ਮਾਨਸਾ (ਸੰਦੀਪ ਮਿੱਤਲ) : ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਮਾਨਸਾ ਦੇ ਸਮੂਹ ਸਰਕਾਰੀ ਦਫ਼ਤਰਾਂ 'ਚ ਮੁਕੰਮਲ ਹੜਤਾਲ ਕੀਤੀ ਗਈ। ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ ਅਤੇ ਮੁਲਾਜ਼ਮਾਂ ਵੱਲੋਂ ਕੰਮ ਦਾ ਬਾਈਕਾਟ ਕੀਤਾ ਗਿਆ। ਯੂਨੀਅਨ ਆਗੂਆਂ ਹਰਪ੍ਰੀਤ ਸਿੰਘ, ਪ੍ਰਧਾਨ ਡੀ. ਸੀ. ਦਫ਼ਤਰ ਯੂਨੀਅਨ ਤੇ ਸਟੇਟ ਕਾਨੂੰਨੀ ਸਲਾਹਕਾਰ, ਸੰਦੀਪ ਸਿੰਘ ਵਾਲੀਆ, ਪ੍ਰਧਾਨ ਸਿਹਤ ਵਿਭਾਗ ਮਨਿਸਟਰੀਅਲ ਯੂਨੀਅਨ ਅਤੇ ਸੁਖਵਿੰਦਰ ਸਿੰਘ ਵਾਟਰ ਸਪਲਾਈ ਵਿਭਾਗ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦਾ ਸਰਕਾਰ ਵੱਲੋਂ ਹੱਲ ਨਾ ਕੀਤੇ ਜਾਣ ਕਾਰਨ ਸੰਘਰਸ਼ ਦਾ ਰਾਹ ਅਪਣਾਇਆ ਗਿਆ ਹੈ।
ਉਨ੍ਹਾਂ ਐਲਾਨ ਕੀਤਾ ਕਿ 18 ਅਗਸਤ ਨੂੰ ਵੀ ਹੜਤਾਲ ਜਾਰੀ ਰਹੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਅਤੇ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਸਿਕੰਦਰ ਸਿੰਘ ਘਰਾਂਘਣਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ 27 ਅਗਸਤ ਨੂੰ ਪੂਰੇ ਪੰਜਾਬ 'ਚ ‘ਮਹਾ-ਬੰਦ’ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਮਹਾ-ਬੰਦ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਇਕਜੁੱਟ ਹੋ ਕੇ ਕੰਮ ਛੱਡਣਗੇ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਸਖ਼ਤ ਫ਼ੈਸਲੇ ਲਏ ਜਾ ਸਕਦੇ ਹਨ। ਇਸ ਮੌਕੇ ਮਹਿੰਦਰ ਸਿੰਘ, ਕਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਹੁਸਨਪ੍ਰੀਤ ਸਿੰਘ, ਮਹੇਸ਼ ਕੁਮਾਰ, ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਸਰਵਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਆਗੂ ਹਾਜ਼ਰ ਸਨ।
20 ਅਗਸਤ ਨੂੰ ਹੋਵੇਗੀ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ
NEXT STORY