ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਕਿਸੇ ਵੀ ਤਰੀਕੇ ਨਾਲ ਧਾਰਮਿਕ ਰੰਗਤ ਦਿੱਤੇ ਜਾਣ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਬੀਮਾਰੀ-ਮਹਾਮਾਰੀ ਦਾ ਕੋਈ ਧਰਮ ਨਹੀਂ ਹੁੰਦਾ। ਕਰਫ਼ਿਊ ਦੌਰਾਨ ਵੀ ਜੇਕਰ ਪੰਜਾਬ 'ਚ ਕੋਰੋਨਾ ਵਾਇਰਸ ਕਾਬੂ ਨਹੀਂ ਆ ਰਿਹਾ, ਇਸ ਲਈ ਸਬੰਧਿਤ ਸਰਕਾਰਾਂ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਪੰਜਾਬ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਸਬੰਧਿਤ ਸਿਆਸੀ ਧਿਰਾਂ ਆਪਣੀਆਂ ਨਾਲਾਇਕੀਆਂ ਛੁਪਾਉਣ ਅਤੇ ਜ਼ਿੰਮੇਵਾਰੀਆਂ ਤੋਂ ਭੱਜਣ ਲਈ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਫ਼ਿਰਕੂ ਰੰਗਤ ਦੇ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਨ।
ਇਹ ਵੀ ਪੜ੍ਹੋ : ਕੈਨੇਡਾ ’ਚ ਕੋਰੋਨਾ ਵਾਇਰਸ ਨੇ ਲਈ ਇਕ ਹੋਰ ਪੰਜਾਬੀ ਦੀ ਜਾਨ
ਪਾਰਟੀ ਹੈੱਡਕੁਆਰਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਸਟੇਟ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਤਬਲੀਗ਼ੀ ਜਮਾਤ ਤੋਂ ਬਾਅਦ ਹੁਣ ਸ੍ਰੀ ਹਜ਼ੂਰ ਸਾਹਿਬ ਤੋਂ ਆਈ ਸਿੱਖ ਸੰਗਤ ਬਾਰੇ ਜੋ ਗੈਰ-ਜ਼ਰੂਰੀ, ਗੈਰ-ਜ਼ਿੰਮੇਵਾਰਨਾ ਅਤੇ ਊਲ-ਜਲੂਲ ਟਿੱਪਣੀਆਂ ਹੋ ਰਹੀਆਂ ਹਨ, ਉਨ੍ਹਾਂ 'ਤੇ ਸਖ਼ਤੀ ਨਾਲ ਰੋਕ ਲੱਗਣੀ ਚਾਹੀਦੀ ਹੈ। ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਲਈ ਕਿਸੇ ਧਰਮ ਜਾਂ ਧਾਰਮਿਕ ਸਥਾਨ ਨੂੰ ਜ਼ਿੰਮੇਵਾਰ ਠਹਿਰਾਉਣਾ ਜਾਇਜ਼ ਨਹੀਂ ਹੈ। ਇਸ ਤਰਾਸਦੀ ਲਈ ਉਹ ਸਰਕਾਰਾਂ ਜ਼ਿੰਮੇਵਾਰ ਹਨ, ਜਿਨ੍ਹਾਂ ਦੇ ਤੁਗ਼ਲਕੀ ਫੁਰਮਾਨਾਂ, ਖੋਖਲੇ ਸਿਹਤ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਨਾਲਾਇਕੀਆਂ ਕਾਰਨ ਕੋਰੋਨਾ ਮਹਾਮਾਰੀ ਦੀ ਚੁਣੌਤੀ ਹੋਰ ਜ਼ਿਆਦਾ ਜਟਿਲ ਅਤੇ ਕਠਿਨ ਬਣ ਗਈ।
ਇਹ ਵੀ ਪੜ੍ਹੋ : ਜਲੰਧਰ 'ਚ ਮਿਲੇ 'ਕੋਰੋਨਾ' ਦੇ ਚਾਰ ਹੋਰ ਨਵੇਂ ਕੇਸ, ਅੰਕੜਾ 128 ਤੱਕ ਪੁੱਜਾ
ਪ੍ਰਿੰਸੀਪਲ ਬੁੱਧ ਰਾਮ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਇਸ ਮਹਾਮਾਰੀ ਦਾ ਟਾਕਰਾ ਕਰਨ ਲਈ ਪੂਰੀ ਤਰਾਂ ਫ਼ੇਲ੍ਹ ਸਾਬਤ ਹੋਈਆਂ ਹਨ। ਕੋਰੋਨਾ ਵਾਇਰਸ ਦੇ ਨਾਂ 'ਤੇ ਸਰਕਾਰੀ ਵਿਕਾਸ ਫ਼ੰਡ, ਸਰਕਾਰੀ ਕਲਿਆਣਕਾਰੀ ਸਹੂਲਤਾਂ, ਸਰਕਾਰੀ ਮੁਲਾਜ਼ਮਾਂ ਦੇ ਭੱਤੇ ਕੱਟੇ ਜਾ ਰਹੇ ਹਨ। ਖਪਤਕਾਰ ਟੈਕਸਾਂ ਦੇ ਰੂਪ 'ਚ ਹਰੇਕ ਨਾਗਰਿਕ ਦੀਆਂ ਜਿਉਂ ਦੀਆਂ ਤਿਉਂ ਜੇਬਾਂ ਕੱਟੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੱਧੂ ਸਮੇਤ ਸਾਰੇ ਮੰਤਰੀਆਂ ਨੂੰ ਆਪਣੇ ਘਰਾਂ 'ਚੋਂ ਨਿਕਲ ਕੇ ਜ਼ਿਲਾਵਾਰ ਮੋਰਚੇ ਸੰਭਾਲਣੇ ਚਾਹੀਦੇ ਹਨ ਅਤੇ ਇਸ ਸਮੇਂ ਸਾਰਾ ਧਿਆਨ ਹਸਪਤਾਲਾਂ, ਰੈਪਿਡ ਟੈਸਟਾਂ ਅਤੇ ਲੋੜਵੰਦਾਂ ਦੀਆਂ ਜ਼ਰੂਰਤਾਂ ਅਤੇ ਕੋਰੋਨਾ ਵਿਰੁੱਧ ਜੰਗ ਲੜ ਰਹੇ ਹਰ ਪ੍ਰਕਾਰ ਦੇ ਯੋਧਿਆਂ ਨੂੰ ਲੋੜੀਂਦਾ ਸਾਜੋ-ਸਾਮਾਨ ਅਤੇ ਹੌਸਲਾ ਦੇਣ 'ਤੇ ਕੇਂਦਰਿਤ ਕਰਨਾ ਚਾਹੀਦਾ ਹੈ।
ਕੋਰੋਨਾ ਮਹਾਮਾਰੀ ਬਨਾਮ ਕੁਦਰਤ ਦਾ ਸਵਰਗੀ ਵਰਤਾਰਾ
NEXT STORY