ਜਲੰਧਰ, (ਚਾਵਲਾ)— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਵੇਂ ਲੱਖ ਕੋਸ਼ਿਸ਼ਾਂ ਕਰ ਲਵੇ ਪਰ ਸੱਜਣ ਕੁਮਾਰ ਅਤੇ 1984 ਦੇ ਸਿੱਖ ਕਤਲੇਆਮ ਦੇ ਹੋਰ ਦੋਸ਼ੀਆਂ ਨੂੰ ਜੇਲ੍ਹ ਵਿਚੋਂ ਨਹੀਂ ਕੱਢ ਸਕਦੀ।
ਅੱਜ ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ 'ਤੇ ਪ੍ਰਤੀਕਰਮ ਦਿੰਦਿਆਂ ਸਿਰਸਾ ਨੇ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਨੇ ਲੱਖ ਕੋਸ਼ਿਸ਼ਾਂ ਕੀਤੀਆਂ ਪਰ ਸੁਪਰੀਮ ਕੋਰਟ ਨੇ ਫਿਰ ਤੋਂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਾਂਗਰਸ ਦੇ ਆਗੂ ਬਲਵੰਤ ਖੋਖਰ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਪੈਰੋਲ ਦੀ ਅਰਜ਼ੀ ਵੀ ਰੱਦ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜੇਲ੍ਹ ਵਿਚੋਂ ਬਾਹਰ ਕੱਢਣ ਦੇ ਕਾਂਗਰਸ ਪਾਰਟੀ ਦੇ ਯਤਨ ਨਾਕਾਮ ਹੋ ਗਏ ਹਨ ਅਤੇ ਭਵਿੱਖ ਵਿਚ ਵੀ ਹੁੰਦੇ ਰਹਿਣਗੇ।
ਉਨ੍ਹਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਅਤੇ ਖਾਸ ਤੌਰ 'ਤੇ ਗਾਂਧੀ ਪਰਿਵਾਰ ਨੂੰ ਦੱਸਣਾ ਚਾਹੁੰਦੇ ਹਨ ਕਿ ਜਿਥੇ ਸੱਜਣ ਕੁਮਾਰ ਜੇਲ੍ਹ ਵਿਚ ਹੈ ਅਤੇ ਜੇਲ੍ਹ ਵਿਚ ਹੀ ਮਰੇਗਾ, ਉਥੇ ਹੀ ਕਾਂਗਰਸ ਦੇ ਚੋਟੀ ਦੇ ਆਗੂ ਕਮਲਨਾਥ ਵੀ ਜਲਦੀ ਹੀ ਜੇਲ੍ਹ ਵਿਚ ਪੁੱਜ ਜਾਣਗੇ ਕਿਉਂਕਿ ਉਨ੍ਹਾਂ ਦੀ ਵੀ 1984 ਦੇ ਸਿੱਖ ਕਤਲੇਆਮ ਵਿਚ ਸਰਗਰਮ ਭੂਮਿਕਾ ਸੀ।
ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਨੁਮਾਇੰਦਾ ਜਥੇਬੰਦੀ ਵਜੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਅਤੇ ਪੀੜਤਾਂ ਨੂੰ ਇਨਸਾਫ ਦੁਆਉਣ ਲਈ ਕੰਮ ਕਰਦਾ ਰਿਹਾ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਆਪਣਾ ਇਹ ਸੰਘਰਸ਼ ਜਾਰੀ ਰੱਖੇਗਾ ਤੇ ਸਾਰੇ ਦੋਸ਼ੀਆਂ ਨੂੰ ਜੇਲ੍ਹ ਭੇਜ ਕੇ ਹੀ ਦਮ ਲਵੇਗਾ।
ਤ੍ਰਿਪਤ ਬਾਜਵਾ ਨੇ ਸੂਬੇ ਦੇ ਕਿਸਾਨਾਂ ਨੂੰ ਕੀਤੀ ਅਪੀਲ
NEXT STORY