ਖੰਨਾ (ਵਿਪਨ): ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਹਲਕਾ ਖੰਨਾ ਅਧੀਨ ਪੈਂਦੇ ਪਿੰਡ ਭਾਦਲਾ ਉਚਾ ਵਿਖੇ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਕ ਪਾਸੇ ਪਿੰਡ ਦੀ ਪੰਚਾਇਤ ਅਤੇ ਲੋਕ ਇਸ ਕਬਜ਼ੇ ਦਾ ਵਿਰੋਧ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਦਰਬਾਰ ਤੱਕ ਸ਼ਿਕਾਇਤ ਪਹੁੰਚਣ ਦੇ ਬਾਵਜੂਦ ਹੁਣ ਤੱਕ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਸਾਬਕਾ ਕਾਂਗਰਸੀ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਵੀ ਇਸ ਮਾਮਲੇ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪਿੰਡ ਭਾਦਲਾ ਉਚਾ ਵਿਖੇ ਸਰੇਆਮ ਪੰਚਾਇਤੀ ਜ਼ਮੀਨ ’ਤੇ ਪੱਕਾ ਕਬਜ਼ਾ ਕੀਤਾ ਜਾ ਰਿਹਾ ਹੈ, ਜੋ ਕਾਨੂੰਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਇਸ ਕਬਜ਼ੇ ਦੇ ਖ਼ਿਲਾਫ਼ ਹਨ, ਪਰ ਇਸਦੇ ਬਾਵਜੂਦ ਕੋਈ ਵੀ ਅਧਿਕਾਰੀ ਕਾਰਵਾਈ ਕਰਨ ਨੂੰ ਤਿਆਰ ਨਹੀਂ ਹੈ। ਕੋਟਲੀ ਨੇ ਦੋਸ਼ ਲਗਾਇਆ ਕਿ ਰਾਜਨੀਤਕ ਦਬਾਅ ਕਾਰਨ ਪ੍ਰਸ਼ਾਸਨ ਅੱਖਾਂ ਮੀਚ ਕੇ ਬੈਠਾ ਹੈ, ਜਿਸ ਨਾਲ ਕਬਜ਼ਾਧਾਰੀਆਂ ਦੇ ਹੌਸਲੇ ਹੋਰ ਬੁਲੰਦ ਹੋ ਰਹੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਕਾਂਗਰਸ ਪਾਰਟੀ ਪਿੰਡ ਵਾਸੀਆਂ ਦੇ ਨਾਲ ਖੜੀ ਹੈ ਅਤੇ ਜੇ ਜਲਦੀ ਹੀ ਗੈਰ-ਕਾਨੂੰਨੀ ਨਿਰਮਾਣ ਕੰਮ ਬੰਦ ਨਾ ਕਰਵਾਇਆ ਗਿਆ ਅਤੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਖੁਦ ਆਪਣੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨਾਲ ਮੌਕੇ ’ਤੇ ਪਹੁੰਚ ਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਨਗੇ।
ਕੋਟਲੀ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਪਿੰਡ ਦੇ ਵਿਕਾਸ ਕਾਰਜਾਂ ਲਈ ਹੁੰਦੀ ਹੈ। ਇਸ ’ਤੇ ਕਬਜ਼ਾ ਕਰਨਾ ਨਾ ਸਿਰਫ਼ ਗੈਰ-ਕਾਨੂੰਨੀ ਹੈ, ਸਗੋਂ ਆਮ ਲੋਕਾਂ ਦੇ ਅਧਿਕਾਰਾਂ ਦੀ ਉਲੰਘਣਾ ਵੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਨਾਜਾਇਜ਼ ਕਬਜ਼ਾ ਹਟਾਇਆ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ, ਪਿੰਡ ਭਾਦਲਾ ਉਚਾ ਦੇ ਪੰਚਾਇਤ ਮੈਂਬਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕਈ ਵਾਰ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਨੂੰ ਲਿਖਤੀ ਅਤੇ ਜੁਬਾਨੀ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਲਗਾਤਾਰ ਅਧਿਕਾਰੀਆਂ ਦੇ ਚੱਕਰ ਕੱਟ ਰਹੇ ਹਨ, ਪਰ ਹੁਣ ਤੱਕ ਕੋਈ ਸੁਣਵਾਈ ਨਹੀਂ ਹੋਈ। ਕੁਲਵੰਤ ਸਿੰਘ ਮੁਤਾਬਕ ਕਬਜ਼ਾ ਕਰਨ ਵਾਲੇ ਲੋਕ ਬੇਖੌਫ਼ ਹੋ ਕੇ ਨਿਰਮਾਣ ਕੰਮ ਜਾਰੀ ਰੱਖੇ ਹੋਏ ਹਨ, ਜਿਸ ਨਾਲ ਲੋਕਾਂ ਚ ਰੋਸ ਹੈ। ਜੇ ਜਲਦੀ ਹੀ ਪ੍ਰਸ਼ਾਸਨ ਨੇ ਸਖ਼ਤ ਕਦਮ ਨਾ ਚੁੱਕੇ ਤਾਂ ਉਹ ਵੱਡੇ ਪੱਧਰ ’ਤੇ ਅੰਦੋਲਨ ਕਰਨ ਲਈ ਮਜਬੂਰ ਹੋਣਗੇ। ਪਿੰਡ ਵਿਚ ਇਸ ਮਸਲੇ ਨੂੰ ਲੈ ਕੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਸਰਕਾਰ ਤੋਂ ਨਿਰਪੱਖ ਕਾਰਵਾਈ ਦੀ ਮੰਗ ਕਰ ਰਹੇ ਹਨ।
ਰਾਜਪਾਲ ਦੇ ਨਸ਼ਾ ਵਿਰੋਧੀ ਮਾਰਚ 'ਤੇ ਰਾਜਾ ਵੜਿੰਗ ਦੇ ਤਿੱਖੇ ਸਵਾਲ, ਪੜ੍ਹੋ ਕੀ ਕਿਹਾ
NEXT STORY