ਮੋਹਾਲੀ,(ਨਿਆਮੀਆਂ)- ਨਗਰ ਨਿਗਮ ਚੋਣਾਂ ਸਬੰਧੀ ਕਾਂਗਰਸ ਪਾਰਟੀ ਵਲੋਂ ਮੋਹਾਲੀ ਲਈ ਨਿਯੁਕਤ ਕੀਤੇ ਗਏ ਆਬਜ਼ਰਵਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ ’ਤੇ ਨਗਰ ਨਿਗਮ ਚੋਣਾਂ ਲੜੇਗੀ ਅਤੇ ਪਾਰਟੀ ਦੇ ਸਾਰੇ ਉਮੀਦਵਾਰ ਹੂੰਝਾ ਫੇਰ ਜਿੱਤ ਪ੍ਰਾਪਤ ਕਰਨਗੇ। ਉਹ ਚੋਣਾਂ ਦੇ ਸਬੰਧ ਵਿਚ ਸਥਾਨਕ ਫ਼ੇਜ਼-1 ਉਦਯੋਗਿਕ ਖੇਤਰ ਵਿਚ ਪਾਰਟੀ ਦੇ ਦਫ਼ਤਰ ਵਿਚ ਕਾਂਗਰਸ ਦੇ ਉਮੀਦਵਾਰਾਂ, ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਮੁੱਚੇ ਸੂਬੇ ਵਿਚ ਬੇਮਿਸਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਭਾਰੀ ਗਿਣਤੀ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ।
ਰੰਧਾਵਾ ਨੇ ਕਿਹਾ ਕਿ ਦਿੱਲੀ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਤੱਕ ਦੇ ਸਭ ਤੋਂ ਨਿਕੰਮੇ ਪ੍ਰਧਾਨ ਮੰਤਰੀ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਂਝ ਤਾਂ ਅਜਿਹੇ ਖੇਤੀ-ਮਾਰੂ ਕਾਨੂੰਨ ਲਿਆਉਣੇ ਹੀ ਨਹੀਂ ਸਨ ਚਾਹੀਦੇ ਤੇ ਜਦੋਂ ਚਾਰੇ ਪਾਸਿਆਂ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਆਵਾਜ਼ਾਂ ਉਠਣ ਲੱਗ ਪਈਆਂ ਸਨ ਤਾਂ ਉਦੋਂ ਹੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਸੀ। ਅਕਾਲੀ ਦਲ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਮੁੱਚਾ ਅਕਾਲੀ ਦਲ ਪਹਿਲਾਂ ਇਨ੍ਹਾਂ ਕਾਨੂੰਨਾਂ ਦੀ ਖੁੱਲ੍ਹੇਆਮ ਵਕਾਲਤ ਕਰ ਰਿਹਾ ਸੀ ਪਰ ਲੋਕਾਂ ਦੇ ਵਿਰੋਧ ਨੂੰ ਵੇਖਦਿਆਂ ਉਨ੍ਹਾਂ ਇਕਦਮ ਪਲਟੀ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਸਿਵਾਏ ਝੂਠ ਬੋਲਣ ਦੇ ਕੱਖ ਨਹੀਂ ਕੀਤਾ, ਜਿਸ ਦਾ ਨਤੀਜਾ ਅੱਜ ਅਕਾਲੀ ਦਲ ਭੁਗਤ ਰਿਹਾ ਹੈ, ਕਿਉਂਕਿ ਪਾਰਟੀ ਦਾ ਜਨ ਆਧਾਰ ਬਿਲਕੁਲ ਖ਼ਤਮ ਹੋ ਗਿਆ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਮੋਹਾਲੀ ਅਤੇ ਸਮੁੱਚੇ ਸ਼ਹਿਰ ਵਿਚ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਗਈ, ਜਿਸ ਦਾ ਨਤੀਜਾ ਹੈ ਕਿ ਅੱਜ ਮੋਹਾਲੀ ਸ਼ਹਿਰ ਅਤੇ ਹਲਕੇ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਅੱਜ ਅਕਾਲੀ ਦਲ ਦਾ ਇਹ ਹਾਲ ਹੈ ਕਿ ਅਕਾਲੀ ਉਮੀਦਵਾਰ ਚੋਣਾਂ ਤੋਂ ਪਹਿਲਾਂ ਹੀ ਮੈਦਾਨ ਛੱਡ ਕੇ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਲੋਕਾਂ ਨੇ ਪਹਿਲਾਂ ਹੀ ਮਨ ਬਣਾਇਆ ਹੋਇਆ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਡਿਪਟੀ ਮੇਅਰ ਰਿਸ਼ਵ ਜੈਨ, ਅਮਰੀਕੀ ਸਿੰਘ ਸੋਮਲ, ਕੁਲਜੀਤ ਸਿੰਘ ਬੇਦੀ, ਜਸਵੀਰ ਸਿੰਘ ਮਣਕੂ, ਸਿਟੀ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਨਰਾਇਣ ਸਿੰਘ ਸਿੱਧੂ, ਕਮਲਪ੍ਰੀਤ ਸਿੰਘ ਬਨੀ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਜਤਿੰਦਰ ਸਿੰਘ ਆਨੰਦ, ਪਰਮਜੀਤ ਸਿੰਘ ਹੈਪੀ, ਸੁਰਿੰਦਰ ਸਿੰਘ ਰਾਜਪੂਤ, ਨਛੱਤਰ ਸਿੰਘ, ਸੁਨੀਲ ਕੁਮਾਰ ਪਿੰਕਾ, ਬਾਲਾ ਸਿੰਘ, ਬੂਟਾ ਸਿੰਘ ਸੋਹਾਣਾ, ਪਰਦੀਪ ਸੋਨੀ, ਅਮਰੀਕ ਸਿੰਘ ਸਰਪੰਚ ਮਟੌਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਸਨ।
ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ’ਤੇ ਦੇਸ਼ ਦੇ ਕਿਸਾਨਾਂ ਨੂੰ ਭਰੋਸਾ ਨਹੀਂ : ਪ੍ਰੋ. ਚੰਦੂਮਾਜਰਾ
NEXT STORY