ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਦੇ ਪਿੰਡ ਕਾਲਰੂ ਵਿਖੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇਕ ਸ਼ਰਾਬ ਦੇ ਠੇਕੇ 'ਤੇ ਕੰਮ ਕਰਨ ਵਾਲੇ ਕਰਿੰਦੇ ਵੱਲੋਂ ਕਥਿਤ ਤੌਰ 'ਤੇ ਜ਼ਹਿਰੀਲੀ ਦਵਾਈ ਨਿਗਲ ਲਈ ਗਈ। ਘਟਨਾ ਮਗਰੋਂ ਇਲਾਕੇ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ। ਜ਼ਹਿਰੀਲੀ ਦਵਾਈ ਨਿਗਲਣ ਵਾਲੇ ਨੌਜਵਾਨ ਦੀ ਪਛਾਣ ਹਰਮਨ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਕਾਲਰੂ ਵਜੋਂ ਹੋਈ ਹੈ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਜਾਣਕਾਰੀ ਮੁਤਾਬਕ ਹਰਮਨ ਅਤੇ ਉਸ ਦੇ ਪਿਤਾ ਜਸਵੰਤ ਸਿੰਘ ਨੇ ਦੋਸ਼ ਲਗਾਇਆ ਕਿ ਉਹ ਇਕ ਠੇਕੇਦਾਰ ਕੋਲ ਕਰਿੰਦੇ ਵਜੋਂ ਕੰਮ ਕਰਦਾ ਹੈ ਅਤੇ ਪਿਛਲੇ 2 ਮਹੀਨਿਆਂ ਤੋਂ ਉਸ ਦੀ ਤਨਖ਼ਾਹ ਨਹੀਂ ਦਿੱਤੀ ਗਈ। ਉਸ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਠੇਕੇਦਾਰ ਦੇ ਪੁੱਤਰ ਵੱਲੋਂ ਉਸ ਨੂੰ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਹਰਮਨ ਵੱਲੋਂ ਬਣਾਈ ਗਈ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਉਸ ਨੇ ਕਥਿਤ ਤੌਰ 'ਤੇ ਆਪਣੀਆਂ ਸਮੱਸਿਆਵਾਂ ਦਾ ਜ਼ਿਕਰ ਕਰਦੇ ਦਾਅਵਾ ਕੀਤਾ ਕਿ ਹਲਕੇ ਵਿਚ ਐਕਸਪਾਇਰ ਹੋ ਚੁੱਕੀ ਸ਼ਰਾਬ ਦੀ ਸਪਲਾਈ ਕੀਤੀ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...

ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਹਰਮਨ ਵੱਲੋਂ ਆਪਣੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਠੇਕੇਦਾਰ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਇਸ ਤੋਂ ਬਾਅਦ ਹਰਮਨ ਵੱਲੋਂ ਕਥਿਤ ਤੌਰ 'ਤੇ ਕੋਈ ਦਵਾਈ ਨਿਗਲ ਲਈ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਉਸ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਅੱਗੇ ਰੈਫਰ ਕਰ ਦਿੱਤਾ। ਜਿਸ ਤੋਂ ਬਾਅਦ ਸੁਲਤਾਨਪੁਰ ਲੋਧੀ ਦੇ ਇਕ ਨਿੱਜੀ ਹਸਪਤਾਲ ਵਿਖੇ ਉਸ ਦਾ ਇਲਾਜ ਚੱਲ ਰਿਹਾ ਹੈ।
ਠੇਕੇਦਾਰ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ
ਇਸ ਮਾਮਲੇ ਸਬੰਧੀ ਠੇਕੇਦਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ, ਤੁਸੀਂ ਐੱਸ. ਐੱਚ. ਓ. ਸੁਲਤਾਨਪੁਰ ਲੋਧੀ ਤੋਂ ਸਾਰੀ ਮਾਮਲੇ ਦੀ ਜਾਣਕਾਰੀ ਲੈ ਲਓ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ 250 ਤੋਂ 300 ਦੇ ਕਰੀਬ ਵਰਕਰ ਕੰਮ ਕਰਦੇ ਹਨ ਅਤੇ ਅੱਜ ਤੱਕ ਕਿਸੇ ਵੀ ਕਰਮਚਾਰੀ ਵੱਲੋਂ ਇਸ ਤਰ੍ਹਾਂ ਦੀ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਉਨ੍ਹਾਂ ਹਰਮਨ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਸਪੱਸ਼ਟ ਕਿਹਾ ਕਿ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਜਾਂਚ ਤੋਂ ਬਾਅਦ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ
ਐੱਸ. ਐੱਚ. ਓ. ਸਬ ਇੰਸਪੈਕਟਰ ਦਵਿੰਦਰ ਪਾਲ ਨੇ ਕਿਹਾ- ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ
ਉਧਰ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਦਵਿੰਦਰ ਪਾਲ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਾਲਰੂ ਵਿਖੇ ਸਥਿਤ ਸ਼ਰਾਬ ਦੇ ਠੇਕੇ ਨੂੰ ਅੰਦਰੋਂ ਤਾਲਾ ਲਗਾ ਕੇ ਇਕ ਵਿਅਕਤੀ ਨੇ ਕਬਜ਼ਾ ਕੀਤਾ ਹੋਇਆ ਹੈ। ਪੁਲਸ ਟੀਮ ਜਦੋਂ ਮੌਕੇ ’ਤੇ ਪਹੁੰਚੀ ਤਾਂ ਹਰਮਨ ਨਾਲ ਗੱਲਬਾਤ ਕੀਤੀ ਗਈ ਅਤੇ ਉਸ ਨੂੰ ਸਮਝਾਇਆ ਗਿਆ ਕਿ ਜੇਕਰ ਕੋਈ ਸਮੱਸਿਆ ਹੈ ਤਾਂ ਪੁਲਸ ਨੂੰ ਦੱਸਿਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪੁਲਸ ਕੋਲ ਮੌਕੇ ਦੀ ਵੀਡੀਓ ਰਿਕਾਰਡਿੰਗ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਹਰਮਨ ਵੱਲੋਂ ਠੇਕੇਦਾਰ ਨੂੰ ਬੁਲਾਉਣ ਲਈ ਕਿਹਾ ਗਿਆ ਸੀ ਤਾਂ ਜੋ ਮਾਮਲਾ ਸੁਲਝਾਇਆ ਜਾ ਸਕੇ। ਜਦੋਂ ਠੇਕੇਦਾਰ ਮੌਕੇ 'ਤੇ ਪਹੁੰਚਿਆ ਤਾਂ ਹਰਮਨ ਵੱਲੋਂ ਕਥਿਤ ਤੌਰ 'ਤੇ ਦਵਾਈ ਨਿਗਲ ਲਈ ਗਈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ। ਐੱਸ. ਐੱਚ. ਓ. ਦਵਿੰਦਰ ਪਾਲ ਨੇ ਕਿਹਾ ਕਿ ਇਸ ਸਮੇਂ ਹਰਮਨ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਕਸਪਾਇਰ ਸ਼ਰਾਬ ਦੀ ਸਪਲਾਈ ਸਬੰਧੀ ਅਜੇ ਤੱਕ ਪੁਲਸ ਨੂੰ ਕੋਈ ਲਿਖਤੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ। ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਨਿਯਮਾਂ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਸਲ ਤੱਥ ਸਾਹਮਣੇ ਆਉਣਗੇ।
ਇਹ ਵੀ ਪੜ੍ਹੋ: ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
NEXT STORY