ਭਾਖਰਪੁਰ/ਐੱਸ.ਏ.ਐੱਸ. ਨਗਰ (ਬਿਊਰੋ)- ਪੰਜਾਬ ਦੇ ਲੋਕਾਂ ਨੂੰ ਘਰ-ਘਰ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਸਕੀਮ 'ਆਪ ਦੀ ਸਰਕਾਰ ਆਪ ਦੇ ਦੁਆਰ' ਦਾ ਆਗਾਜ਼ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ। ਇਸ ਸਕੀਮ ਅਧੀਨ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਅਤੇ ਮੁਹੱਲਾ ਪੱਧਰ 'ਤੇ ਕੈਂਪ ਲਗਾਏ ਜਾਣਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਸਕੀਮ ਅਧੀਨ ਕੋਈ ਵੀ ਨਾਗਰਿਕ 1076 ਨੰਬਰ ’ਤੇ ਕਾਲ ਕਰਕੇ ਆਪਣੀ ਸਹੂਲਤ ਮੁਤਾਬਕ ਸਮਾਂ ਤੈਅ ਕਰ ਸਕਦਾ ਹੈ ਜਿਸ ਤੋਂ ਬਾਅਦ ਮੁਲਾਜ਼ਮ ਉਸ ਨਾਗਰਿਕ ਦੇ ਘਰ ਜਾ ਕੇ ਸਬੰਧਤ ਸੇਵਾ ਦਾ ਪ੍ਰਮਾਣ ਪੱਤਰ ਮੁਹੱਈਆ ਕਰਵਾਏਗਾ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ 'ਪੰਜਾਬ ਬਚਾਓ ਯਾਤਰਾ 'ਤੇ ਤੰਜ ਕੱਸਦਿਆਂ ਕਿਹਾ ਕਿ ਇਹ ਪੰਜਾਬ ਬਚਾਓ ਯਾਤਰਾ ਨਹੀਂ, ਸਗੋਂ ਪਰਿਵਾਰ ਬਚਾਓ ਯਾਤਰਾ ਹੈ।
ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ’ਤੇ ਕੱਸਿਆ ਤੰਜ
ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਇਸ ਢਕਵੰਜ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਮਗਰੋਂ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਤੇ ਸੂਬੇ ’ਚ ਕਈ ਤਰ੍ਹਾਂ ਦੇ ਮਾਫ਼ੀਆ ਦੀ ਪੁਸ਼ਤਪਨਾਹੀ ਕਰ ਕੇ ਪੰਜਾਬੀਆਂ ਦੀ ਮਾਨਸਿਕਤਾ ’ਤੇ ਡੂੰਘੇ ਜ਼ਖ਼ਮ ਦਿੱਤੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀ ਆਗੂਆਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਅਤੇ ਬਾਦਲ ਪਰਿਵਾਰ ਦੀਆਂ ਇਹ ਡਰਾਮੇਬਾਜ਼ੀਆਂ ਕੰਮ ਨਹੀਂ ਆਉਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ’ਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ’ਚੋਂ ਤਕਰੀਬਨ ਇਕ ਕਰੋੜ ਲੋਕ ਇਲਾਜ ਸਹੂਲਤਾਂ ਹਾਸਲ ਕਰ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਹਤ ਸੰਭਾਲ ਖ਼ੇਤਰ ’ਚ ਨਵੀਂ ਕ੍ਰਾਂਤੀ ਹੈ ਅਤੇ ਇਸ ਖ਼ੇਤਰ ਦੀ ਕਾਇਆ-ਕਲਪ ਕਰਨ ਲਈ ਕੋਸ਼ਿਸ਼ਾਂ ਚੱਲ ਰਹੀਆਂ ਹਨ।
ਮੁੱਖ ਮੰਤਰੀ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ’ਤੇ ਟਿੱਪਣੀ ਕਰਦਿਆਂ ਆਖਿਆ ਕਿ ਉਹ ਨੌਂ ਸਾਲਾਂ ਤੱਕ ਖ਼ਜ਼ਾਨਾ ਖ਼ਾਲੀ ਹੋਣ ਦੀ ਬਿਆਨਬਾਜ਼ੀ ਕਰਦੇ ਰਹੇ, ਜਿਸ ਕਾਰਨ ਸੂਬੇ ਦੇ ਵਿਕਾਸ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਾਗਡੋਰ ਸੰਭਾਲਣ ਦੇ ਬਾਅਦ ਤੋਂ ਇਕ-ਇਕ ਪੈਸਾ ਸੂਬੇ ਦੇ ਵਿਕਾਸ ਤੇ ਇਸ ਦੇ ਲੋਕਾਂ ਦੀ ਭਲਾਈ ’ਤੇ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਦੇ ਖ਼ਜ਼ਾਨੇ ਦੀ ਚੋਰੀ ਰੋਕੀ ਤਾਂ ਕਿ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਹੋਣੀ ਯਕੀਨੀ ਬਣੇ।
ਕੇਂਦਰ ਸਰਕਾਰ 'ਤੇ ਵੀ ਵਿਨ੍ਹਿਆ ਨਿਸ਼ਾਨਾ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਤੋਂ ਵੀ ਖ਼ਾਸ ਤੌਰ ’ਤੇ ਅੱਜ ਕੇਂਦਰ ਦੀ ਸੱਤਾ ’ਚ ਕਾਬਜ਼ ਵਿਅਕਤੀਆਂ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮ ’ਚ ਪੰਜਾਬੀਆਂ ਦੇ 90 ਫੀਸਦੀ ਯੋਗਦਾਨ ਦੇ ਬਾਵਜੂਦ ਗਣਤੰਤਰ ਦਿਵਸ ਦੀ ਪਰੇਡ ’ਚੋਂ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੀ ਦੇਸ਼ ਭਗਤੀ ਦਿਖਾਉਣ ਵਾਲੀਆਂ ਝਾਕੀਆਂ ਰੱਦ ਕਰਨ ਦਾ ਇਨ੍ਹਾਂ ਨੂੰ ਕੋਈ ਹੱਕ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਦੀ ਇੱਛਾ ਪੂਰੀ ਹੋਵੇ ਤਾਂ ਉਹ ਕੌਮੀ ਗੀਤ ’ਚੋਂ ਵੀ ਪੰਜਾਬ ਦਾ ਨਾਮ ਕੱਟ ਦੇਣਗੇ। ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਤੀਰਾ ਅਪਨਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਮੁੱਖ ਮੰਤਰੀ ਵੱਲੋਂ ਪੰਜਾਬ ’ਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਦਾ ਆਗਾਜ਼
NEXT STORY