ਅੰਮ੍ਰਿਤਸਰ (ਛੀਨਾ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਕਹਿ ਕੇ ਕਿਸਾਨ ਅੰਦੋਲਨ ਦਾ ਅਪਮਾਨ ਕਰਨ ਦੀ ਨਿਖੇਧੀ ਕੀਤੀ ਕਿ ਕਾਂਗਰਸ ਪਾਰਟੀ ਵੱਲੋਂ ਦਿੱਤੇ ਸਹਿਯੋਗ
ਕਾਰਨ ਹੀ ਮੋਰਚਾ ਸਫ਼ਲਤਾ ਨਾਲ ਚੱਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਉਹ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਸਿਆਸੀ ਸਮਾਗਮਾਂ ’ਤੇ ਇਤਰਾਜ਼ ਕਿਉਂ ਨਹੀਂ ਕਰ ਰਿਹਾ। ਸੀਨੀਅਰ ਆਗੂ ਇਥੇ ਕਾਂਗਰਸ ਤੇ ‘ਆਪ’ ਦੇ ਸੀਨੀਅਰ ਆਗੂਆਂ ਦੇ ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਸਵਾਗਤ ਕਰਨ ਵੇਲੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਨ੍ਹਾਂ ਆਗੂਆਂ ’ਚ ਕਾਂਗਰਸ ਕਿਸਾਨ ਸੈੱਲ ਦੇ ਵਾਈਸ ਚੇਅਰਮੈਨ ਸਤਪਾਲ ਸਿੰਘ ਵਡਾਲੀ ਅਤੇ ‘ਆਪ’ ਦੇ ਸੂਬਾ ਕਮੇਟੀ ਮੈਂਬਰ ਜਸਬੀਰ ਸਿੰਘ ਵਡਾਲੀ ਤੋਂ ਇਲਾਵਾ ਰਣਜੀਤ ਸਿੰਘ ਬ੍ਰਹਮਪੁਰਾ ਦੇ ਹਲਕੇ ਤੋਂ ਆਗੂ ਸ਼ਾਮਲ ਸਨ। ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਜੋ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਆਪਣੇ ਫਾਰਮ ਹਾਊਸ ਵਿਚ ਲੁਕਿਆ ਬੈਠਾ ਹੈ, ਹੁਣ ਬਹਾਦਰ ਕਿਸਾਨਾਂ ਦੀਆਂ ਸ਼ਹਾਦਤਾਂ ਦਾ ਸਿਹਰਾ ਲੈਣਾ ਚਾਹੁੰਦਾ ਹੈ।
ਇਹ ਵੀ ਪੜ੍ਹੋ : ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਵਿਰੋਧ ’ਚ ਕਿਸਾਨ ਤੇ ਜਨਤਕ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਕਿਸਾਨ, ਜਿਨ੍ਹਾਂ ਨੇ ਸਰਦੀ, ਗਰਮੀ ਦੇ ਨਾਲ-ਨਾਲ ਮੀਂਹ ਤੇ ਝੱਖੜਾਂ ਦਾ ਵੀ ਸਾਹਮਣਾ ਕੀਤਾ, ਨਾਲ ਗਾਂਧੀ ਪਰਿਵਾਰ ਨੇ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਤਿੰਨ ਖੇਤੀ ਬਿੱਲਾਂ ਖ਼ਿਲਾਫ ਕੋਈ ਵ੍ਹਿੱਪ ਜਾਰੀ ਨਹੀਂ ਕੀਤੀ ਤੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸੰਸਦ ਦੇ ਸੈਸ਼ਨ ਵਿਚ ਹੀ ਨਹੀਂ ਗਏ, ਜਦੋਂ ਇਹ ਬਿੱਲ ਵੋਟਿੰਗ ਲਈ ਪੇਸ਼ ਕੀਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਅਸੀਂ ਇਹ ਵੀ ਜਾਣਦੇ ਹਾਂ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਤਿੰਨ ਖੇਤੀ ਐਕਟਾਂ ਦੀਆਂ ਵਿਵਸਥਾਵਾਂ ਦੀ ਹਮਾਇਤ ਕੀਤੀ ਹੈ ਤੇ ਉਸ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਏ. ਪੀ. ਐੱਮ. ਸੀ. ਦਾ ਨਿੱਜੀਕਰਨ ਕਰਨ ਦਾ ਵਾਅਦਾ ਵੀ ਸ਼ਾਮਲ ਕੀਤਾ ਸੀ। ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿਆਸੀ ਪਾਰਟੀਆਂ ਨੂੰ ਕੋਈ ਸਿਆਸੀ ਸਮਾਗਮ ਨਾ ਕਰਨ ਦੇ ਸਟੈਂਡ ਬਾਰੇ ਮਜੀਠੀਆ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਖੁਦ ਆਪਣੇ ਲਈ ਸਵਾਲ ਸਹੇੜ ਲਏ ਹਨ। ਕਾਂਗਰਸ ਪਾਰਟੀ ਨੇ ਖੇਮਕਰਨ ਤੇ ਬਟਾਲਾ ਵਿਚ ਹਾਲ ਹੀ ਵਿਚ ਸਿਆਸੀ ਸਮਾਗਮ ਕੀਤੇ ਤੇ ਕੱਲ ਵੀ ਦੋ ਕਾਂਗਰਸੀ ਮੰਤਰੀਆਂ ਨੇ ਸਮਾਗਮ ਕੀਤੇ ਤੇ ‘ਆਪ’ ਨੇ ਵੀ ਪਹਿਲਾਂ ਸਿਆਸੀ ਰੈਲੀ ਕੀਤੀ ਸੀ। ਮਜੀਠੀਆ ਨੇ ਕਿਹਾ ਕਿ ਹੁਣ ਇਹ ਸਾਹਮਣੇ ਆਇਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਆਪ ਇਹ ਹਦਾਇਤ ਕਰਨ ਵੇਲੇ ਇਕ ਮੰਚ ’ਤੇ ਨਹੀਂ ਹੈ।
ਇਹ ਵੀ ਪੜ੍ਹੋ : ਜਲੰਧਰ : ਚਿੱਤੇਆਣੀ ਪਿੰਡ ਦੇ ਕਤਲ ਕੀਤੇ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਪੱਸ਼ਟ ਕੀਤਾ ਹੈ ਕਿ ਲੜਾਈ ਸਿਰਫ ਭਾਜਪਾ ਦੇ ਖ਼ਿਲਾਫ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਖੁਦ ਮਹਿਸੂਸ ਕੀਤਾ ਹੈ ਕਿ ਇਹ ਕੌਮੀ ਪੱਧਰ ਦਾ ਕਿਸਾਨ ਅੰਦੋਲਨ ਹੈ, ਜਿਸ ਨੂੰ ਸਿਰਫ ਪੰਜਾਬ ਤੱਕ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਕਿਤੇ ਵੀ ਸਿਆਸੀ ਪਾਰਟੀਆਂ ਲਈ ਆਪਣੇ ਸਮਾਗਮ ਤੇ ਰੈਲੀਆਂ ਕਰਨ ’ਤੇ ਕੋਈ ਪਾਬੰਦੀ ਨਹੀਂ ਹੈ। ਅਕਾਲੀ ਆਗੂ ਨੇ ਕਿਹਾ ਕਿ ਜਿਥੇ ਤੱਕ ਅਕਾਲੀ ਦਲ ਦਾ ਸਵਾਲ ਹੈ ਤਾਂ ਉਹ ਕਿਸਾਨਾਂ ਦੇ ਨਾਲ ਹੈ ਤੇ ਇਸ ਨੇ 17 ਸਤੰਬਰ ਨੂੰ ਸੰਸਦ ਵਿਚ ਤਿੰਨ ਕਾਲੇ ਕਾਨੂੰਨ ਪਾਸ ਹੋਣ ਦੇ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਤਿੰਨੋਂ ਖੇਤੀ ਕਾਨੂੰਨਾਂ ਦੇ ਖਾਤਮੇ ਲਈ ਦਿੱਲੀ ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਅਰਦਾਸ ਕਰਾਂਗੇ ਅਤੇ ਫਿਰ ਸੰਸਦ ਤੱਕ ਰੋਸ ਮਾਰਚ ਕਰਾਂਗੇ। ਇਕ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੰਡਿਆਲੀ ਤਾਰ ਤੋਂ ਪਾਰ ਆਪਣੀਆਂ ਜ਼ਮੀਨਾਂ ’ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਤੋਂ 10 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਸ ਵਾਸਤੇ ਕੇਂਦਰ ਤੋਂ ਮਿਲੀ ਗਰਾਂਟ ਖੁਰਦ-ਬੁਰਦ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ’ਚ ਰੋਸ ਪ੍ਰਦਰਸ਼ਨ ਖ਼ਤਮ ਕਰਨ ਦੀ ਅਪੀਲ ਨੂੰ ਕਿਸਾਨਾਂ ਵੱਲੋਂ ਸਿਆਸੀ ਰੰਗਤ ਦੇਣਾ ਮੰਦਭਾਗਾ : ਕੈਪਟਨ
ਉਨ੍ਹਾਂ ਕਿਹਾ ਕਿ ਮੁਸ਼ਕਿਲਾਂ ਝੱਲਦੇ ਸਰਹੱਦੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤਾ ਗਿਆ ਸੀ, ਜਿਨ੍ਹਾਂ ਨੇ ਇਹ ਮਾਮਲਾ ਤੱਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਕੋਲ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਦੇ ਸਮੇਂ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਮਿਲਿਆ। ਇਕ ਹੋਰ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਲਈ ਸਹੀ ਕਦਮ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਕੇਂਦਰ ਸਰਕਾਰ ਵੱਲੋਂ ਬਹਾਲੀ ਦੇ ਨਾਂ ’ਤੇ ਕੀਤੇ ਨਵੀਨੀਕਰਨ ਨੇ ਇਸ ਯਾਦਗਾਰ ਨੂੰ ਮੈਰਿਜ ਪੈਲੇਸ ਦਾ ਰੂਪ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗਲਤੀ ਦਰੁੱਸਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਸ ਤਰੀਕੇ ਇਤਿਹਾਸ ਨਾਲ ਛੇੜਛਾੜ ਦੀ ਆਗਿਆ ਨਹੀਂ ਹੋਣੀ ਚਾਹੀਦੀ।
ਆਰਥਿਕ ਪ੍ਰੇਸ਼ਾਨੀ ਕਾਰਨ ਕੁੜੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਖ਼ਤਮ
NEXT STORY