ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸੱਤਾ 'ਚ ਆਏ ਤਿੰਨ ਸਾਲ ਹੋ ਗਏ ਹਨ ਪਰ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਨਾ ਕਰਨ 'ਤੇ ਚਿੰਤਾ ਵਿਚ ਡੁੱਬੇ ਕਾਂਗਰਸੀ ਆਗੂ ਰੁਪਿੰਦਰ ਸਿੰਘ ਮੁੰਡੀ ਨੇ ਆਪਣੀ ਸਰਕਾਰ ਨੂੰ ਸੁਝਾਅ ਦਿੱਤੇ ਹਨ ਕਿ ਜੇਕਰ ਮੁੜ 2022 ਦੀ ਸੱਤਾ ਵਿਚ ਆਉਣਾ ਹੈ ਤਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਪੈਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਆੜ੍ਹਤੀ ਰੁਪਿੰਦਰ ਸਿੰਘ ਮੁੰਡੀ ਨੇ ਕਿਹਾਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੇ ਕਾਰਜਕਾਲ ਤੋਂ ਦੁਖੀ ਹੋ ਕੇ ਲੋਕਾਂ ਨੇ ਪਾਰਟੀ ਨੂੰ ਬੁਰੀ ਤਰ੍ਹਾਂ ਨਕਾਰਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਾਅਦਿਆਂ ਵਾਲੀਆਂ ਉਮੀਦਾਂ 'ਤੇ ਵਿਸ਼ਵਾਸ ਪ੍ਰਗਟਾਉਂਦਿਆਂ ਭਾਰੀ ਬਹੁਮਤ ਨਾਲ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਂਦਾ ਪਰ 3 ਸਾਲ ਬੀਤ ਗਏ ਹਨ ਨਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰ ਜੇਲ੍ਹਾਂ ਵਿਚ ਡੱਕਿਆ ਗਿਆ ਅਤੇ ਨਾ ਹੀ ਇਸ ਲਈ ਜਿੰਮੇਵਾਰ ਬਾਦਲ ਪਰਿਵਾਰ ਨੂੰ ਨੱਥ ਪਾਈ ਗਈ।
ਉਨ੍ਹਾਂ ਕਿਹਾ ਕਿ ਬਾਦਲਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਤਬਾਹ ਕਰ ਕੇ ਰੱਖ ਦਿੱਤਾ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਾਂਗੇ ਤੇ ਘਰ-ਘਰ ਨੌਕਰੀ ਦੇ ਕੇ ਬੇਰੁਜ਼ਗਾਰੀ ਦੂਰ ਕਰਾਂਗੇ। ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਦੀ ਜਵਾਨੀ ਨੌਕਰੀ ਨਾ ਮਿਲਣ ਕਾਰਨ ਵਿਦੇਸ਼ਾਂ ਨੂੰ ਉਡਾਰੀ ਮਾਰ ਰਹੀ ਹੈ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਹੋਣ ਕਾਰਨ ਉਹ ਖੁਦਕੁਸ਼ੀਆਂ ਕਰ ਰਹੇ ਹਨ।
ਕਾਂਗਰਸ ਆਗੂ ਮੁੰਡੀ ਨੇ ਕਿਹਾ ਕਿ ਗਰੀਬਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਸਸਤਾ ਆਟਾ-ਦਾਲ ਦੇ ਨਾਲ ਚੀਨੀ, ਚਾਹਪੱਤੀ, ਘਿਓ ਦਿੱਤਾ ਜਾਵੇਗ ਪਰ ਇਹ ਵਾਅਦਾ ਵੀ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖ਼ਜਾਨਾ ਖਾਲੀ ਕਹਿ ਕੇ ਲੋਕਾਂ ਦੇ ਵਾਅਦਿਆਂ ਤੋਂ ਭੱਜਿਆ ਨਹੀਂ ਜਾ ਸਕਦਾ ਕਿਉਂਕਿ ਵੋਟਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਹੁਤ ਆਸਾਂ ਹਨ, ਇਸ ਲਈ ਖ਼ਜਾਨੇ ਵਿਚ ਪੈਸੇ ਦਾ ਇੰਤਜ਼ਾਮ ਕਰ ਵਾਅਦੇ ਪੂਰਾ ਕਰਨਾ ਸਰਕਾਰ ਦੀ ਜਿੰਮੇਵਾਰੀ ਹੈ। ਕਾਂਗਰਸੀ ਆਗੂ ਮੁੰਡੀ ਨੇ ਕਿਹਾ ਕਿ ਉਹ ਤਾਂ ਨਿਮਾਣੇ ਵਰਕਰ ਵਜੋਂ ਤੇ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੋਣ ਨਾਤੇ ਆਪਣੀ ਸਰਕਾਰ ਨੂੰ ਸੁਝਾਅ ਦੇ ਰਹੇ ਹਨ ਕਿ ਅਜੇ ਵੀ ਡੁੱਲ੍ਹੇ ਬੇਰਾਂ ਦਾ ਕੁੱਝ ਨਹੀਂ ਵਿਗੜਿਆ ਕਿਉਂਕਿ ਸਰਕਾਰ ਦਾ 2 ਸਾਲ ਦਾ ਕਾਰਜਕਾਲ ਅਜੇ ਬਾਕੀ ਹੈ, ਇਸ ਸਮੇਂ ਦੌਰਾਨ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਗਰੀਬਾਂ ਨਾਲ ਜੋ ਵਾਅਦੇ ਕੀਤੇ ਹਨ ਉਹ ਪੂਰੇ ਕਰਕੇ 2022 ਵਿਚ ਮੁੜ ਕਾਂਗਰਸ ਸਰਕਾਰ ਸੱਤਾ ਵਿਚ ਆ ਸਕਦੀ ਹੈ।
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਰਿਸਰਚ ਕਰਨ ਪੰਜਾਬ ਆਈ ਇਜ਼ਰਾਈਲ ਦੀ ਮੁਟਿਆਰ
NEXT STORY