ਚੰਡੀਗੜ੍ਹ,(ਰਮਨਜੀਤ)- ਸੂਬੇ 'ਚ ਕਰਫਿਊ ਅਧੀਨ ਲਾਈਆਂ ਰੋਕਾਂ ਨੂੰ ਅਮਲ 'ਚ ਲਿਆਉਣ ਲਈ ਨਾਗਰਿਕ ਵਿਰੁੱਧ ਵਧੀਕੀਆਂ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪੁਲਸ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਪ੍ਰਤੀ ਵਧੇਰੇ ਮਾਨਵੀ ਅਤੇ ਸੰਵੇਦਨਸ਼ੀਲ ਪਹੁੰਚ ਅਪਣਾਉਣ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਮੁਲਾਜ਼ਮਾਂ ਨੂੰ ਇਸ ਔਖੀ ਸਥਿਤੀ 'ਚ ਵੱਧ ਤੋਂ ਵੱਧ ਸੰਜਮ ਵਰਤਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਜਿੱਠਣ ਮੌਕੇ ਖਾਸ ਕਰਕੇ ਜ਼ਰੂਰੀ ਵਸਤਾਂ ਲੈਣ ਲਈ ਬਾਹਰ ਨਿਕਲਣ ਵਾਲੇ ਵਿਅਕਤੀਆਂ ਦੇ ਮਾਮਲੇ 'ਚ ਹੋਰ ਵਧੇਰੇ ਹਮਦਰਦੀ ਭਰਿਆ ਵਤੀਰਾ ਅਖਤਿਆਰ ਕੀਤਾ ਜਾਵੇ। ਕੈਪਟਨ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੀ ਆੜ 'ਚ ਜਿਸਮਾਨੀ ਕੁੱਟਮਾਰ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਪੁਲਸ ਮੁਲਾਜ਼ਮਾਂ ਨੂੰ ਸੰਵੇਦਨਸ਼ੀਲ ਹੋਣ ਲਈ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ. ਜੀ. ਪੀ. ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਜਿੱਠਣ ਮੌਕੇ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਵਾਲਿਆਂ ਨੂੰ ਤਾੜਨਾ ਕਰਨ ਲਈ ਆਖਿਆ।
ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕਰਦਿਆਂ ਹੰਗਾਮੀ ਸਥਿਤੀ ਦੀ ਸੂਰਤ 'ਚ ਹੈਲਪਲਾਈਨ ਨੰਬਰਾਂ ਆਦਿ ਰਾਹੀਂ ਪੁਲਸ ਤੇ ਸਿਵਲ ਪ੍ਰਸ਼ਾਸਨ ਕੋਲ ਪਹੁੰਚ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਨੂੰ ਘਰਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚਾ ਪੁਲਸ ਤੇ ਸਿਵਲ ਪ੍ਰ੍ਰਸ਼ਾਸਨ ਦਿਨ-ਰਾਤ ਕੰਮ ਕਰਨ 'ਚ ਜੁਟਿਆ ਹੋਇਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਜਾਂ ਔਖ ਦਾ ਸਾਹਮਣਾ ਨਾ ਕਰਨਾ ਪਵੇ। ਸਿੱਖਜ਼ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਵਲੋਂ ਜਾਰੀ ਕੀਤੇ ਰਿਕਾਰਡਿਡ ਟੈਲੀਫੋਨ ਸੰਦੇਸ਼ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਲਈ ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਣ ਲਈ ਉਸ ਦੀ ਕਿਸੇ ਵੀ ਕੋਸ਼ਿਸ਼ ਜਾਂ ਕਦਮ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਪੰਨੂੰ ਦੇ ਸੰਦੇਸ਼ 'ਤੇ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਪੰਨੂੰ ਨੂੰ ਪੰਜਾਬੀਆਂ ਦੀ ਜ਼ਿੰਦਗੀ ਦੀ ਪ੍ਰਵਾਹ ਨਹੀਂ ਹੈ, ਜਿਸ 'ਚ ਉਸ ਨੇ ਉਨ੍ਹਾਂ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਵੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਿਸੇ ਵੀ ਕਾਰਵਾਈ ਲਈ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੌਰਾਨ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਵੱਡੇ ਪੱਧਰ 'ਤੇ ਪੁਲਸ ਮੁਲਾਜ਼ਮਾਂ ਵਲੋਂ ਜ਼ਿੰਮੇਵਾਰੀ ਅਤੇ ਸਹਿਜਤਾ ਦਿਖਾਈ ਗਈ ਹੈ ਪਰ ਕੁਝ ਮਾਮਲਿਆਂ 'ਚ ਮੁਲਾਜ਼ਮਾਂ ਵਲੋਂ ਰੋਕਾਂ ਤੋੜਣ ਵਾਲਿਆਂ ਵਿਰੁੱਧ ਜ਼ਬਰਦਸਤੀ ਵਰਤੀ ਗਈ ਹੈ। ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੁਲਸ ਕਮਿਸ਼ਨਰਾਂ ਅਤੇ ਜ਼ਿਲਾ ਪੁਲਸ ਮੁਖੀਆਂ ਨੂੰ ਹੁਕਮ ਦਿੱਤੇ ਹਨ ਕਿ ਹੇਠਲੇ ਪੱਧਰ ਦੇ ਪੁਲਸ ਅਫਸਰਾਂ ਨੂੰ ਸਪੱਸ਼ਟ ਕਰ ਦਿੱਤਾ ਜਾਵੇ ਕਿ ਜਿਸਮਾਨੀ ਕੁੱਟਮਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੋਈ ਵੀ ਸਮਾਜ ਅਜਿਹੇ ਦ੍ਰਿਸ਼ਾਂ ਨੂੰ ਸਹਿਣ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਹੋਵੇ, ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਡੀ.ਜੀ.ਪੀ. ਨੇ ਕਿਹਾ ਕਿ ਅਸੀਂ ਅਜਿਹੇ ਕੁਝ ਉਲਟ ਕੰਮਾਂ ਕਰਕੇ ਸਾਡੇ ਵਲੋਂ ਕੀਤੇ ਜਾ ਰਹੇ ਨੇਕ ਕੰਮਾਂ 'ਤੇ ਧੱਬਾ ਨਹੀਂ ਲਵਾਉਣਾ ਚਾਹੁੰਦੇ।
ਭਾਰਤ ’ਚ 24 ਘੰਟਿਆਂ ’ਚ 5 ਹੋਰ ਮੌਤਾਂ, ਪੀੜਤਾਂ ਦੀ ਗਿਣਤੀ 718 ਹੋਈ
NEXT STORY