ਹੁਸ਼ਿਆਰਪੁਰ (ਪਰਮਜੀਤ ਸਿੰਘ ਮੋਮੀ) : ਹੁਸ਼ਿਆਰਪੁਰ ਜ਼ਿਲ੍ਹੇ ਨੇ ਬੁੱਧਵਾਰ ਰਾਤ ਨੂੰ ਸਿਵਲ ਡਿਫੈਂਸ ਉਪਾਅ ਦੇ ਹਿੱਸੇ ਵਜੋਂ ਰਾਤ 8 ਵਜੇ ਤੋਂ 8:10 ਵਜੇ ਤੱਕ ਕਰੈਸ਼ ਬਲੈਕਆਊਟ ਅਭਿਆਸ ਕੀਤਾ, ਜਿਸ ਦੌਰਾਨ ਸਾਰੀਆਂ ਲਾਈਟਾਂ ਬੰਦ ਰੱਖੀਆਂ ਗਈਆਂ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬਲੈਕਆਊਟ ਡ੍ਰਿਲ ਪਹਿਲਾਂ ਆਈ.ਟੀ.ਆਈ ਵਿਖੇ ਕੀਤੀ ਗਈ ਇਕ ਮੌਕ ਡ੍ਰਿਲ ਤੋਂ ਬਾਅਦ ਦੂਸਰੇ ਪੜਾਅ ਤਹਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਭਿਆਸ ਦਾ ਉਦੇਸ਼ ਸੰਭਾਵੀ ਹਵਾਈ ਹਮਲਿਆਂ ਜਾਂ ਯੁੱਧ ਵਰਗੀਆਂ ਸਥਿਤੀਆਂ ਦੌਰਾਨ ਐਮਰਜੈਂਸੀ ਪ੍ਰਤੀਕਿਰਿਆ ਲਈ ਵਸਨੀਕਾਂ ਨੂੰ ਤਿਆਰ ਕਰਨਾ ਸੀ।
ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ, ਸਾਰੀਆਂ ਲਾਈਟਾਂ, ਇਨਵਰਟਰ ਅਤੇ ਜਨਰੇਟਰ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਜਾਣੇ ਚਾਹੀਦੇ ਹਨ। ਆਟੋ-ਆਨ ਸੋਲਰ/ਸੀ ਸੀ ਟੀ ਵੀ ਲਾਈਟਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਵਾਹਨਾਂ ਨੂੰ ਸੜਕ ਦੇ ਕਿਨਾਰੇ ਖੜ੍ਹਾ ਕਰਕੇ, ਲਾਈਟਾਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਹਵਾਈ ਹਮਲਿਆਂ ਦੌਰਾਨ ਸੰਭਾਵੀ ਟਾਰਗੇਟ ਬਣਨ ਤੋਂ ਬਚਣ ਲਈ ਕਰੈਸ਼ ਬਲੈਕਆਉਟ ਇੱਕ ਮਹੱਤਵਪੂਰਨ ਐਮਰਜੈਂਸੀ ਉਪਾਅ ਸਮਝਿਆ ਜਾਂਦਾ ਹੈ।
ਉਨ੍ਹਾਂ ਉੱਚੀਆਂ ਇਮਾਰਤਾਂ 'ਚ ਰਹਿਣ ਵਾਲੇ ਵਸਨੀਕਾਂ ਨੂੰ ਹਵਾਈ ਹਮਲੇ ਦੀ ਸਥਿਤੀ ਵਿੱਚ ਜ਼ਮੀਨੀ ਮੰਜ਼ਿਲਾਂ ਜਾਂ ਭੂਮੀਗਤ ਆਸਰਾ ਸਥਾਨਾਂ ਵਿੱਚ ਜਾਣ ਦੀ ਸਲਾਹ ਵੀ ਦਿੱਤੀ। ਜਿਨ੍ਹਾਂ ਲੋਕਾਂ ਨੂੰ ਤੁਰੰਤ ਕੋਈ ਆਸਰਾ ਨਹੀਂ ਮਿਲਦਾ, ਉਨ੍ਹਾਂ ਨੂੰ ਦਰੱਖਤਾਂ ਹੇਠ ਸਹਾਰਾ ਲੈਣ ਦੀ ਸਲਾਹ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅਜਿਹੀਆਂ ਹੰਗਾਮੀ ਹਾਲਤਾਂ ਨਾਲ ਨਜਿੱਠਣ ਦਾ ਅਭਿਆਸ ਕੀਤਾ ਹੋਵੇਗਾ ਤਾਂ ਸਾਨੂੰ ਇਸ ਦਾ ਸਵੈ ਰੱਖਿਆ ਦੌਰਾਨ ਵੱਡਾ ਲਾਭ ਮਿਲੇਗਾ।
ਇਸ ਤੋਂ ਇਲਾਵਾ ਉਨ੍ਹਾਂ ਸੋਸ਼ਲ ਮੀਡੀਆ 'ਤੇ ਗਲਤ ਜਾਣਕਾਰੀ ਅਤੇ ਭੜਕਾਊ ਸੰਦੇਸ਼ ਫੈਲਾਉਣ ਵਿਰੁੱਧ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ, ਸਾਨੂੰ ਗੈਰ-ਪ੍ਰਮਾਣਿਤ ਸੰਦੇਸ਼ਾਂ ਨੂੰ ਅੱਗੇ ਭੇਜਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਜੋ ਦਹਿਸ਼ਤ ਫੈਲਾ ਸਕਦੇ ਹਨ ਅਤੇ ਸਮਾਜਿਕ ਸਦਭਾਵਨਾ ਨੂੰ ਵਿਗਾੜ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਈਬਰ ਸੈੱਲ ਨੂੰ ਅਫਵਾਹਾਂ ਦੇ ਫੈਲਾਅ ਦੀ ਨਿਗਰਾਨੀ ਅਤੇ ਰੋਕਥਾਮ ਲਈ ਅਲਰਟ 'ਤੇ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੇ ਪੁਰਾਤਨ ਘੰਟਾ ਘਰ ਦਾ ਸਾਇਰਨ ਵੀ ਠੀਕ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਸ਼ਾਇਰਨ ਰਾਹੀਂ ਅੱਜ ਸ਼ਹਿਰ ਵਾਸੀਆਂ ਨੂੰ ਸੁਚੇਤ ਕੀਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ 501 ਅਪਰ ਪ੍ਰਾਇਮਰੀ ਸਕੂਲਾਂ ਵਿੱਚ ਅੱਜ ਮੌਕ ਡਰਿੱਲ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਖੇਤਰ ਅੰਦਰ ਬਲੈਕਆਉਟ ਨੂੰ ਮਿਲਿਆ ਭਰਵਾਂ ਹੁੰਗਾਰਾ
NEXT STORY