ਬਿਆਸ,(ਰਾਕੇਸ਼)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ ।
ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂ-ਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ ’ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿਚ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲਿਆਂ ਵਿਚ ਰਾਹਤ ਅਤੇ ਨਿਕਾਸੀ ਕਾਰਜ ਜੰਗੀ ਪੱਧਰ ’ਤੇ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲਿਆਂ ਵਿਚ ਲੋਕਾਂ ਦੀ ਨਿਕਾਸੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਲੋਕਾਂ ਨੂੰ ਕੱਢਣ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਆਪਣੇ ਸਾਰੇ ਸਰੋਤ ਜੁਟਾਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿਲਿਆਂ ਦੇ ਸਾਰੇ ਵਿਭਾਗਾਂ ਨੂੰ ਇਸ ਸੰਕਟ ਦੀ ਘੜੀ ਵਿਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਆਖਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਸਾਮਾਨ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਪਸ਼ੂਆਂ ਲਈ ਚਾਰਾ ਅਤੇ ਜ਼ਰੂਰੀ ਦਵਾਈਆਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲਿਆਂ ਨੂੰ ਰਾਹਤ ਲਈ ਪਹਿਲਾਂ ਹੀ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋੜ ਪੈਣ ’ਤੇ ਜ਼ਿਲਿਆਂ ਨੂੰ ਹੋਰ ਫੰਡ ਅਲਾਟ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੂਰੇ ਜੋਸ਼ ਨਾਲ ਕੰਮ ਕਰ ਰਹੀ ਹੈ।
ਸੂਬੇ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਰਾਹਤ, ਬਚਾਅ ਅਤੇ ਨਿਕਾਸੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਥਿਤੀ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾੜਾਂ ਨੂੰ ਪੂਰਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਪ੍ਰਭਾਵਿਤ ਖੇਤਰਾਂ ਵਿਚੋਂ ਪਾਣੀ ਦੀ ਨਿਕਾਸੀ ਨੂੰ ਜਲਦ ਤੋਂ ਜਲਦ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਰਾਹਤ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੜ੍ਹਾਂ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਜ਼ਿਲਿਆਂ ਵਿਚ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦੀ ਢੁਕਵੀਂ ਸਪਲਾਈ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਦੇ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਢੁਕਵਾਂ ਮੁਆਵਜ਼ਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।
ਡਰੱਗ ਨੈੱਟਵਰਕ ਤੇ ਵੱਡੀ ਕਾਰਵਾਈ, 12 NDPS ਮੁਕੱਦਮਿਆਂ 'ਚ 19 ਦੋਸ਼ੀ ਗ੍ਰਿਫਤਾਰ
NEXT STORY