ਚੰਡੀਗੜ੍ਹ : ਕੋਵਿਡ-19 ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕੋਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ।
ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਅਤੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਦੌਰਾਨ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਇਸ ਮੁਹਿੰਮ ਦੇ ਵਾਸਤੇ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਕੋਵਿਡ ਤੋਂ ਬਚਣ ਲਈ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ’ਤੇ ਪ੍ਰਚਾਰ ਸਮੱਗਰੀ ਪਾਈ ਜਾ ਰਹੀ ਹੈ। ਅਧਿਆਪਕਾਂ ਵੱਲੋਂ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ-ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਲਈ ਆਖਿਆ ਜਾ ਰਿਹਾ ਹੈ।
ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮਰੀਜ਼ ਨਾਲ ਸਨੇਹ ਭਰਪੂਰ ਵਿਵਹਾਰ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਨਿਰਧਾਰਿਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਨੂੰ ਰੋਕਣ ਲਈ ਕਾਫੀ ਮਦਦ ਮਿਲ ਸਕਦੀ ਹੈ।
ਜਲੰਧਰ ’ਚ ਬਲੈਕ ’ਚ ਵੇਚਿਆ ਜਾ ਰਿਹਾ ਸੀ ਆਕਸੀਜਨ ਸਿਲੰਡਰ, ਪੁਲਸ ਨੇ ਕੀਤੀ ਰੇਡ
NEXT STORY