ਚੰਡੀਗੜ੍ਹ (ਰਮਨਜੀਤ) : ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕੋਲ ਇਸ ਨਾਲ ਨਜਿੱਠਣ ਲਈ ਸਭ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਭ ਦੇ ਬਾਵਜੂਦ ਕੋਰੋਨਾ ਨੂੰ ਹਲਕੇ 'ਚ ਨਾ ਲਿਆ ਜਾਵੇ ਅਤੇ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਪਹਿਲਾਂ ਵਾਂਗ ਹੀ ਕੀਤੀ ਜਾਵੇ ਕਿਉਂਕਿ ਕੋਰੋਨਾ ਦਾ ਇਲਾਜ ਹਾਲੇ ਵੀ ਮਾਸਕ ਪਾ ਕੇ ਰੱਖਣਾ ਅਤੇ ਹੱਥ ਸੈਨੇਟਾਈਜ਼ ਕਰਦੇ ਰਹਿਣਾ ਹੀ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਦੇ ਪ੍ਰਬੰਧਾਂ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਉਨ੍ਹਾਂ ਆਕਸੀਜਨ ਸਿਲੰਡਰਾਂ ਅਤੇ ਆਈ. ਸੀ. ਯੂ. ’ਚ ਬੈੱਡਾਂ ਦੀ ਗਿਣਤੀ 'ਚ ਹੋਰ ਵਾਧਾ ਕਰਨ ਦੇ ਨਿਰਦੇਸ਼ ਦਿੱਤੇ।
ਹਾਲਾਂਕਿ ਪੰਜਾਬ ਦੇ 3 ਮੈਡੀਕਲ ਕਾਲਜਾਂ 'ਚ ਬੈੱਡਾਂ ਦੀ ਕਾਫ਼ੀ ਗਿਣਤੀ ਹੈ ਪਰ ਫਿਰ ਵੀ ਅਹਿਤਿਆਤ ਵਜੋਂ ਮੁੱਖ ਸਕੱਤਰ ਨੇ ਗਿਣਤੀ ਵਧਾਉਣ ਲਈ ਕਿਹਾ ਤਾਂ ਜੋ ਅਮਰਜੈਂਸੀ ਦੀ ਹਾਲਤ 'ਚ ਲੋਕਾਂ ਦਾ ਬਿਹਤਰ ਇਲਾਜ ਕੀਤਾ ਜਾ ਸਕੇ। ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ. ਕੇ. ਤਿਵਾੜੀ ਅਤੇ ਸਿਹਤ ਮਹਿਕਮੇ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਅਤੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸਿਲੰਡਰਾਂ ਦੀ ਕੋਈ ਘਾਟ ਨਹੀਂ ਅਤੇ ਇਸ 'ਚ ਹੋਰ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨਾਲ ਜੁੜੇ ਸਟਾਫ਼ ਦੀ ਭਰਤੀ ਬਾਬਤ ਪ੍ਰਕਿਰਿਆ ਵੀ ਤੇਜ਼ੀ ਨਾਲ ਚੱਲ ਰਹੀ ਹੈ।
ਮੁੱਖ ਸਕੱਤਰ ਨੇ ਲੋੜ ਅਤੇ ਮੰਗ ਅਨੁਸਾਰ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਰਤੀ ਕਰਨ ਲਈ ਹਰੀ ਝੰਡੀ ਦਿੰਦਿਆਂ ਕਿਹਾ ਕਿ ਹੇਠਲੇ ਪੱਧਰ ਤੱਕ ਕੋਰੋਨਾ ਦੀ ਰੋਕਥਾਮ ਲਈ ਸਾਰਥਕ ਕਦਮ ਚੁੱਕੇ ਜਾਣ। ਇਸ ਮੌਕੇ ਮੁੱਖ ਸਕੱਤਰ ਵੱਲੋਂ ਸੈਂਪਲਿੰਗ ਵਧਾਉਣ ਦੇ ਦਿੱਤੇ ਨਿਰਦੇਸ਼ਾਂ ਬਾਬਤ ਉਨ੍ਹਾਂ ਨੂੰ ਦੱਸਿਆ ਗਿਆ ਕਿ ਜਲਦੀ ਹੀ ਰੋਜ਼ਾਨਾ 30 ਹਜ਼ਾਰ ਸੈਂਪਲਿੰਗ ਕਰਨੀ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਜੋ ਕੋਰੋਨਾ ਲੱਛਣਾਂ ਵਾਲੇ ਮਰੀਜ਼ਾਂ ਦੀ ਪਛਾਣ ਜਲਦ ਤੋਂ ਜਲਦ ਕੀਤੀ ਜਾ ਸਕੇ।
ਪੰਜਾਬ 'ਚ ਅੱਜ ਰਾਤ ਤੋਂ ਲਾਗੂ ਹੋਵੇਗਾ ਨਾਈਟ ਕਰਫ਼ਿਊ, ਜਾਣੋ ਜਾਰੀ ਹੋਏ ਹੋਰ ਦਿਸ਼ਾ-ਨਿਰਦੇਸ਼ਾਂ ਬਾਰੇ
NEXT STORY