 2025-26 ਲਈ ਪੰਜਾਬ ਲਈ ਵਿਸ਼ੇਸ਼ ਛੋਟ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਖ਼ੁਰਾਕ ਤੇ ਜਨਤਕ ਵੰਡ ਮੰਤਰਾਲਾ ਤਰਜ਼ੀਹ ਦੇ ਆਧਾਰ ’ਤੇ ਸਾਉਣੀ ਖ਼ਰੀਦ ਸੀਜ਼ਨ ਦੌਰਾਨ ਖ਼ਰੀਦ ਲਈ ਝੋਨੇ ਦੇ ਮਾਪਦੰਡਾਂ ’ਚ ਛੋਟ ਦੇ ਸਕਦਾ ਹੈ। ਸਰਹੱਦੀ ਬੁਨਿਆਦੀ ਢਾਂਚੇ ਨੂੰ ਹੜ੍ਹਾਂ ਤੋਂ ਬਚਾਉਣ ਵਾਲੇ ਕੰਮਾਂ ਲਈ ਫੰਡਾਂ ਦਾ ਮੁੱਦਾ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ’ਤੇ ਅਜਿਹੀਆਂ ਥਾਵਾਂ ਹਨ, ਜਿੱਥੇ ਰਾਵੀ ਤੇ ਸਤਲੁਜ ਦਰਿਆ ਕਈ ਵਾਰ ਅੰਤਰਰਾਸ਼ਟਰੀ ਸਰਹੱਦ ਨੂੰ ਪਾਰ ਕਰਦੇ ਹਨ।
ਹਰ ਸਾਲ ਕਈ ਥਾਵਾਂ ’ਤੇ ਹੜ੍ਹ ਸੁਰੱਖਿਆ ਲਈ ਪ੍ਰਬੰਧ ਕੀਤੇ ਜਾਂਦੇ ਹਨ ਪਰ ਸੂਬਾ ਸਰਕਾਰ ਕੋਲ ਫੰਡਾਂ ਦੀ ਘਾਟ ਹੋਣ ਕਾਰਨ ਅੰਤਰਰਾਸ਼ਟਰੀ ਸਰਹੱਦਾਂ ’ਤੇ ਹੜ੍ਹਾਂ ਤੋਂ ਬਚਾਅ ਲਈ ਲੋੜੀਂਦੇ ਫੰਡ ਮੁਹੱਈਆ ਕਰਾਉਣੇ ਸੰਭਵ ਨਹੀਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਇਕ ਸਾਲ ਦੌਰਾਨ ਸੀ. ਡਬਲਿਊ. ਸੀ. ਅਤੇ ਐੱਨ. ਡੀ. ਐੱਮ. ਏ. ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਸਨ। ਹਾਲਾਂਕਿ ਇਨ੍ਹਾਂ ਦੇ ਜਵਾਬ ਦੀ ਅਜੇ ਵੀ ਉਡੀਕ ਕੀਤੀ ਜਾ ਰਹੀ ਹੈ। ਇਸ ਲਈ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਫੰਡ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਠੁਰ-ਠੁਰ ਕਰਦੀ ਠੰਡ ਬਾਰੇ ਮੌਸਮ ਵਿਭਾਗ ਦੀ ਨਵੀਂ UPDATE, ਕੰਬਲ-ਰਜਾਈਆਂ ਅਜੇ...
NEXT STORY