ਨਵੀਂ ਦਿੱਲੀ/ਜਲੰਧਰ (ਚਾਵਲਾ)–ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਵਿਚੋਂ ਕੱਢੇ ਆਗੂ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਅਖੌਤੀ ਅਕਾਲੀਆਂ ’ਤੇ ਤਿੱਖਾ ਹਮਲਾ ਬੋਲਿਆ ਤੇ ਕਿਹਾ ਕਿ ਉਹ ਸਿੱਖ ਕੌਮ ਨੂੰ ਜਵਾਬ ਦੇਣ ਕਿ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਨਾਲ ਉਨ੍ਹਾਂ ਨੇ ਸਾਂਝ ਕਿਉਂ ਪਾਈ ਹੈ?
ਇਥੇ ਜਾਰੀ ਇਕ ਬਿਆਨ ਵਿਚ ਪਾਰਟੀ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਸਿੱਖਾਂ ਦੀ ਦੁਸ਼ਮਣ ਪਾਰਟੀ ਹੈ ਤੇ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਕਾਂਗਰਸ ਦੇ ਝੋਲੀਚੁੱਕ ਹਨ, ਇਹ ਕਿਸੇ ਤੋਂ ਲੁਕਿਆ ਨਹੀਂ। ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਸਰਨਾ ਤਾਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਸਲਾਹਕਾਰ ਵੀ ਹਨ। ਉਨ੍ਹਾਂ ਕਿਹਾ ਕਿ ਹੁਣ ਆਪਣੀ ਕਾਂਗਰਸ ਬਿਰਤੀ ਅਨੁਸਾਰ ਹੀ ਸਰਨਾ ਭਰਾਵਾਂ ਨੇ ਦਿੱਲੀ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਤੇ ਅਖੌਤੀ ਅਕਾਲੀ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਨੂੰ ਸਵਾਲ ਕੀਤਾ ਕਿ ਉਹ ਸਿੱਖ ਕੌਮ ਨੂੰ ਦੱਸਣ ਕਿ ਉਨ੍ਹਾਂ ਨੇ ਕਾਂਗਰਸ ਨਾਲ ਸਾਂਝ ਕਿਉਂ ਪਾਈ ਤੇ ਸਰਨਾ ਭਰਾਵਾਂ ਦੇ ਹੱਥ ਮਜ਼ਬੂਤ ਕਰਨ ਦਾ ਰਾਹ ਕਿਉਂ ਚੁਣਿਆ। ਉਨ੍ਹਾਂ ਕਿਹਾ ਕਿ ਨਾ ਸਿਰਫ ਸਰਨਾ ਭਰਾ ਬਲਕਿ ਬੀਰਦਵਿੰਦਰ ਸਿੰਘ ਵਰਗੇ ਆਗੂ ਜੋ ਹੁਣ ਅਖੌਤੀ ਟਕਸਾਲੀ ਬਣ ਗਏ ਹਨ, ਦਾ ਅਕਾਲੀ ਦਲ ਨਾਲ ਕਦੇ ਕੋਈ ਸਰੋਕਾਰ ਨਹੀਂ ਰਿਹਾ ਤੇ ਨਾ ਹੀ ਉਨ੍ਹਾਂ ਦਾ ਪਿਛੋਕੜ ਅਕਾਲੀ ਹੈ।
ਉਨ੍ਹਾਂ ਕਿਹਾ ਕਿ ਦੋਵੇਂ ਢੀਂਡਸਿਆਂ ਤੇ ਅਖੌਤੀ ਟਕਸਾਲੀ ਅਕਾਲੀ ਆਗੂਆਂ ਨੇ ਕਾਂਗਰਸ ਦੀ ਹਮਾਇਤ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਕਦੇ ਵੀ ਸਿੱਖ ਕੌਮ ਦੇ ਹਿਤੈਸ਼ੀ ਨਹੀਂ ਸਨ ਤੇ ਕਾਂਗਰਸ ਵਾਂਗ ਹੀ ਉਨ੍ਹਾਂ ਸਿੱਖ ਕੌਮ ਦੀ ਪਿੱਠ ਵਿਚ ਵੀ ਛੁਰਾ ਮਾਰਿਆ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਮੁਆਫ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਵਾਸਤੇ ਕਾਂਗਰਸ ਪਾਰਟੀ ਨੰਬਰ ਇਕ ਦੁਸ਼ਮਣ ਸੀ, ਹੈ ਤੇ ਰਹੇਗੀ ਤੇ ਇਸ ਨਾਲ ਸਾਂਝ ਪਾਉਣ ਵਾਲੇ ਵੀ ਉਸ ਦੇ ਸਭ ਤੋਂ ਵੱਡੇ ਦੁਸ਼ਮਣ ਹਨ।
ਗੁਰੂ ਨਾਨਕ ਸਦਭਾਵਨਾ ਜਥੇ ਦੇ 280 ਸ਼ਰਧਾਲੂਆਂ ਕੀਤੇ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ
NEXT STORY