ਹੁਸ਼ਿਆਰਪੁਰ (ਘੁੰਮਣ)— ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ 'ਚ ਕੋਰੋਨਾ ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਹ ਅੱਜ ਸ਼ਾਲੀਮਾਰ ਨਗਰ (ਅਰਬਨ ਏਰੀਆ) ਹੁਸ਼ਿਆਰਪੁਰ ਵਿਖੇ ਕਰਵਾਈ ਗਈ ਮੌਕ ਡਰਿੱਲ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਉਹੀ ਕਾਰਵਾਈ ਕੀਤੀ ਗਈ, ਜਿਹੜੀ ਕੋਰੋਨਾ ਦਾ ਮਰੀਜ਼ ਸਾਹਮਣੇ ਆਉਣ 'ਤੇ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਦਿਹਾਤੀ ਖੇਤਰ 'ਚ ਮੌਕ ਡਰਿੱਲ ਕਰਵਾਈ ਜਾ ਚੁੱਕੀ ਹੈ ਅਤੇ ਅੱਜ ਅਰਬਨ ਏਰੀਆ 'ਚ ਕਰਵਾਈ ਗਈ ਹੈ, ਤਾਂ ਜੋ ਜਿੱਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਸਕੇ, ਉਥੇ ਜਾਗਰੂਕਤਾ ਵੀ ਫੈਲਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੌਕ ਡਰਿੱਲ ਦਾ ਉਦੇਸ਼ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ, ਵਿਭਾਗਾਂ ਦਾ ਆਪਸੀ ਤਾਲਮੇਲ ਅਤੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਹੁਸ਼ਿਆਰਪੁਰ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਕੋਈ ਮਰੀਜ਼ ਸਾਹਮਣੇ ਨਹੀਂ ਆਇਆ ਪਰ ਫਿਰ ਵੀ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਸਮਾਂ ਰਹਿੰਦੇ ਅਣਸੁਖਾਵੇਂ ਹਾਲਾਤ ਨਾਲ ਨਜਿੱਠਿਆ ਜਾ ਸਕੇ।
ਡੀ.ਸੀ. ਨੇ ਕੀਤੀ ਲੋਕਾਂ ਨੂੰ ਇਹ ਅਪੀਲ
ਰਿਆਤ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਹੱਥਾਂ ਨੂੰ ਸਾਫ ਰੱਖੋ, ਹੱਥ ਸਮੇਂ-ਸਮੇਂ 'ਤੇ ਸਾਬਣ ਅਤੇ ਪਾਣੀ ਨਾਲ ਘੱਟੋ-ਘੱਟ 20 ਸੈਕਿੰਡ ਤੱਕ ਸਾਫ ਕਰਦੇ ਰਹੋ ਜਾਂ ਐਲਕੋਹਲ ਬੇਸਡ ਸੈਨੀਟਾਈਜ਼ਰ ਦੀ ਵਰਤੋਂ ਕਰੋ, ਖਾਂਸੀ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਨਾਲ ਮੂੰਹ ਢੱਕ ਕੇ ਰੱਖੋ ਅਤੇ ਜੇਕਰ ਰੁਮਾਲ ਨਹੀਂ ਹੈ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰਕੇ ਮੂੰਹ ਢੱਕੋ, ਉਪਰੰਤ ਸਾਬਣ ਨਾਲ ਚੰਗੀ ਤਰ੍ਹਾਂ ਹੱਥਾਂ ਨੂੰ ਧੋਵੋ, ਭੀੜ ਵਾਲੀ ਜਗ੍ਹਾ 'ਤੇ ਨਾ ਜਾਓ। ਇਸ ਤੋਂ ਇਲਾਵਾ ਆਪਣੀਆਂ ਅੱਖਾਂ, ਮੂੰਹ ਅਤੇ ਨੱਕ ਨੂੰ ਨਾ ਛੂਹੋ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਿਛਲੇ 14 ਦਿਨਾਂ 'ਚ ਕੋਵਿਡ-19 ਨਾਲ ਪ੍ਰਭਾਵਿਤ ਖੇਤਰ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ 'ਚ ਆਇਆ ਹੈ ਤਾਂ ਉਹ ਭੀੜ-ਭੜੱਕੇ ਵਾਲੀ ਜਗ੍ਹਾ 'ਚ ਨਾ ਜਾਵੇ ਅਤੇ ਉਹ ਆਪਣੇ ਆਪ ਨੂੰ 14 ਦਿਨਾਂ ਤੱਕ ਘਰ ਵਿਚ ਵੱਖਰਾ ਰੱਖੇ।
ਖਾਂਸੀ, ਬੁਖਾਰ ਜਾਂ ਸਾਹ ਲੈਣ 'ਚ ਤਕਲੀਫ ਹੋਣ 'ਤੇ ਸਿਹਤ ਸੰਸਥਾ ਨਾਲ ਕੀਤਾ ਜਾਵੇ ਸੰਪਰਕ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਾਂਸੀ, ਬੁਖਾਰ ਜਾਂ ਸਾਹ ਲੈਣ 'ਚ ਤਕਲੀਫ ਆਦਿ ਲੱਛਣ ਸਾਹਮਣੇ ਆਉਣ 'ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸ਼ੱਕੀ ਮਰੀਜ਼ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਜ਼ਿਲਾ ਪੱਧਰੀ ਕੰਟਰੋਲ ਰੂਮ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਵਾਂ ਲਈ ਟੋਲ ਫਰੀ ਨੰਬਰ 104 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਰਿਆਤ ਨੇ ਕਿਹਾ ਕਿ ਦਿਹਾਤੀ ਖੇਤਰ ਪਿੰਡ ਮੂਨਕ ਕਲਾਂ ਅਤੇ ਮੂਨਕ ਖੁਰਦ ਵਿਖੇ ਵੀ ਮੌਕ ਡਰਿੱਲ ਕਰਵਾਈ ਗਈ ਸੀ ਅਤੇ ਇਸ ਮੌਕ ਡਰਿੱਲ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਸਨ, ਜਿਸ ਰਾਹੀਂ ਇਹ ਸੁਨੇਹਾ ਜਾ ਰਿਹਾ ਸੀ ਕਿ ਹੁਸ਼ਿਆਰਪੁਰ 'ਚ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆਏ ਹਨ।
ਉੱਡ ਰਹੀਆਂ ਅਫਹਾਵਾਂ ਤੋਂ ਸੁਚੇਤ ਰਹਿਣ ਲੋਕ
ਉਨ੍ਹਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਹਰੇਕ ਵਿਅਕਤੀ ਨੂੰ ਇਕ ਜਿੰਮੇਵਾਰ ਨਾਗਰਿਕ ਦੀ ਤਰ੍ਹਾਂ ਪੂਰੀ ਜਾਂਚ ਪੜਤਾਲ ਤੋਂ ਬਾਅਦ ਹੀ ਫੋਟੋ ਜਾਂ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨੀ ਚਾਹੀਦੀ ਹੈ। ਮੌਕ ਡਰਿੱਲ ਦੌਰਾਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਐੱਸ. ਡੀ. ਐੱਮ. ਅਮਿਤ ਮਹਾਜਨ, ਸਿਵਲ ਸਰਜਨ ਡਾ. ਜਸਵੀਰ ਸਿੰਘ, ਨੋਡਲ ਅਫ਼ਸਰ ਡਾ. ਸੈਲੇਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਟਲੀ ਤੋਂ ਪਰਤੇ ਬਜ਼ੁਰਗ ਦੀ ਬੰਗਾ ਹਸਪਤਾਲ ’ਚ ਮੌਤ, ਕੋਰੋਨਾ ਦੀ ਜਾਂਚ ਲਈ ਲਏ ਸੈਂਪਲ
NEXT STORY