ਚੰਡੀਗੜ੍ਹ (ਰਮਨਜੀਤ) : ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਆਪਣੀ ਪਾਰਟੀ ਦੇ ਲਗਾਤਾਰ ਕਮਜ਼ੋਰ ਹੋਣ ਦੇ ਦਾਅਵੇ ਅਤੇ ਕਾਂਗਰਸ ਦੇ ਕੁਝ ਵਿਧਾਇਕਾਂ ਵੱਲੋਂ ਪੰਜਾਬ ਵਿਚ ਕਾਂਗਰਸ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਣ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮੌਜੂਦਾ ਹਾਲਤ ਨੇ ਕਾਂਗਰਸ ਦੀ ਅਸਲੀਅਤ ਨੂੰ ਜਨਤਾ ਦੇ ਦਰਬਾਰ ਵਿਚ ਜਨਤਕ ਕਰ ਦਿੱਤਾ ਹੈ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਸਿਰਫ਼ ਸੱਤਾ ਲਈ ਹੀ ਲੜ ਰਹੀ ਹੈ ਅਤੇ ਕਾਂਗਰਸੀ ਆਗੂਆਂ ਨੂੰ ਲੋਕਾਂ ਦੀ ਬਿਲਕੁਲ ਵੀ ਪ੍ਰਵਾਹ ਨਹੀਂ ਹੈ। ਪੰਜਾਬ ਦੇ ਕਾਂਗਰਸੀ ਆਗੂਆਂ ਤੋਂ ਬਾਅਦ ਹੁਣ ਰਾਸ਼ਟਰੀ ਪੱਧਰ ਦੇ ਕਾਂਗਰਸੀ ਆਗੂਆਂ ਨੇ ਵੀ ਪਾਰਟੀ ਹਾਈਕਮਾਨ ਖ਼ਿਲਾਫ਼ ਵਿਰੋਧ ਜ਼ਾਹਿਰ ਕੀਤਾ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਕਾਂਗਰਸ ਇਕ ਝੂਠੀ ਪਾਰਟੀ ਹੈ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿਚ ਅਸਮਰਥ ਹੈ। ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਲਈ ਪਿਛਲੇ ਕਈ ਦਿਨਾਂ ਤੋਂ ਆਪਸ ਵਿਚ ਲੜ ਰਹੀ ਹੈ। ਇਕ ਪਾਸੇ ਕਾਂਗਰਸ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ 2022 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਵੇਗਾ। ਦੂਜੇ ਪਾਸੇ ਉਨ੍ਹਾਂ ਦੇ ਵਿਰੋਧੀ ਧਿਰ ਦੇ ਆਗੂ ਕਹਿ ਰਹੇ ਹਨ ਕਿ ਪਾਰਟੀ ਹਾਈਕਮਾਨ ਮੁੱਖ ਮੰਤਰੀ ਦਾ ਚਿਹਰਾ ਤੈਅ ਕਰੇਗੀ।
ਇਹ ਵੀ ਪੜ੍ਹੋ : ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ 1 ਮਾਰਚ ਤੋਂ ਹੋਵੇਗਾ ਸ਼ੁਰੂ
ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਦੇ ਕਾਂਗਰਸੀ ਆਗੂਆਂ ਨੇ ਲੋਕਾਂ ਦੀਆਂ ਉਮੀਦਾਂ ਨਾਲ ਖਿਲਵਾੜ ਕੀਤਾ ਹੈ, ਜਿਸ ਕਾਰਣ ਜਨਤਾ ਵਿਚ ਉਨ੍ਹਾਂ ਖ਼ਿਲਾਫ਼ ਕਾਫ਼ੀ ਗ਼ੁੱਸਾ ਹੈ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਚਾਰ ਸਾਲਾਂ ਵਿਚੋਂ ਇਕ ਦਿਨ ਵੀ ਪੰਜਾਬ ਦੀ ਜਨਤਾ ਵਿਚ ਨਹੀਂ ਗਏ। ਉਹ ਆਪਣੇ ਸ਼ਾਹੀ ਫਾਰਮ ਹਾਊਸ ਵਿਚ ਆਪਣੇ ਦੋਸਤਾਂ ਨਾਲ ਹੀ ਰੁੱਝੇ ਰਹੇ। ਮਾਨ ਨੇ ਕਿਹਾ ਕਿ ‘ਆਪ’ ਵਿਧਾਨ ਸਭਾ ਅਤੇ ਜਨਤਾ ਦੇ ਦਰਬਾਰ ਵਿਚ ਕੈਪਟਨ ਸਰਕਾਰ ਦੇ ਇਸ ਮਾੜੇ ਪ੍ਰਦਰਸ਼ਨ ਨੂੰ ਚੰਗੀ ਤਰ੍ਹਾਂ ਜਨਤਕ ਕਰੇਗੀ।
ਇਹ ਵੀ ਪੜ੍ਹੋ : ਆਤਿਸ਼ਬਾਜ਼ੀ ਅਤੇ ਦੀਪਮਾਲਾ ਕਰਦੇ ਹੋਏ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪੰਜਾਬ ਵਿਧਾਨ ਸਭਾ ਘੇਰਨ ਜਾਂਦੇ 'ਅਕਾਲੀਆਂ' 'ਤੇ ਪੁਲਸ ਨੇ ਵਰ੍ਹਾਈਆਂ ਡਾਂਗਾਂ, ਹਿਰਾਸਤ 'ਚ ਲਿਆ
NEXT STORY