ਜਲੰਧਰ (ਰੱਤਾ,ਵਿਕਰਮ)— ਜਲੰਧਰ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਮਾਮਲਿਆਂ ਦਰਮਿਆਨ ਵੱਡੀ ਰਾਹਤ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ 'ਚ ਇਲਾਜ ਕਰਵਾ ਰਹੇ ਕੋਰੋਨਾ ਵਾਇਰਸ ਦੇ ਤਿੰਨ ਪੀੜਤਾਂ ਨੇ ਕੋਰੋਨਾ ਨੂੰ ਮਾਤ ਦਿੰਦੇ ਹੋਏ ਫਤਿਹ ਹਾਸਲ ਕਰ ਲਈ ਹੈ। ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤਣ ਵਾਲਿਆਂ 'ਚ ਜਸਬੀਰ ਸਿੰਘ ਵਾਸੀ ਰਾਜਾ ਗਾਰਡਨ, ਅਲੀ ਬਾਗ ਹੁਸੈਨ ਵਾਸੀ ਪਿੰਡ ਤਲਵੰਡੀ ਭੀਲਣ (ਨੇੜੇ ਕਰਤਾਰਪੁਰ) ਅਤੇ ਵਿਸ਼ਵ ਸ਼ਰਮਾ ਵਾਸੀ ਮਿੱਠਾ ਬਾਜ਼ਾਰ ਸ਼ਾਮਲ ਹਨ। ਵਿਸ਼ਵ ਸ਼ਰਮਾ ਕਾਂਗਰਸੀ ਆਗੂ ਦੀਪਕ ਸ਼ਰਮਾ ਦੇ ਸੰਪਰਕ 'ਚ ਰਹਿਣ ਕਰਕੇ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਵਿਸ਼ਵ ਦੀਪਕ ਸ਼ਰਮਾ ਦੇ ਬੇਹੱਦ ਨਜ਼ਦੀਕੀ ਮੰਨਿਆ ਜਾਂਦਾ ਹੈ।
ਡਾ. ਕਸ਼ਮੀਰੀ ਲਾਲ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ 'ਚ ਮਾਹਿਰ ਡਾਕਟਰਾਂ ਵੱਲੋਂ ਇਨ੍ਹਾਂ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਇਲਾਜ ਤੋਂ ਬਾਅਦ ਸਿਵਲ ਹਸਪਤਾਲ ਵੱਲੋਂ ਇਨ੍ਹਾਂ ਮਰੀਜ਼ਾਂ ਦੇ ਸੈਂਪਲ ਪਹਿਲਾਂ ਆਈ ਨੈਗੇਟਿਵ ਰਿਪੋਰਟ ਨੂੰ ਦੋਬਾਰਾ ਪੱਕਾ ਕਰਨ ਲਈ ਲੈਬਾਰਟਰੀ ਭੇਜੇ ਗਏ, ਜਿਸ 'ਚ ਇਨਾਂ ਦੀ ਰਿਪੋਰਟ ਫਿਰ ਨੈਗੇਟਿਵ ਪਾਈ ਗਈ ਅਤੇ ਜਿਸ ਉਪਰੰਤ ਇਨ੍ਹਾਂ ਨੂੰ ਅੱਜ ਸਿਵਲ ਹਸਪਤਾਲ ਤੋਂ ਛੁੱਟੀ ਦਿੱਤੀ ਗਈ।
ਇਹ ਵੀ ਪੜ੍ਹੋ: ''ਕੋਰੋਨਾ'' ਦੇ ਕਹਿਰ ਵਿਚਾਲੇ ਪ੍ਰਕਾਸ਼ ਸਿੰਘ ਬਾਦਲ ਨੇ ਇਸ ਤਰ੍ਹਾਂ ਜਾਣਿਆ ਜਲੰਧਰ ਦਾ ਹਾਲ
ਕੋਰੋਨਾ 'ਤੇ ਫਤਿਹ ਹਾਸਲ ਕਰਨ ਵਾਲੇ ਵਿਸ਼ਵ ਸ਼ਰਮਾ ਨੇ ਕਿਹਾ ਕਿ ਸਿਵਲ ਹਸਪਤਾਲ ਦੇ ਸਟਾਫ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਦਾ ਵੀ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਹੁਣ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਅੱਜੇ ਰਿਪੋਰਟ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰਦੇ ਹਨ ਕਿ ਦੀਪਕ ਸ਼ਰਮਾ ਸਣੇ ਸਾਰੇ ਉਸ ਦੇ ਭਰਾ ਜਲਦੀ ਤੋਂ ਜਲਦੀ ਆਪਣੇ ਘਰ ਪਰਤਣ।
ਇਹ ਵੀ ਪੜ੍ਹੋ: ਜਲੰਧਰ 'ਚ ਕੋਰੋਨਾ ਵਾਇਰਸ ਦਾ ਨਵਾਂ ਮਾਮਲਾ ਆਇਆ ਸਾਹਮਣੇ, ਗਿਣਤੀ 79 ਤੱਕ ਪੁੱਜੀ
ਇਸ ਮੌਕੇ ਉਨ੍ਹਾਂ ਕਿਹਾ ਕਿ ਜਲੰਧਰ ਸਿਵਲ ਹਸਪਤਾਲ ਵੱਲੋਂ ਬਹੁਤ ਹੀ ਚੰਗੀ ਤਰ੍ਹਾਂ ਨਾਲ ਉਨ੍ਹਾਂ ਦੀ ਦੇਖਭਾਲ ਕੀਤੀ ਗਈ ਸੀ, ਜਿਸ ਕਰਕੇ ਅੱਜ ਉਹ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਆਪਣੇ ਘਰ ਜਾ ਰਹੇ ਹਨ। ਇਥੇ ਦੱਸ ਦੇਈਏ ਕਿ ਜਲੰਧਰ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 79 ਤੱਕ ਪਹੁੰਚ ਚੁੱਕੀ ਹੈ ਜਦਕਿ 10 ਮਰੀਜ਼ ਕੋਰੋਨਾ 'ਤੇ ਫਤਿਹ ਹਾਸਲ ਕਰ ਚੁੱਕੇ ਹਨ।
ਅਲੀ ਬਾਗ ਹੁਸੈਨ, ਵਿਸ਼ਵ ਸ਼ਰਮਾ ਅਤੇ ਜਸਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਵਿਖੇ ਕੀਤੇ ਗਏ ਇਲਾਜ 'ਤੇ ਪੂਰਨ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਵੱਲੋਂ ਮੈਡੀਕਲ ਅਤੇ ਪੈਰਾ ਮੈਡੀਕਲ ਅਮਲੇ ਦਾ ਉਨ੍ਹਾਂ ਦਾ ਬਹੁਤ ਚੰਗੀ ਤਰ੍ਹਾਂ ਖਿਆਲ ਰੱਖਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਇਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਇਸ ਮੌਕੇ ਡਾਕਟਰਾਂ ਦੀ ਸਮੁੱਚੀ ਟੀਮ ਅਤੇ ਸਮੂਹ ਅਮਲੇ ਨੂੰ ਵਧਾਈ ਦਿੰਦੇ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ. ਹਰਜਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ 'ਚ ਸਿਹਤ ਵਿਭਾਗ ਕੋਰੋਨਾ ਵਾਇਰਸ ਖਿਲਾਫ ਜੰਗ ਜਿੱਤਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਪਲ ਬਹੁਤ ਹੀ ਸੰਤੁਸ਼ਟੀ ਅਤੇ ਮਾਣ ਭਰੇ ਹਨ ਜਦੋਂ ਇਹ ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਗਏ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲੇ 'ਚ 10 ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕੇ ਹਨ ਅਤੇ ਬਾਕੀ ਮਰੀਜ਼ ਵੀ ਜਲਦੀ ਠੀਕ ਹੋ ਰਹੇ ਹਨ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਸਰਜਨ ਨੂੰ ਕੀਤਾ ਫੋਨ, ਜਲੰਧਰ 'ਚ 'ਕੋਰੋਨਾ' ਦੇ ਜਾਣੇ ਤਾਜ਼ਾ ਹਾਲਾਤ
ਮੁੱਖ ਮੰਤਰੀ ਨੇ ਮ੍ਰਿਤਕ ਡਰਾਇਵਰ ਮਨਜੀਤ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
NEXT STORY